ਪਾਕਿਸਤਾਨ ’ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ

ਪਾਕਿਸਤਾਨ ’ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ

ਪਿਸ਼ਾਵਰ ਵਿਚ ਅਣਪਛਾਤੇ ਵਿਅਕਤੀਆਂ ਨੇ  ਮਾਰੀਆਂ ਗੋਲੀਆਂ

*ਭਾਰਤ ਨੇ ਪਾਕਿ ਕੋਲ ਰੋਸ ਦਰਜ ਕਰਵਾਇਆ 

*ਸਿੱਖਾਂ ਦੀ ਹੱਤਿਆ ਦੀ ਅਕਾਲ ਤਖਤ ਦੇ ਜਥੇਦਾਰ ,ਕਾਂਗਰਸ ਤੇ ਆਪ ,ਬਾਦਲ ਦਲ ਤੇ ਸ੍ਰੋਮਣੀ ਕਮੇਟੀ ਵੱਲੋਂ ਨਿੰਦਾ 

 

ਅੰਮ੍ਰਿਤਸਰ ਟਾਈਮਜ਼

ਪਿਸ਼ਾਵਰ :ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿਚ  ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਕਰ ਦਿੱਤੀ। ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਗੜਬੜ ਵਾਲੇ ਸੂਬੇ ਵਿਚ ਸਿਖਾਂ ਨੂੰ ਨਿਸ਼ਾਨਾ ਬਣਾ ਕੇ ਜਾਨੋਂ ਮਾਰਨ ਦੀ ਇਹ ਤਾਜ਼ੀ ਘਟਨਾ ਹੈ। ਮ੍ਰਿਤਕਾਂ ਦੀ ਪਛਾਣ ਕੰਵਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਵਜੋਂ ਹੋਈ ਹੈ। ਸਦਰ ਐੱਸਪੀ ਅਤੀਕ ਹੁਸੈਨ ਨੇ  ਦੱਸਿਆ ਕਿ ਅਤਿਵਾਦ ਦੇ ਟਾਕਰੇ ਲਈ ਬਣੇ ਵਿਭਾਗ ਨੇ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ,‘‘ਇਹ ਦਹਿਸ਼ਤੀ ਹਮਲਾ ਜਾਪਦਾ ਹੈ। ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਸ਼ੱਕੀਆਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਦੋਹਾਂ ਦੀਆਂ ਪਿਸ਼ਾਵਰ ਤੋਂ ਕਰੀਬ 17 ਕਿਲੋਮੀਟਰ ਸਰਬੰਦ ਦੇ ਬਾਟਾਤਾਲ ਬਾਜ਼ਾਰ ’ਚ ਕਰਿਆਨੇ ਅਤੇ ਮਸਾਲਿਆਂ ਆਦਿ ਦੀਆਂ ਦੁਕਾਨਾਂ ਸਨ। ਸਿੱਖਾਂ ਦੀ ਹੱਤਿਆ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈਹੈ।’’ ਇਸ ਘਟਨਾ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਸਖ਼ਤ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਪਾਕਿਸਤਾਨ ਵਿਚ ਵਸਦੇ ਘੱਟ ਗਿਣਤੀ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਹੈ।

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਿੱਖਾਂ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਦੁਸ਼ਮਣੀ ਕਾਰਨ ‘ਅਤਿਵਾਦ ਦੇ ਕਾਰੇ’ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੇਸ਼ ਦੇ ਦੁਸ਼ਮਣਾਂ ਨੂੰ ਖ਼ਤਮ ਕਰਨ ਦਾ ਅਹਿਦ ਲਿਆ। ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਨੂੰ ਗ਼ੈਰ-ਮੁਸਲਿਮਾਂ ਦੇ ਜਾਨ-ਮਾਲ ਦੀ ਰੱਖਿਆ ਕਰਨ ਲਈ ਕਦਮ ਉਠਾਉਣ ਦੀ ਅਪੀਲ ਕੀਤੀ। ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਰਾਣਾ ਸਨਾਉੱਲ੍ਹਾ ਨੇ ਹਮਲੇ ਲਈ ਖੈਬਰ ਪਖਤੂਨਖਵਾ ਸਰਕਾਰ ਦੀ ਆਲੋਚਨਾ ਕਰਦਿਆਂ ਸੂਬੇ ਦੇ ਮੁੱਖ ਸਕੱਤਰ ਤੇ ਆਈਜੀ ਤੋਂ ਰਿਪੋਰਟ ਮੰਗ ਲਈ ਹੈ। ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਨੇ ਸਿੱਖਾਂ ਦੀ ਹੱਤਿਆ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਹਮਲੇ ਦੀ ਨਿਖੇਧੀ ਕਰਦਿਆਂ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਫ਼ੌਰੀ ਕਦਮ ਉਠਾਏ ਜਾਣ। ਉਨ੍ਹਾਂ ਕਿਹਾ ਕਿ ਇਹ ਘਟਨਾ ਸੂਬੇ ਵਿਚ ਧਾਰਮਿਕ ਸਦਭਾਵਨਾ ਦੇ ਮਾਹੌਲ ਨੂੰ ਵਿਗਾੜਨ ਦੀ ਸਾਜ਼ਿਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਸਿੱਖ ਭਾਈਚਾਰੇ ਨੂੰ ਖੈਬਰ ਪਖਤੂਨਖਵਾ ਵਿਚ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਮੰਗ ਕੀਤੀ ਕਿ ਪੁਲੀਸ ਸਾਜ਼ਿਸ਼ਕਾਰਾਂ ਦੀ ਤੁਰੰਤ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ। ਆਲ ਪਾਕਿਸਤਾਨ ਉਲੇਮਾ ਕੌਂਸਲ ਨੇ ਵੀ ਹੱਤਿਆਵਾਂ ਦੀ ਨਿਖੇਧੀ ਕਰਦਿਆਂ ਪਿਸ਼ਾਵਰ ਪ੍ਰਸ਼ਾਸਨ ਨੂੰ ਗ਼ੈਰ-ਮੁਸਲਿਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਪਿਸ਼ਾਵਰ ਵਿਚ ਕਰੀਬ 15 ਹਜ਼ਾਰ ਸਿੱਖ ਰਹਿੰਦੇ ਹਨ ਅਤੇ ਇਨ੍ਹਾਂ ਵਿਚੋਂ ਜ਼ਿਆਦਾਤਰ ਸਿੱਖ ਆਪਣਾ ਕਾਰੋਬਾਰ ਕਰਦੇ ਹਨ ਤੇ ਕੁਝ ਦੀਆਂ ਫਾਰਮੇਸੀਆਂ ਵੀ ਹਨ। ਸਾਲ 2020 ਵਿਚ ਨਿਊਜ਼ ਚੈਨਲ ਦੇ ਐਂਕਰ ਰਵਿੰਦਰ ਸਿੰਘ ਦੀ ਸ਼ਹਿਰ ਵਿਚ ਹੱਤਿਆ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ 2018 ਵਿਚ ਚਰਨਜੀਤ ਸਿੰਘ ਅਤੇ 2016 ਵਿਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੈਸ਼ਨਲ ਅਸੈਂਬਲੀ ਵਿਚ ਮੈਂਬਰ ਸੋਰੇਨ ਸਿੰਘ ਦੀ ਪਿਸ਼ਾਵਰ ਵਿਚ ਹੱਤਿਆ ਕਰ ਦਿੱਤੀ ਗਈ ਸੀ।

                                                      ਹੱਤਿਆਵਾਂ ਦੀ ਨਿਖੇਧੀ

 ਪਿਸ਼ਾਵਰ ਵਿਚ ਦੋ ਸਿੱਖ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਪਾਕਿਸਤਾਨ ਅਤੇ ਖੈਬਰ ਪਖਤੂਨਖਵਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿਚ ਵਸਦੇ ਸਿੱਖ ਮੁਲਕ ਨੂੰ ਪਿਆਰ ਕਰਦੇ ਹਨ ਪਰ ਕੁਝ ਤਾਕਤਾਂ ਸਿੱਖਾਂ ਅਤੇ ਮੁਸਲਮਾਨਾਂ ਦੀ ਸਾਂਝ ਤੋੜਨਾ ਚਾਹੁੰਦੀਆਂ ਹਨ। ‘ਸਰਕਾਰ ਇਨ੍ਹਾਂ ਤਾਕਤਾਂ ਨੂੰ ਬੇਨਕਾਬ ਕਰੇ ਅਤੇ ਸਿੱਖਾਂ ’ਤੇ ਜ਼ੁਲਮ ਦੀਆ ਘਟਨਾਵਾਂ ਨੂੰ ਰੋਕਿਆ ਜਾਵੇ।’ ਉਧਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਦੀ ਪਿਸ਼ਾਵਰ ਵਿਚ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਵਲੋਂ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਵਿਚ ਡਰ ਦੀ ਭਾਵਨਾ ਵਧ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਏ। ਇਸ ਦੌਰਾਨ ਸਿੱਖ ਜਥੇਬੰਦੀ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਕੋਲੋਂ ਫਿਰੌਤੀ ਦੀ ਰਕਮ ਮੰਗੀ ਜਾਂਦੀ ਹੈ। ਰਕਮ ਨਾ ਦੇਣ ’ਤੇ ਉਨ੍ਹਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਵਿਚ ਨਵੀਂ ਬਣੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਵੇ। 

 ਭਾਰਤ ਨੇ ਖੈਬਰ ਪਖਤੂਨਖਵਾ ਸੂਬੇ ਵਿਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜਾਂਚ ਸੰਜੀਦਗੀ ਨਾਲ ਕਰਨ ਲਈ ਪਾਕਿਸਤਾਨ ਨੂੰ ਆਖਦਿਆਂ ਮੰਗ ਕੀਤੀ ਹੈ ਕਿ ਇਸ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਉਣ ’ਤੇ ਪਾਕਿਸਤਾਨ ਕੋਲ ਤਿੱਖਾ ਰੋਸ ਦਰਜ ਕਰਵਾਇਆ ਹੈ। ਬਾਗਚੀ ਨੇ ਕਿਹਾ ਕਿ ਭਾਰਤ ਆਸ ਕਰਦਾ ਹੈ ਕਿ ਪਾਕਿਸਤਾਨ ਸਰਕਾਰ ਆਪਣੇ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਲਾਮਤੀ ਲਈ ਕਦਮ ਉਠਾਏਗੀ। 

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਪਿਸ਼ਾਵਰ ਵਿਚ ਦੋ ਸਿੱਖਾਂ ਦੀ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ‘ਟਾਰਗੇਟ ਕਿਲਿੰਗ’ ਦੱਸਿਆ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਆਖਿਆ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਾਈ ਜਾਵੇ ਤਾਂ ਜੋ ਇਹ ਪਤਾ ਲੱਗ ਸਕੇ ਕਿ ਕਿਹੜੀਆਂ ਤਾਕਤਾਂ ਪਾਕਿਸਤਾਨ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਸਬੰਧ ਵਿਚ ਉਨ੍ਹਾਂ ਪਿਸ਼ਾਵਰ ਦੇ ਸਿੱਖਾਂ ਅਤੇ ਪੀਐੱਸਜੀਪੀਸੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਸ਼ਾਵਰ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਪਹਿਲਾਂ ਵੀ ਟਾਰਗੈਟ ਕਿਲਿੰਗ ਹੋ ਚੁੱਕੀਆਂ ਹਨ ਅਤੇ ਸਿੱਖ ਭਾਈਚਾਰੇ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਕਿਹਾ ਹੈ ਕਿ ਉਹ ਪਾਕਿਸਤਾਨ ਵਿਚ ਰਹਿੰਦੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਦਾ ਮੁੱਦਾ ਗੁਆਂਢੀ ਮੁਲਕ ਦੀ ਸਰਕਾਰ ਕੋਲ ਉਠਾਉਣ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼ ਮਿਲਣਾ ਚਾਹੀਦਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿਸ਼ਾਵਰ ਵਿਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਨਿਖੇਧੀ ਕੀਤੀ ਹੈ । ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਸਿੱਖ ਤੇ ਹਿੰਦੂ ਘੱਟ ਗਿਣਤੀਆਂ ਨੂੰ ਵਿਸ਼ੇਸ਼ ਤੌਰ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪਾਕਿ ਵਿਚ ਘੱਟ ਗਿਣਤੀਆਂ ਦੇ ਹਿਤਾਂ ਦੀ ਰਾਖੀ ਦਾ ਮੁੱਦਾ ਕੌਮਾਂਤਰੀ ਮੰਚਾਂ 'ਤੇ ਉਠਾਉਣ ।