550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵਿਚਾਲੇ ਬਣਨ ਲੱਗਿਆ ਤਾਲਮੇਲ

550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵਿਚਾਲੇ ਬਣਨ ਲੱਗਿਆ ਤਾਲਮੇਲ

ਅੰਮ੍ਰਿਤਸਰ: ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵਿੱਚ ਤਾਲਮੇਲ ਬਣਾਉਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਤਹਿਤ ਬੀਤੇ ਕੱਲ੍ਹ ਤਾਲਮੇਲ ਕਮੇਟੀ ਦੀ ਬੈਠਕ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਿਲ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਈ ਜਿਸ ਵਿੱਚ ਦੋਵਾਂ ਧਿਰਾਂ ਨੇ ਮੁੱਖ ਸਮਾਗਮ ਇੱਕ ਮੰਚ ਤੋਂ ਸਾਂਝੇ ਤੌਰ ਉੱਤੇ ਮਨਾਉਣ ਦੀ ਸਹਿਮਤੀ ਦੇ ਦਿੱਤੀ ਹੈ।  ਇਹ ਸਮਾਗਮ ਕਿਸ ਮੰਚ ’ਤੇ ਹੋਵੇਗਾ ਅਤੇ ਇਸ ਦੇ ਪ੍ਰਬੰਧ ਕੌਣ ਕਰੇਗਾ, ਫਿਲਹਾਲ ਇਸ ਬਾਰੇ ਕੁੱਝ ਵੀ ਤੈਅ ਨਹੀਂ ਹੈ। 

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਨਾਲ ਜਾ ਜੇ ਸਮਾਗਮਾਂ ਲਈ ਇਕੱਲੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਸੱਦਾ ਦੇਣ ਤੋਂ ਨਰਾਜ਼ ਪੰਜਾਬ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇਸ ਬੈਠਕ ਵਿੱਚ ਸ਼ਾਮਲ ਨਹੀਂ ਹੋਏ। 

ਇਸ ਬੈਠਕ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਨੁਮਾਇੰਦੇ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ, ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਵੱਲੋਂ ਬਾਬਾ ਨਾਰੰਗ ਸਿੰਘ ਸ਼ਾਮਲ ਹੋਏ। ਲਗਪਗ ਇੱਕ ਘੰਟਾ ਚੱਲੀ ਮੀਟਿੰਗ ਮਗਰੋਂ ਸਾਂਝੇ ਪੱਤਰਕਾਰ ਸੰਮੇਲਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਸਦਭਾਵਨਾ ਵਾਲੇ ਮਾਹੌਲ ਵਿੱਚ ਅਤੇ ਸੁਹਿਰਦ ਭਾਵਨਾ ਨਾਲ ਕੀਤੀ ਗਈ ਹੈ। ਦੋਵਾਂ ਧਿਰਾਂ 550 ਸਾਲਾ ਪ੍ਰਕਾਸ਼ ਪੁਰਬ ਇੱਕ ਦੂਜੇ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤ ਹਨ। 

ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਦੇਸ਼ ਦਿੱਤਾ ਗਿਆ ਹੈ ਕਿ ਮੁੱਖ ਸਮਾਗਮ ਸਾਰੀਆਂ ਧਿਰਾਂ ਇੱਕ ਮੰਚ ਤੋਂ ਸਾਂਝੇ ਤੌਰ ਉੱਤੇ ਮਨਾਉਣ, ਇਸ ਲਈ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਦੋਵੇਂ ਇਸ ਆਦੇਸ਼ ਮੁਤਾਬਕ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਗਮ ਨੂੰ ਰਲ-ਮਿਲਕੇ ਮਨਾਉਣ ਲਈ ਯਤਨਸ਼ੀਲ ਹਨ। 

ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਮੀਟਿੰਗ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਇਕੱਠੇ ਹੋ ਕੇ ਆਪਸੀ ਸਹਿਯੋਗ ਨਾਲ ਮਨਾਉਣ ਦਾ ਫੈਸਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇੱਕ ਨਿਮਾਣੇ ਸਿੱਖ ਵਜੋਂ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੇ ਹੱਕ ਵਿੱਚ ਹਨ। ਸ਼੍ਰੋਮਣੀ ਕਮੇਟੀ ਨੇ ਵੀ ਪ੍ਰੋਗਰਾਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤੀ ਦਿੱਤੀ ਹੈ।  

ਪਿਛਲੀ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਚਾਲੇ ਮੀਟਿੰਗ ਹੋਵੇਗੀ, ਜਿਸ ਵਿੱਚ ਆਪਸੀ ਸਹਿਮਤੀ ਨਾਲ ਸਾਰੇ ਪ੍ਰੋਗਰਾਮ ਤੈਅ ਕਰ ਲਏ ਜਾਣਗੇ ਪਰ ਇਹ ਮੀਟਿੰਗ ਹੁਣ ਤਕ ਨਹੀਂ ਹੋ ਸਕੀ ਹੈ। ਹੁਣ ਮੁੜ ਉਮੀਦ ਪ੍ਰਗਟਾਈ ਗਈ ਹੈ ਕਿ ਜਲਦੀ ਹੀ ਇਹ ਮੀਟਿੰਗ ਹੋਵੇਗੀ। ਇਥੇ ਦੱਸਣਯੋਗ ਹੈ ਕਿ ਹੁਣ ਤਕ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿੱਚ ਆਪੋ ਆਪਣੇ ਮੰਚ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਮੁੱਖ ਸਮਾਗਮ ਪਹਿਲਾਂ ਹੋਏ ਸ਼ਤਾਬਦੀ ਸਮਾਗਮਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਮੰਚ ਤੋਂ ਹੀ ਮਨਾਇਆ ਜਾਵੇ। ਅੱਜ ਦੀ ਇਸ ਮੀਟਿੰਗ ਵਿਚ ਮੁੱਖ ਸਕੱਤਰ ਡਾ. ਰੂਪ ਸਿੰਘ ਵੀ ਸ਼ਾਮਲ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਕੈਬਨਿਟ ਮੰਤਰੀ ਚੰਨੀ ਨੂੰ ਸਿਰੋਪਾਓ ਦਿੱਤਾ ਗਿਆ ਅਤੇ ਧਾਰਮਿਕ ਪੁਸਤਕਾਂ ਦੇ ਸੈੱਟ ਨਾਲ ਸਨਮਾਨਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਵੀ ਟੇਕਿਆ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।