ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਅਕਤੂਬਰ ਨੂੰ ਪੈਣਗੀਆਂ ਵੋਟਾਂ

ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਅਕਤੂਬਰ ਨੂੰ ਪੈਣਗੀਆਂ ਵੋਟਾਂ

ਚੋਣ ਜ਼ਾਬਤਾ ਲਾਗੂ, ਨਾਮਜ਼ਦਗੀਆਂ 15 ਸਤੰਬਰ ਤੋਂ; 
ਨਤੀਜੇ ਦਾ ਐਲਾਨ 15 ਅਕਤੂਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਦੇ ਗੁਰਦਾਸਪੁਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 11 ਅਕਤੂਬਰ ਨੂੰ ਪੈਣਗੀਆਂ। ਫਿਲਮ ਅਦਾਕਾਰ ਵਿਨੋਦ ਖੰਨਾ ਦੀ ਮੌਤ ਕਾਰਨ ਇਸ ਹਲਕੇ ਦੀ ਚੋਣ ਕਰਾਈ ਜਾ ਰਹੀ ਹੈ। ਚੋਣ ਕਮਿਸ਼ਨ ਨੇ ਇਸ ਹਲਕੇ ਲਈ ਵੋਟਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਭਾਵੇਂ ਉਮੀਦਵਾਰਾਂ ਦੇ ਨਾਮ ਅਜੇ ਤੈਅ ਨਹੀਂ ਕੀਤੇ, ਪਰ ਨਾਮਜ਼ਦਗੀ ਦਾਖਲ ਕਰਨ ਦਾ ਅਮਲ 15 ਸਤੰਬਰ ਤੋਂ ਆਰੰਭ ਹੋ ਜਾਵੇਗਾ। 22 ਸਤੰਬਰ ਤੱਕ ਕਾਗਜ਼ ਦਾਖਲ ਕੀਤੇ ਜਾ ਸਕਣਗੇ ਅਤੇ ਨਤੀਜਾ 15 ਅਕਤੂਬਰ ਨੂੰ ਐਲਾਨਿਆ ਆਵੇਗਾ। ਚੋਣ ਦਾ ਐਲਾਨ ਹੁੰਦਿਆਂ ਹੀ ਗੁਰਦਾਸਪੁਰ ਜ਼ਿਲ੍ਹੇ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।
ਇਸ ਸੰਸਦੀ ਹਲਕੇ ਤੋਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦਰਮਿਆਨ ਤਿਕੋਣੀ ਟੱਕਰ ਹੋਣ ਦੇ ਆਸਾਰ ਹਨ। ਭਾਜਪਾ ਵੱਲੋਂ ਮਰਹੂਮ ਵਿਨੋਦ ਖੰਨਾ ਦੀ ਪਤਨੀ ਸ੍ਰੀਮਤੀ ਕਵਿਤਾ ਖੰਨਾ, ਸੀਨੀਅਰ ਆਗੂ ਅਵਿਨਾਸ਼ ਖੰਨਾ, ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਸਵਰਨ ਸਲਾਰੀਆ ਦਾਅਵੇਦਾਰਾਂ ਵਿੱਚ ਸ਼ਾਮਲ ਹਨ। ਕਾਂਗਰਸ ਦੇ ਸਥਾਨਕ ਆਗੂਆਂ ਅਤੇ ਵਿਧਾਇਕਾਂ ਵੱਲੋਂ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਟਿਕਟ ਦੇਣ ‘ਤੇ ਜ਼ੋਰ ਪਾਇਆ ਜਾ ਰਿਹਾ ਹੈ। ਜਦੋਂ ਕਿ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਪਤਨੀ ਸ੍ਰੀਮਤੀ ਚਰਨਜੀਤ ਕੌਰ ਬਾਜਵਾ ਸਮੇਤ ਅੱਧੀ ਦਰਜਨ ਤੋਂ ਵੱਧ ਸਥਾਨਕ ਆਗੂ ਟਿਕਟ ਹਾਸਲ ਕਰਨ ਲਈ ਜ਼ੋਰ ਅਜ਼ਮਾਈ ਕਰ ਰਹੇ ਹਨ। ਉਧਰ ਆਮ ਆਦਮੀ ਪਾਰਟੀ ਨੇ  ਅਜੇ ਤੱਕ ਪੱਤੇ ਨਹੀਂ ਖੋਲ੍ਹੇ, ਪਰ ਪਾਰਟੀ ਨੇ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਵੀ ਸਰਗਮੀਆਂ ਵਿੱਢੀਆਂ ਹੋਈਆਂ ਹਨ। ਭਾਜਪਾ ਵੱਲੋਂ ਸੰਸਦੀ ਸੀਟ ‘ਤੇ ਕਬਜ਼ਾ ਕਾਇਮ ਰੱਖਣ ਲਈ ਜੱਦੋਜਹਿਦ ਕੀਤੀ ਜਾ ਰਹੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਕੁਮਾਰ ਸਾਂਪਲਾ ਸਮੇਤ ਹੋਰਨਾਂ ਆਗੂਆਂ ਨੇ ਗੁਰਦਾਸਪੁਰ ਸੰਸਦੀ ਹਲਕੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚ ਸਰਗਮੀਆਂ ਸ਼ੁਰੂ ਕੀਤੀਆਂ ਹੋਈਆਂ ਹਨ ਤੇ ਸੀਨੀਅਰ ਭਾਜਪਾ ਆਗੂਆਂ ਦੀਆਂ ਵਿਧਾਨ ਸਭਾ ਹਲਕਾਵਾਰ ਡਿਊਟੀਆਂ ਵੀ ਲਗਾਈਆਂ ਗਈਆਂ ਹਨ।