ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਫ਼ਰੀਦਕੋਟ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੀਤੇ ਕੱਲ੍ਹ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੂੰ ਪਟਿਆਲਾ ਜੇਲ੍ਹ ’ਚੋਂ ਲਿਆ ਕੇ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਤੋਂ ਮਨਜ਼ੂਰੀ ਲੈਣ ਮਗਰੋਂ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਗਿਆ। ਦੱਸਣਯੋਗ ਹੈ ਕਿ ਚਰਨਜੀਤ ਸ਼ਰਮਾ ਬਹਿਬਲਕਲਾਂ ਕਾਂਡ ਵਿੱਚ ਜੇਲ੍ਹ ‘ਚ ਨਜ਼ਰਬੰਦ ਸੀ। 

ਸ਼ਰਮਾ ਨੂੰ ਅਦਾਲਤ ਵਿਚ ਪੇਸ਼ ਕਰਕੇ ਵਿਸ਼ੇਸ਼ ਜਾਂਚ ਟੀਮ ਨੇ ਪੰਜ ਦਿਨਾ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ। ਹੁਣ ਚਰਨਜੀਤ ਸ਼ਰਮਾ 27 ਮਾਰਚ ਤੱਕ ਜਾਂਚ ਟੀਮ ਕੋਲ ਪੁਲੀਸ ਰਿਮਾਂਡ ’ਤੇ ਰਹੇਗਾ। 

ਚਰਨਜੀਤ ਸ਼ਰਮਾ ਦੇ ਵਕੀਲਾਂ ਨੇ ਦਾਅਵਾ ਕੀਤਾ ਕਿ ਟੀਮ ਜਾਂਚ ਦੇ ਨਾਂ ’ਤੇ ਸਿਆਸੀ ਸਟੰਟ ਖੇਡ ਰਹੀ ਹੈ। ਜਾਂਚ ਟੀਮ ਸ਼ਰਮਾ ਦੇ ਬਿਆਨ ਜ਼ਬਰਦਸਤੀ ਲਿਖਣਾ ਚਾਹੁੰਦੀ ਹੈ। ਹਾਲਾਂਕਿ ਸਰਕਾਰੀ ਪੱਖ ਨੇ ਚਰਨਜੀਤ ਸ਼ਰਮਾ ਦੇ ਸਾਰੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਪੁਲੀਸ ਦੀ ਸੋਚੀ ਸਮਝੀ ਸਾਜਿਸ਼ ਸੀ ਤੇ ਇਸ ਸਬੰਧੀ ਚਰਨਜੀਤ ਸ਼ਰਮਾ ਤੋਂ ਹਿਰਾਸਤ ਵਿੱਚ ਪੁੱਛ-ਗਿੱਛ ਲਾਜ਼ਮੀ ਹੈ। 

ਜਾਂਚ ਟੀਮ ਚਰਨਜੀਤ ਸ਼ਰਮਾ ਦੇ ਨਾਲ-ਨਾਲ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਵੀ ਪੁੱਛਗਿੱਛ ਕਰਨ ਦੀ ਇਜਾਜ਼ਤ ਲੈ ਚੁੱਕੀ ਹੈ। ਜਾਂਚ ਟੀਮ ਡੇਰਾ ਮੁਖੀ ਅਤੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਤੋਂ ਇਕੱਠਿਆਂ ਪੁੱਛ ਪੜਤਾਲ ਕਰ ਸਕਦੀ ਹੈ। ਜਾਂਚ ਟੀਮ ਨੂੰ ਡੇਰਾ ਮੁਖੀ ਤੋਂ ਪੁੱਛ ਪੜਤਾਲ ਲਈ ਹਰਿਆਣਾ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਇਜ਼ਾਜਤ ਮਿਲ ਗਈ ਹੈ। ਅੱਜ ਅਦਾਲਤ ਵਿੱਚ ਸੁਣਵਾਈ ਦੌਰਾਨ ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ। ਅਦਾਲਤ ਨੇ ਸਾਬਕਾ ਪੁਲੀਸ ਮੁਖੀ ਨੂੰ ਮੈਡੀਕਲ ਮਦਦ ਦੇਣ ਦਾ ਹੁਕਮ ਵੀ ਦਿੱਤਾ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ