ਆਤਮ ਸਮਰਪਣ ਵਾਲੇ 21 ਸਿੱਖ ਨੌਜਵਾਨਾਂ ਨੂੰ ਪੁਲੀਸ ਮੁਕਾਬਲੇ ‘ਚ ਮਾਰਨ ਦੇ ਮਾਮਲੇ ‘ਚ ਕੈਪਟਨ ਨੂੰ ਮੁੜ ਉਲਝਾਉਣ ਦੇ ਯਤਨ

ਆਤਮ ਸਮਰਪਣ ਵਾਲੇ 21 ਸਿੱਖ ਨੌਜਵਾਨਾਂ ਨੂੰ ਪੁਲੀਸ ਮੁਕਾਬਲੇ ‘ਚ ਮਾਰਨ ਦੇ ਮਾਮਲੇ ‘ਚ ਕੈਪਟਨ ਨੂੰ ਮੁੜ ਉਲਝਾਉਣ ਦੇ ਯਤਨ

ਅੰਮ੍ਰਿਤਸਰ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਪ੍ਰਮਿੰਦਰਪਾਲ ਸਿੰਘ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
ਅੰਮ੍ਰਿਤਸਰ/ਬਿਊਰੋ ਨਿਊਜ਼:
ਪੰਜਾਬ ਵਿੱਚ ਖਾੜਕੂਵਾਦ ਵੇਲੇ 21 ਸਿੱਖ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੁਲੀਸ ਕੋਲ ਆਤਮ-ਸਮਰਪਣ ਕਰਾਉਣ ਅਤੇ ਮਗਰੋਂ ਪੁਲੀਸ ਵੱਲੋਂ ਕਥਿਤ ਤੌਰ ‘ਤੇ ਇਨ੍ਹਾਂ ਨੌਜਵਾਨਾਂ ਨੂੰ ਮੁਕਾਬਲੇ ਵਿੱਚ ਮਾਰ ਦੇਣ ਸਬੰਧੀ ਖੁਲਾਸੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਸੰਕਟ ‘ਚ ਘਿਰ ਸਕਦੇ ਹਨ। ਇਸ ਮਾਮਲੇ ਵਿੱਚ ਦਿੱਲੀ  ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਯਾਦ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ  ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ। ਨੁਮਾਇੰਦਿਆਂ ਨੇ ਦਾਅਵਾ ਕੀਤਾ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਨ ਦਾ ਭਰੋਸਾ ਦਿੱਤਾ ਗਿਆ ਹੈ।
ਆਪਣੀ ਇੱਕ ਕਿਤਾਬ ਅਤੇ ਟਵਿਟਰ ਅਕਾਊਂਟ ਰਾਹੀਂ ਕੈਪਟਨ ਅਮਰਿੰਦਰ ਸਿੰਘ ਨੇ 17 ਮਈ 2017 ਨੂੰ ਖੁਲਾਸਾ ਕੀਤਾ ਸੀ ਕਿ 21 ਸਿੱਖ ਨੌਜਵਾਨਾਂ ਨੂੰ ਤਤਕਾਲੀ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਰਾਹੀਂ ਪੰਜਾਬ ਪੁਲੀਸ ਕੋਲ ਆਤਮ ਸਮਰਪਣ ਕਰਵਾਇਆ ਗਿਆ ਸੀ, ਜਿਨ੍ਹਾਂ ਦਾ ਬਾਅਦ ਵਿੱਚ ਪੁਲੀਸ ਮੁਕਾਬਲਾ ਬਣਾ ਦਿੱਤਾ ਗਿਆ ਸੀ। ਇਹ ਖੁਲਾਸਾ ਹੋਣ ਮਗਰੋਂ ਸਿੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਗਈ ਸੀ ਕਿ ਉਹ ਉਨ੍ਹਾਂ 21 ਸਿੱਖ ਨੌਜਵਾਨਾਂ ਦੇ ਨਾਂ ਜਨਤਕ ਕਰਨ।
ਮੁੜ ਦਿੱਲੀ ਕਮੇਟੀ ਦੇ ਬੁਲਾਰੇ ਪਰਮਿੰਦਰਪਾਲ ਸਿੰਘ ਤੇ ਹੋਰਨਾਂ ਨੇ ਬੀਤੇ ਇਨ ਇੱਥੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ। ਬੁਲਾਰੇ ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵੀ ਮਾਮਲਾ ਰੱਖਿਆ ਗਿਆ ਸੀ, ਜਿਸ ਦੇ ਆਧਾਰ ‘ਤੇ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜਿਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਵੱਲੋਂ ਕਮਿਸ਼ਨ ਨੂੰ ਕੋਈ ਜਵਾਬ ਨਹੀਂ ਪੁੱਜਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ 21 ਸਿੱਖ ਨੌਜਵਾਨਾਂ ਦੇ ਨਾਂ ਜਨਤਕ ਕਰਨ। ਉਨ੍ਹਾਂ ਦੱਸਿਆ ਕਿ ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਹੈ ਅਤੇ ਕਾਰਵਾਈ ਲਈ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਦਾ ਇੱਕ ਵਫ਼ਦ ਇਸੇ ਮਾਮਲੇ ਵਿੱਚ ਸੀਬੀਆਈ  ਨੂੰ ਵੀ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਲਕੇ 9 ਫਰਵਰੀ ਨੂੰ ਦਿੱਲੀ ਦੇ ਸਿੱਖਾਂ ਵੱਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ  ਦਾ ਘਿਰਾਓ ਕੀਤਾ ਜਾਵੇਗਾ।