ਜੂਨ '84 ਦੇ ਫੌਜੀ ਹਮਲੇ ' ਬਾਰੇ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼

ਜੂਨ '84 ਦੇ ਫੌਜੀ ਹਮਲੇ ' ਬਾਰੇ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼

40ਵੇਂ ਘੱਲੂਘਾਰਾ ਦਿਹਾੜਾ 1 ਜੂਨ ਤੋਂ 6 ਜੂਨ ਤੱਕ 'ਸ਼ਹੀਦੀ ਸਪਤਾਹ' ਵਜੋਂ ਮਨਾਓ

*ਹਰ ਸਿੱਖ ਸਿਰ 'ਤੇ ਕਾਲੀ ਦਸਤਾਰ ਸਜਾਵੇ ਤੇ ਬੀਬੀਆਂ ਕਾਲੇ ਦੁਪੱਟੇ ਲੈਣ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮਿ੍ਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨ ਨੇ ਭਾਰਤ ਦੀ ਤਤਕਾਲੀ ਕਾਂਗਰਸ ਹਕੂਮਤ ਵਲੋਂ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਫੌਜੀ ਹਮਲੇ ਨੂੰ 'ਤੀਜਾ ਘੱਲੂਘਾਰਾ' ਕਰਾਰ ਦਿੰਦਿਆਂ ਸਮੁੱਚੇ ਖਾਲਸਾ ਪੰਥ ਨੂੰ 40ਵੇਂ ਘੱਲੂਘਾਰਾ ਦਿਹਾੜੇ ਨੂੰ ਸਮਰਪਿਤ 1 ਜੂਨ ਤੋਂ 6 ਜੂਨ ਤੱਕ 'ਸ਼ਹੀਦੀ ਸਪਤਾਹ' ਮਨਾਉਣ ਦਾ ਆਦੇਸ਼ ਜਾਰੀ ਕੀਤਾ ਹੈ ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਇਕੱਤਰਤਾ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿਚੋਂ ਗਿਆਨੀ ਮੰਗਲ ਸਿੰਘ ਅਤੇ ਗਿਆਨੀ ਸੁਖਦੇਵ ਸਿੰਘ ਸ਼ਾਮਿਲ ਹੋਏ ।ਇਕੱਤਰਤਾ ਉਪਰੰਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਫੌਜ ਰਾਹੀਂ 1 ਜੂਨ ਤੋਂ 6 ਜੂਨ (1984) ਤੱਕ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਗੋਲਿਆਂ ਨਾਲ ਨਿਸ਼ਾਨਾ ਬਣਾਇਆ ਗਿਆ ਅਤੇ ਸ੍ਰੀ ਹਰਿਮੰਦਰ ਸਾਹਿਬ ਸਮੇਤ 37 ਹੋਰ ਗੁਰਧਾਮਾਂ 'ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਆਈਆਂ ਸੰਗਤਾਂ ਨੂੰ ਸ਼ਹੀਦ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਜੂਨ ਮਹੀਨੇ 40ਵਾਂ ਘੱਲੂਘਾਰਾ ਦਿਹਾੜਾ ਵੱਡੇ ਪੱਧਰ 'ਤੇ ਮਨਾਉਂਦਿਆਂ 1 ਤੋਂ 6 ਜੂਨ ਤੱਕ 'ਸ਼ਹੀਦੀ ਸਪਤਾਹ' ਮਨਾਇਆ ਜਾਵੇ ।ਇਸ ਦੌਰਾਨ ਦੇਸ਼-ਵਿਦੇਸ਼ ਦੇ ਹਰੇਕ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾ ਕੇ ਤੀਜੇ ਘੱਲੂਘਾਰੇ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ । ਸਿੰਘ ਸਾਹਿਬਾਨ ਨੇ ਆਦੇਸ਼ ਵਿਚ ਇਹ ਵੀ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਸਿੰਘ ਸ਼ਹੀਦ ਕਰ ਦਿੱਤੇ ਗਏ ਅਤੇ ਵੱਡੀ ਗਿਣਤੀ ਵਿਚ ਸਿੰਘਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ, ਜਿਨ੍ਹਾਂ ਵਿਚੋਂ ਕਈ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾਅ ਨਾ ਕਰਨ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ 4 ਤੋਂ 6 ਜੂਨ ਤੱਕ ਦੁਨੀਆ ਭਰ ਵਿਚ ਵੱਸਦਾ ਹਰ ਸਿੱਖ ਸਿਰ 'ਤੇ ਕਾਲੀ ਦਸਤਾਰ ਸਜਾਵੇ ਅਤੇ ਬੀਬੀਆਂ ਕਾਲੇ ਦੁਪੱਟੇ ਲੈਣ । ਉਨ੍ਹਾਂ ਇਹ ਵੀ ਆਦੇਸ਼ ਕੀਤਾ ਕਿ ਜੂਨ '84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ 6 ਜੂਨ ਨੂੰ ਸਵੇਰੇ 9 ਵਜੇ ਹਰੇਕ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਜਾਵੇ।