ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣਾ ਪਾਰਟੀ ਦੀ ਵੱਡੀ ਗਲਤੀ ਸੀ: ਪਰਮਿੰਦਰ ਸਿੰਘ ਢੀਂਡਸਾ

ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣਾ ਪਾਰਟੀ ਦੀ ਵੱਡੀ ਗਲਤੀ ਸੀ: ਪਰਮਿੰਦਰ ਸਿੰਘ ਢੀਂਡਸਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿੰਮੇਵਾਰੀ ਮੰਨਦਿਆਂ ਕਿਹਾ ਕਿ ਇਹ ਬਾਦਲ ਦਲ ਦੀ ਵੱਡੀ ਗਲਤੀ ਸੀ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਗੱਲ ਮੰਨਣ ਵਿਚ ਕੋਈ ਹਰਜ ਨਹੀਂ ਕਿ ਸਰਕਾਰਾਂ ਕਈ ਵਾਰ ਗਲਤ ਫ਼ੈਸਲੇ ਵੀ ਲੈ ਲੈਂਦੀਆਂ ਹਨ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਬਾਰੇ ਸੱਚਾਈ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਅਕਾਲੀਆਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਐੱਸਆਈਟੀ ਸਾਹਮਣੇ ਸੁਖਬੀਰ ਸਿੰਘ ਬਾਦਲ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਉਹ ਕੋਈ ਮਾਨਤਾ ਨਹੀਂ ਦਿੰਦੇ। ਲੋਕ ਸਭਾ ਚੋਣ ਲੜਨ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਜੇ ਪਾਰਟੀ ਚੋਣ ਲੜਨ ਲਈ ਕਹੇਗੀ ਤਾਂ ਉਹ ਜ਼ਰੂਰ ਲੜਨਗੇ। 

ਢੀਂਡਸਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਉਹ ਹਰ ਧਰਮ ਨੂੰ ਮੰਨਣ ਵਾਲੇ ਵਿਅਕਤੀਆਂ ਕੋਲ ਵੋਟ ਮੰਗਣ ਜਾਣਗੇ ਪਰ ਕਿਸੇ ਡੇਰੇ ’ਤੇ ਬਿਲਕੁਲ ਨਹੀਂ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ