ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 5 ਜਨਵਰੀ ਨੂੰ ਹੋਵੇਗੀ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 5 ਜਨਵਰੀ ਨੂੰ ਹੋਵੇਗੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਜਲੰਧਰ: ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਸੂਬੇ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇੱਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪ੍ਰਵਾਸੀ ਪੰਜਾਬੀ ਆਮ ਤੌਰ ‘ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਉਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ।