ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

 ਭਾਈ ਰਾਜੋਆਣਾ ਦੇ ਮਾਮਲੇ ਵਿਚ ਹੋ ਰਹੀ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ। ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਰਹਿਮ ਦੀ ਅਪੀਲ 'ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ। ਦੱਸ ਦੇਈਏ ਕਿ ਭਾਈ ਰਾਜੋਆਣਾ ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੀ ਰਹਿਮ ਦੀ ਅਪੀਲ ਵੀ ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ।

ਸੁਪਰੀਮ ਕੋਰਟ ਨੇ 2 ਮਾਰਚ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਕਿਉਂਕਿ ਕੇਂਦਰ ਸਰਕਾਰ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਸੀ। ਭਾਈ ਰਾਜੋਆਣਾ ਦੀ ਤਰਫੋਂ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਬੰਬ ਧਮਾਕੇ ਵਿੱਚ ਮੁੱਖ ਮੰਤਰੀ ਦੀ ਮੌਤ ਹੋ ਗਈ ਸੀ। ਇਸ ਕੇਸ ਵਿੱਚ ਜੁਲਾਈ 2007 ਵਿੱਚ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਹਾਈ ਕੋਰਟ ਨੇ 2010 ਵਿੱਚ ਇਸ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਭਾਈ ਰਾਜੋਆਣਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ 2012 ਤੋਂ ਉਨ੍ਹਾਂ ਦੀ ਰਹਿਮ ਦੀ ਅਪੀਲ ਪੈਂਡਿੰਗ ਹੈ।

ਭਾਈ ਰਾਜੋਆਣਾ ਦੀ ਤਰਫੋਂ ਮੁਕੁਲ ਰੋਹਤਗੀ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮੌਤ ਦੀ ਸਜ਼ਾ ਦੇ ਮਾਮਲੇ ਵਿੱਚ ਲੰਮੀ ਦੇਰੀ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਰਹਿਮ ਦੀ ਪਟੀਸ਼ਨ 2012 ਤੋਂ ਪੈਂਡਿੰਗ ਹੈ, ਅਸੀਂ 2023 ਵਿਚ ਆਏ ਹਾਂ, ਇਹ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ। 

ਇਸ ਤੋਂ ਬਾਅਦ ਭਾਈ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਕਿਹਾ ਕਿ ਅਸੀਂ ਰਹਿਮ ਦੀ ਅਪੀਲ 'ਤੇ ਉਨ੍ਹਾਂ ਦੇ ਫੈਸਲੇ ਦਾ ਇੰਤਜ਼ਾਰ ਨਹੀਂ ਕਰ ਸਕਦੇ, ਅਦਾਲਤ ਨੂੰ ਹੁਣ ਇਸ ਮਾਮਲੇ 'ਤੇ ਫੈਸਲਾ ਸੁਣਾਉਣਾ ਚਾਹੀਦਾ ਹੈ। ਰੋਹਤਗੀ ਨੇ ਦਲੀਲ ਦਿੱਤੀ ਕਿ ਇਹ ਅਣਮਨੁੱਖੀ ਹੈ, ਕਿਉਂਕਿ ਰਹਿਮ ਦੀ ਅਪੀਲ ਦਾ ਫੈਸਲਾ ਹੋਣ ਤੱਕ ਭਾਈ ਰਾਜੋਆਣਾ ਨੂੰ ਪੈਰੋਲ 'ਤੇ ਰਿਹਾਅ ਕੀਤਾ ਜਾ ਸਕਦਾ ਹੈ। ਰੋਹਤਗੀ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਰਹਿਮ ਦੀ ਅਪੀਲ 'ਤੇ ਫੈਸਲਾ ਕਰਨ 'ਚ ਦੇਰੀ ਲਈ ਉਸ ਵਿਰੁੱਧ ਮਾਣਹਾਨੀ ਲਈ ਵੱਖਰੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।