ਪਾਕਿਸਤਾਨ  ਵਿਸ਼ਵ ਦੇ ਸਿੱਖਾਂ ਨੂੰ ਵੱਡੇ ਤੋਹਫ਼ੇ ਦੇਵੇਗਾ *ਪਾਕਿਸਤਾਨੀ ਸਿੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨਾਲ ਕੀਤੀ ਮੁਲਾਕਾਤ   

ਪਾਕਿਸਤਾਨ  ਵਿਸ਼ਵ ਦੇ ਸਿੱਖਾਂ ਨੂੰ ਵੱਡੇ ਤੋਹਫ਼ੇ ਦੇਵੇਗਾ *ਪਾਕਿਸਤਾਨੀ ਸਿੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨਾਲ ਕੀਤੀ ਮੁਲਾਕਾਤ   

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ : ਪਾਕਿਸਤਾਨ ਅੰਦਰ ਘੱਟ ਗਿਣਤੀ ਵਜੋਂ ਜਾਣੇ ਜਾਂਦੇ ਸਿੱਖਾਂ ਨੂੰ ਮਾਣ ਸਨਮਾਨ ਦਿੰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਸ਼ਾਹਬਾਜ਼ ਸ਼ਰੀਫ਼ ਨੇ ਆਉਣ ਵਾਲੇ ਦਿਨਾਂ ਵਿਚ ਦੁਨੀਆ ਭਰ ਦੇ ਸਿੱਖਾਂ ਨੂੰ ਵੱਡੇ ਤੋਹਫ਼ੇ ਦੇਣ ਦਾ ਭਰੋਸਾ ਦਿੱਤਾ ਗਿਆ ਹੈ।ਪ੍ਰਧਾਨ ਮੰਤਰੀ ਹਾਊਸ ਇਸਲਾਮਾਬਾਦ ਪਾਕਿਸਤਾਨ ਵਿਖੇ ਲਹਿੰਦੇ ਪੰਜਾਬ ਪਾਕਿਸਤਾਨ ਤੋਂ ਮੁਸਲਿਮ ਲੀਗ ਪਾਰਟੀ ਦੇ ਸਭ ਤੋਂ ਪਹਿਲਾਂ ਪਿਛਲੇ ਸਮੇਂ ਚੁਣੇ ਗਏ ਇਕਲੌਤੇ ਸਿੱਖ ਵਿਧਾਇਕ ਤੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਪ੍ਰਧਾਨ ਮੰਤਰੀ ਮੀਆਂ ਸ਼ਹਿਬਾਜ਼ ਸ਼ਰੀਫ਼ ਨਾਲ ਮੁਲਾਕਾਤ ਕਰਕੇ ਦੁਨੀਆ ਭਰ ਤੋਂ ਪਾਕਿਸਤਾਨ ਆਉਣ ਵਾਲੇ ਸਿੱਖ ਸੰਗਤਾਂ ਲਈ ਵਿਸ਼ੇਸ਼ ਸਹੂਲਤਾਂ ਦਿਵਾਉਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਹਿੰਦੇ ਪੰਜਾਬ ਪਾਕਿਸਤਾਨ ਤੋਂ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ  ਇਸਲਾਮਾਬਾਦ ਵਿਖੇ ਪ੍ਰਧਾਨ ਮੰਤਰੀ ਪਾਕਿਸਤਾਨ ਮੀਆਂ ਸ਼ਹਿਬਾਜ਼ ਸ਼ਰੀਫ਼ ਨਾਲ ਕਰੀਬ ਇਕ ਘੰਟਾ ਮੁਲਾਕਾਤ ਕੀਤੀ ਗਈ ਜਿਸ ਵਿਚ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਪਾਕਿਸਤਾਨ ਨੂੰ ਬੇਨਤੀ ਕੀਤੀ ਗਈ ਕਿ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਦੀ ਮੰਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਭਾਰਤ ਵਾਲੇ ਪਾਸਿਓਂ ਆਉਣ ਵਾਲੇ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਵਾਸਤੇ ਪਾਕਿਸਤਾਨ ਸਰਕਾਰ ਵੱਲੋਂ ਲਗਾਈ ਗਈ ਵੀਹ ਡਾਲਰ ਫ਼ੀਸ ਬਿਲਕੁਲ ਮਾਫ਼ ਕਰਨ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੀਆਂ ਸ਼ਾਹਬਾਜ਼ ਸ਼ਰੀਫ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਇਸ ਦੇ ਸੁਖਾਵੇਂ ਹੱਲ ਕੱਢ ਕੇ ਭਾਰਤ ਤੋਂ ਪਾਕਿਸਤਾਨ ਆਉਣ ਵਾਲੀਆਂ ਸੰਗਤਾਂ ਨੂੰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਰਮੇਸ਼ ਸਿੰਘ ਅਰੋੜਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਇਹ ਵੀ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤ ਤੋਂ ਦਰਸ਼ਨਾਂ ਲਈ ਕਰਤਾਰਪੁਰ ਆਉਣ ਵਾਲੀਆਂ ਸੰਗਤਾਂ ਜਿਨ੍ਹਾਂ ਨੂੰ ਦਰਸ਼ਨ ਦੀਦਾਰਿਆਂ ਲਈ ਕੁਝ ਘੰਟੇ ਹੀ ਮਿਲਦੇ ਹਨ ਤੇ ਵਾਪਸ ਭਾਰਤ ਪਰਤਣਾ ਪੈਂਦਾ ਹੈ। ਉਨ੍ਹਾਂ ਸੰਗਤਾਂ ਲਈ ਘੱਟ ਤੋਂ ਘੱਟ ਚੌਵੀ ਘੰਟੇ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ ਤਾਂ ਜੋ ਭਾਰਤ ਤੋਂ ਆਉਣ ਵਾਲੀਆਂ ਸੰਗਤਾਂ ਚੌਵੀ ਘੰਟੇ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਪਾਕਿਸਤਾਨ ਵਿਖੇ ਰੁਕ ਕੇ ਸਵੇਰੇ ਆਸਾ ਦੀ ਵਾਰ ਤੇ ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦਾ ਪਾਠ ਸਰਵਣ ਕਰ ਕੇ ਰਾਤ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਬਿਤਾ ਸਕਣ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਠ ਨਵੰਬਰ ਨੂੰ ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਆਉਣ ਦਾ ਵੀ ਪਾਕਿਸਤਾਨ ਸਿੱਖ ਸੰਗਤਾਂ ਵੱਲੋਂ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸਿੱਖ ਸੰਗਤਾਂ ਦਾ ਸੱਦਾ ਪ੍ਰਵਾਨ ਕਰਦਿਆਂ ਪ੍ਰਧਾਨ ਮੰਤਰੀ ਮੀਆਂ ਸ਼ਹਿਬਾਜ਼ ਸ਼ਰੀਫ਼ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ੍ਰੀ ਨਨਕਾਣਾ ਸਾਹਿਬ ਤੇ ਇਸ ਤੋਂ ਪਹਿਲਾਂ ਉਹ ਆਪਣੇ ਪਰਿਵਾਰ ਨਾਲ ਨਤਮਸਤਕ ਹੋਣ ਲਈ ਜਲਦ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਜਾਣਗੇ। ਸਰਦਾਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਾਕਿਸਤਾਨੀ ਸਿੱਖ ਸੰਗਤਾਂ ਨੂੰ ਸਹੂਲਤਾਂ ਦਿਵਾਉਣ ਲਈ ਵੀ ਗੱਲਬਾਤ ਕੀਤੀ ਗਈ।