ਪਾਸਪੋਰਟ ਲਾਜ਼ਮੀ ਕਰਨ ਨਾਲ ਇਕ ਹੱਦ ਤਕ ਬੇਅਰਥ ਹੋ ਜਾਵੇਗਾ ਕਰਤਾਰਪੁਰ ਲਾਂਘਾ

ਪਾਸਪੋਰਟ ਲਾਜ਼ਮੀ ਕਰਨ ਨਾਲ ਇਕ ਹੱਦ ਤਕ ਬੇਅਰਥ ਹੋ ਜਾਵੇਗਾ ਕਰਤਾਰਪੁਰ ਲਾਂਘਾ
ਚੜ੍ਹਦੇ ਪੰਜਾਬ ਵਾਲੇ ਪਾਸਿਓਂ ਦੂਰਬੀਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੀਆਂ ਸੰਗਤਾਂ

ਅੰਮ੍ਰਿਤਸਰ: ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪਾਕਿਸਤਾਨ ਅਤੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਗੱਲਬਾਤ ਨਾਲ ਜਿੱਥੇ ਸਿੱਖ ਸੰਗਤਾਂ ਨੂੰ ਆਸ ਬੱਝੀ ਸੀ ਕਿ ਕਈ ਸਾਲਾਂ ਤੋਂ ਉਨ੍ਹਾਂ ਵੱਲੋਂ ਕੀਤੀ ਜਾਂਦੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦਿਦਾਰਿਆਂ ਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ ਉੱਥੇ ਹੁਣ ਸੰਗਤਾਂ ਦੀਆਂ ਭਾਵਨਾਵਾਂ ਨੂੰ ਦਰਕਿਨਾਰ ਕਰਦਿਆਂ ਸਰਕਾਰੀ ਅਫਸਰ 'ਲਾਜ਼ਮੀ ਪਾਸਪੋਰਟ' ਦੀ ਸ਼ਰਤ ਰੱਖ ਕੇ ਖੁੱਲ੍ਹੇ ਦਰਸ਼ਨ ਦਿਦਾਰਾਂ ਨੂੰ ਨਵੇਂ ਕਾਗਜ਼ੀ ਝਮੇਲੇ ਵਿਚ ਉਲਝਾਉਣ ਲੱਗੇ ਹੋਏ ਹਨ। ਅਟਾਰੀ ਸਰਹੱਦ 'ਤੇ ਦੋਵਾਂ ਦੇਸ਼ਾਂ ਦੇ ਨੁਮਾਂਇੰਦਿਆਂ ਦੀ ਲਾਂਘੇ ਸਬੰਧੀ ਹੋਈ ਗੱਲਬਾਤ ਦੌਰਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜੋ ਪਾਸਪੋਰਟ ਦੀ ਸ਼ਰਤ ਲਗਾਈ ਗਈ ਹੈ, ਉਸ ਨਾਲ ਸਿੱਖ ਸੰਗਤਾਂ ਨੂੰ ਝਟਕਾ ਲੱਗਿਆ ਹੈ।

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਇਸ ਸ਼ਰਤ ਨਾਲ ਲੱਖਾਂ ਸੰਗਤਾਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਸੁਪਨੇ ਅਧੂਰੇ ਰਹਿ ਜਾਣਗੇ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ 18 ਸਾਲਾਂ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਲਈ ਹਰ ਮੱਸਿਆ ਮੌਕੇ ਅਰਦਾਸ ਕੀਤੀ ਜਾਂਦੀ ਹੈ। ਉਨ੍ਹਾਂ ਦੀ ਜੱਦੋ-ਜਹਿਦ ਉਸ ਸਮੇਂ ਤੱਕ ਜਾਰੀ ਰਹੇਗੀ, ਜਦੋਂ ਤਕ ਸੰਗਤਾਂ ਨੂੰ ਬਿਨਾਂ ਵੀਜ਼ਾ ਅਤੇ ਪਾਸਪੋਰਟ ਦੇ ਦਰਸ਼ਨ ਨਹੀਂ ਹੁੰਦੇ। ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਅਤੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ।

ਡੇਰਾ ਬਾਬਾ ਨਾਨਕ ਤੋਂ ਐੱਸਜੀਪੀਸੀ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਸਰਹੱਦੀ ਖੇਤਰ ਦੇ 80 ਫ਼ੀਸਦੀ ਲੋਕਾਂ ਕੋਲ ਪਾਸਪੋਰਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇ ਸੰਗਤਾਂ ’ਤੇ ਪਾਸਪੋਰਟ ਦੀ ਸ਼ਰਤ ਲਗਾਉਣੀ ਹੈ ਤਾਂ ਉਹ ਤਾਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਾਲ ’ਚ ਕਈ ਵਾਰ ਜਾਂਦੇ ਹਨ। ਜਥੇਦਾਰ ਸ਼ਾਹਪੁਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਸ਼ਰਤ ’ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ। 

ਸਰਹੱਦ ਨਾਲ ਲੱਗਦੇ ਪਿੰਡ ਘਣੀਆਂ ਕੇ ਬੇਟ ਦੇ ਨੌਜਵਾਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਰਾਮਦੀਵਾਲੀ, ਰੋਸੇ, ਪਕੀਵਾਂ, ਗੁਣੀਆ, ਸ਼ਾਹਪੁਰ ਸਮੇਤ ਦਰਜਨਾਂ ਪਿੰਡਾਂ ਦੇ 80 ਫ਼ੀਸਦੀ ਤੋਂ ਵੱਧ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਪਾਸਪੋਰਟ ਦੀ ਜਗ੍ਹਾ ਆਧਾਰ ਕਾਰਡ ਜਾਂ ਰਾਸ਼ਨ ਕਾਰਡ ਦੀ ਸ਼ਰਤ ਲਗਾ ਦੇਣ ਤਾਂ ਕਿ ਪਿਛਲੇ ਸੱਤ ਦਹਾਕਿਆਂ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਹੋ ਸਕਣ।

ਪ੍ਰਾਪਤ ਜਾਣਕਾਰੀ ਮੁਤਾਬਿਕ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਤਕ ਆਉਣ ਲਈ ਬਿਨ੍ਹਾ ਵੀਜ਼ੇ ਤੋਂ ਪ੍ਰਵਾਨਗੀ ਦੇਣ ਨੂੰ ਸਹਿਮਤੀ ਦੇ ਦਿੱਤੀ ਗਈ ਹੈ ਪਰ ਭਾਰਤ ਸਰਕਾਰ ਵੱਲੋਂ ਪਾਸਪੋਰਟ ਲਾਜ਼ਮੀ ਕਰਨ ਦੀ ਸ਼ਰਤ ਰੱਖੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖੁੱਲ੍ਹੇ ਦਰਸ਼ਨ ਦਿਦਾਰ ਦੀ ਗੱਲ ਤਾਂ ਹੀ ਸਾਰਥਕ ਹੋ ਸਕੇਗੀ ਜੇ ਸੰਗਤਾਂ ਨੂੰ ਬਿਨ੍ਹਾ ਪਾਸਪੋਰਟ ਦੀ ਸ਼ਰਤ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ।  
 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ