ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 24 ਅਗਸਤ ਤੋਂ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 24 ਅਗਸਤ ਤੋਂ

ਚੰਡੀਗੜ੍ਹ/ਬਿਊਰੋ ਨਿਊਜ਼ :

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਸੈਸ਼ਨ ਸਿਰਫ ਪੰਜ ਦਿਨ ਲਈ 24 ਅਗਸਤ ਤੋਂ ਸ਼ੁਰੂ ਹੋਵੇਗਾ। ਕੈਬਨਿਟ ਮੀਟਿੰਗ ਤੋਂ ਬਾਅਦ ਇਸ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 24 ਤੋਂ 28 ਅਗਸਤ ਤਕ ਚੱਲੇਗਾ। ਜਸਟਿਸ ਰਣਜੀਤ ਸਿੰਘ ਰਿਪੋਰਟ ਬਾਰੇ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਸ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਦਾ ਸੈਸ਼ਨ 24 ਅਗਸਤ ਨੂੰ ਵਿਛੜੇ ਆਗੂਆਂ ਨੂੰ ਸ਼ਰਧਾਂਜਲੀਆਂ ਦੇਣ ਨਾਲ ਸ਼ੁਰੂ ਹੋਵੇਗਾ। ਪੰਜਾਬ ਦੀ 15ਵੀਂ ਵਿਧਾਨ ਸਭਾ ਦਾ ਇਹ 5ਵਾਂ ਸੈਸ਼ਨ ਹੋਵੇਗਾ । ਗੌਰਤਲਬ ਹੈ ਕਿ 6 ਮਹੀਨਿਆਂ ਅੰਦਰ ਕਿਸੇ ਵੀ ਵਿਧਾਨ ਸਭਾ ਦੇ ਸੈਸ਼ਨ ਦਾ ਹੋਣਾ ਜ਼ਰੂਰੀ ਹੈ।
ਪੰਜਾਬ ਕੈਬਨਿਟ ਦੀ ਇਹ ਅਹਿਮ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਹੀ ਹੋਈ ਸੀ।ਮੀਟਿੰਗ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਬ੍ਰਹਮ ਮੋਹਿੰਦਰਾ ਅਤੇ ਅਰੁਣਾ ਚੌਧਰੀ ਸ਼ਾਮਲ ਸਨ।