ਦੇਸ਼ ਵੰਡ  ਦੌਰਾਨ ਭਿਅੰਕਰ ਕਤਲੇਆਮ 'ਚ ਪੀੜਤਾਂ ਨੂੰ ਸ਼ਰਧਾਂਜਲੀ

ਦੇਸ਼ ਵੰਡ  ਦੌਰਾਨ ਭਿਅੰਕਰ ਕਤਲੇਆਮ  'ਚ  ਪੀੜਤਾਂ ਨੂੰ ਸ਼ਰਧਾਂਜਲੀ

*ਦੇਸ਼ ਵੰਡ ਵੇਲੇ ਦੋਵਾਂ ਮੁਲਕਾਂ ਦੇ ਮਾਰੇ ਗਏ 10 ਲੱਖ ਲੋਕਾਂ ਦੀ ਯਾਦ ਵਿੱਚ  ਅਕਾਲ ਤਖਤ ਸਾਹਿਬ ਵਿਖੇ ਅਰਦਾਸ

*ਅਕਾਲ ਤਖਤ ਸਣੇ ਹੋਰ ਇਤਿਹਾਸਕ ਗੁਰਦੁਆਰਿਆਂ ’ਵਿਚ ਦਿੱਤੀਆਂ ਸ਼ਰਧਾਂਜਲੀਆਂ

*ਵੰਡ ਦਾ ਸ਼ਿਕਾਰ ਹੋਏ ਲੋਕਾਂ ਨੂੰ ਆਪਣੀ ਜਨਮ ਭੋਇੰ ਦੇਖਣ ਵਾਸਤੇ ਵੀਜ਼ੇ ਦੇਣ ਦੀ ਅਪੀਲ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ: 1947 ਵਿੱਚ ਦੇਸ਼ ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਮਾਰੇ ਗਏ ਦਸ ਲੱਖ ਲੋਕਾਂ ਦੀ ਯਾਦ ਵਿੱਚ ਇੱਥੇ  ਅਕਾਲ ਤਖ਼ਤ ਵਿਖੇ ਸਮੂਹਿਕ ਅਰਦਾਸ ਕੀਤੀ ਗਈ ਹੈ।  ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਵਿੱਚ ਸ਼ਾਮਲ ਹੁੰਦਿਆਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਉਹ ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਆਪੋ ਆਪਣੀਆਂ ਸੰਸਦਾਂ ਵਿੱਚ ਸ਼ੋਕ ਮਤੇ ਪਾਸ ਕਰਨ ਅਤੇ ਉਸ ਵੇਲੇ ਉਜਾੜੇ ਦਾ ਸ਼ਿਕਾਰ ਹੋਏ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀ ਜਨਮ ਭੋਇੰ ਵੇਖਣ ਵਾਸਤੇ ਵੀਜ਼ੇ ਦਿੱਤੇ ਜਾਣ।ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਵਰ੍ਹੇ ਬੀਤ ਗਏ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਦੇਸ਼ ਵੰਡ ਵੇਲੇ ਮਾਰੇ ਗਏ ਲੋਕਾਂ ਨੂੰ ਯਾਦ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਅੱਜ ਇਨ੍ਹਾਂ ਮਾਰੇ ਗਏ ਲੋਕਾਂ ਦੀ ਯਾਦ ਵਿਚ ਸਮੂਹਿਕ ਅਰਦਾਸ ਕੀਤੀ ਗਈ ਹੈ। ਇਹ ਅਰਦਾਸ ਸਿਰਫ ਸ੍ਰੀ ਅਕਾਲ ਤਖ਼ਤ ਵਿਖੇ ਹੀ ਨਹੀਂ, ਸਗੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਕਈ ਇਤਿਹਾਸਕ ਗੁਰਦੁਆਰਿਆਂ ਵਿੱਚ ਵੀ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੀ ਆਜ਼ਾਦੀ ਵਿੱਚ ਜਿਨ੍ਹਾਂ ਦੋ ਸੂਬਿਆਂ ਪੰਜਾਬ ਅਤੇ ਬੰਗਾਲ ਨੇ ਅਹਿਮ ਭੂਮਿਕਾ ਨਿਭਾਈ ਸੀ ਤੇ ਵਧੇਰੇ ਸ਼ਹਾਦਤਾਂ ਦਿਤੀਆਂ ਸਨ, ਉਨ੍ਹਾਂ ਦੋਵਾਂ ਸੂਬਿਆਂ ਨੂੰ ਹੀ ਵੰਡ ਵੇਲੇ ਸਜ਼ਾ ਦਿੱਤੀ ਗਈ ਹੈ। ਇਹ ਵੰਡ ਵੇਲੇ ਦੋਵਾਂ ਸੂਬਿਆਂ ਦੇ ਲੋਕ ਵੰਡੇ ਗਏ ਤੇ ਮਾਰੇ ਗਏ ਅਤੇ ਸਮੁੱਚਾ ਸੰਤਾਪ ਵੀ ਇਨ੍ਹਾਂ ਦੋਵਾਂ ਸੂਬਿਆਂ ਦੇ ਲੋਕਾਂ ਨੂੰ ਹੰਢਾਉਣਾ ਪਿਆ। ਉਨ੍ਹਾਂ ਕਿਹਾ ਕਿ ਵੰਡ ਵੇਲੇ ਦੇ ਪ੍ਰਭਾਵਤ ਇਹ ਲੋਕ ਅੱਜ ਇਸ ਵੇਲੇ ਵਡੇਰੀ ਉਮਰ ਵਿੱਚ ਹਨ ਅਤੇ ਆਪਣੀ ਜਨਮ ਭੋਇੰ ਦੇਖਣਾ ਚਾਹੁੰਦੇ ਹਨ। ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਲੋਕਾਂ ਨੂੰ ਸੁਖਾਲੇ ਵੀਜ਼ੇ ਦਿੱਤੇ ਜਾਣ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਾਲ ਜਾਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਦੋਵੇਂ ਪਾਸੇ ਧਰਮ ਅਸਥਾਨਾਂ ਦੀ ਯਾਤਰਾਂ ਵਾਸਤੇ ਹਰ ਧਰਮ ਦੇ ਲੋਕਾਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ੇ ਦੇਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰੀ ਤੇ ਸੰਗਤ ਹਾਜ਼ਰ ਸੀ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਵੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਭਾਵੇਂ ਭਾਰਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਪਰ ਪੰਜਾਬੀਆਂ ਅਤੇ ਖਾਸਕਰ ਸਿੱਖਾਂ ਨੂੰ ਆਪਣਾ ਦਰਦ ਨਹੀਂ ਭੁੱਲਦਾ । ਉਨ੍ਹਾਂ ਕਿਹਾ ਕਿ ਦੇਸ਼ ਵੰਡ ਦੌਰਾਨ ਪੰਜਾਬ ਦੇ ਸੱਭਿਆਚਾਰ 'ਤੇ ਵੱਡੀ ਸੱਟ ਮਾਰੀ ਗਈ ਅਤੇ ਗੁਰੂ ਸਾਹਿਬਾਨ ਦੇ ਨਾਂ 'ਤੇ ਵੱਸਦੇ ਪੰਜਾਬ ਦੇ ਦੋ ਟੁੱਕੜੇ ਕਰ ਦਿੱਤੇ ਗਏ ।ਬਹੁਤ ਸਾਰੇ ਸਿੱਖ ਗੁਰਧਾਮ ਪਾਕਿਸਤਾਨ ਵਾਲੇ ਪਾਸੇ ਰਹਿ ਗਏ, ਜਿਨ੍ਹਾਂ ਵਿਚੋਂ ਕੁਝ ਅਸਥਾਨਾਂ ਦੀ ਸੰਭਾਲ ਠੀਕ ਢੰਗ ਨਾਲ ਹੋ ਰਹੀ ਹੈ, ਜਦਕਿ ਬਾਕੀ ਅਣਗੌਲੇ ਜਾ ਰਹੇ ਹਨ, ਜਿਸ ਸੰਬੰਧੀ ਸਰਕਾਰਾਂ ਨੂੰ ਧਿਆਨ ਦੇਣਾ ਚਾਹੀਦਾ ਹੈ । ਉਹ ਇਸ ਦਿਹਾੜੇ ਨੂੰ ਹਰ ਸਾਲ ਮਨਾਉਣ ਵਾਸਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨਾਲ ਵਿਚਾਰ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਨੂੰ ਜੇਲ੍ਹਾਂ ਵਿਚੋਂ ਸਜ਼ਾਵਾਂ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਗਿਆ ਅਤੇ ਵੰਡ ਵੇਲੇ ਦੇ ਉਜਾੜੇ ਦਾ ਸੰਤਾਪ ਹੰਢਾ ਰਹੇ ਲੋਕਾਂ ਦੇ ਜ਼ਖ਼ਮ ਅੱਜ ਵੀ ਹਰੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਅਤੇ ਵੰਡ ਵੇਲੇ ਉੱਜੜੇ ਲੋਕਾਂ ਨੂੰ ਆਪਣੀ ਜਨਮ ਭੌੋਇੰ ਦੇਖਣ ਵਾਸਤੇ ਵੀਜ਼ੇ ਦਿੱਤੇ ਜਾਣੇ ਚਾਹੀਦੇ ਹਨ। ਇਸ ਮੌਕੇ ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਵੰਡ ਦੌਰਾਨ ਸਿੱਖਾਂ ਤੇ ਪੰਜਾਬੀਆਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਤੇ ਕਾਲੇ ਪਾਣੀਆਂ ਦੀਆਂ ਸਜ਼ਾਵਾਂ ਕੱਟੀਆਂ | ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਵੰਡ ਵੇਲੇ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਨੂੰ ਯਾਦ ਕਰਨ ਲਈ ਦੇਰ ਨਾਲ ਹੀ ਸਹੀ, ਦਰੁਸਤ ਫ਼ੈਸਲਾ ਕੀਤਾ ਹੈ |ਮੁਸਲਿਮ ਭਾਈਚਾਰੇ ਦੀ ਅਗਵਾਈ ਕਰ ਰਹੇ ਰਸ਼ੀਦ ਅਖਤਰ ਨੇ ਕਿਹਾ ਕਿ ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਵਾਂ ਮੁਲਕਾਂ ਦੀਆਂ ਸੰਸਦਾਂ ਵਿਚ ਸ਼ੋਕ ਮਤੇ ਲਿਆਂਦੇ ਜਾਣੇ ਚਾਹੀਦੇ ਹਨ।

ਸਮਾਗਮ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ,  ਡਾ: ਗੁਰਮੀਤ ਸਿੰਘ, ਜਸਪਾਲ ਸਿੰਘ ਢੱਡੇ ਸਮੇਤ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ ।

ਇਸ ਦੌਰਾਨ ਤਖ਼ਤ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਆਨੰਦ ਸਾਹਿਬ ਦੇ ਪਾਠ ਕਰਨ, ਮੂਲ ਮੰਤਰ ਤੇ ਗੁਰਮੰਤਰ ਦਾ ਜਾਪ ਕਰਨ ਮਗਰੋਂ 1947 ਵਿੱਚ ਦੇਸ਼ ਦੀ ਵੰਡ ਵੇਲੇ ਹਿੰਸਾ ਦੌਰਾਨ ਮਾਰੇ ਗਏ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕੀਤੀ।