ਸ਼੍ਰੋਮਣੀ ਕਮੇਟੀ ਦੇ 523 ਮੁਲਾਜ਼ਮਾਂ ਨੂੰ ਨੌਕਰੀਓਂ ਕੱਢਣ ਬਾਰੇ ਸਬ ਕਮੇਟੀ ਦੀ ਰਿਪੋਰਟ ਪ੍ਰਵਾਨ

ਸ਼੍ਰੋਮਣੀ ਕਮੇਟੀ ਦੇ 523 ਮੁਲਾਜ਼ਮਾਂ ਨੂੰ ਨੌਕਰੀਓਂ ਕੱਢਣ ਬਾਰੇ ਸਬ ਕਮੇਟੀ ਦੀ ਰਿਪੋਰਟ ਪ੍ਰਵਾਨ

ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਹੋਈ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਦੌਰਾਨ ਪਿਛਲੇ ਸਾਲ ਸ਼੍ਰੋਮਣੀ ਕਮੇਟੀ ‘ਚ ਹੋਈਆਂ ਨਿਯੁਕਤੀਆਂ ਸਬੰਧੀ ਬਣਾਈ ਸਬ ਕਮੇਟੀ ਦੀ ਰਿਪੋਰਟ ਵੀ ਪ੍ਰਵਾਨ ਕਰ ਲਈ ਗਈ। ਇਸ ਤਰ੍ਹਾਂ 523 ਮੁਲਾਜ਼ਮਾਂ ਦੀ ਛਾਂਟੀ ਹੋ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਤਰਸ ਦੇ ਆਧਾਰ ‘ਤੇ ਰੱਖੇ ਗਏ ਮੁਲਾਜ਼ਮਾਂ ਦੀ ਛਾਂਟੀ ਨਹੀਂ ਹੋਵੇਗੀ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ‘ਚ ਇਕੱਤਰਤਾ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਪਾਸ ਕਰਦਿਆਂ ਉਨ੍ਹਾਂ ਨੂੰ ਮੂਲ ਮੰਤਰ ਅਤੇ ਗੁਰਮੰਤਰ ਦੇ ਪਾਠ ਕਰਕੇ ਸ਼ਰਧਾਂਜਲੀ ਦਿੱਤੀ ਗਈ। ਬਾਅਦ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ ‘ਤੇ ਗਲਤ ਨਿਯੁਕਤੀਆਂ ਰੱਦ ਹੋਣਗੀਆਂ। ਅੰਤ੍ਰਿੰਗ ਕਮੇਟੀ ਨੇ ਇਕ ਹੋਰ ਅਹਿਮ ਫ਼ੈਸਲਾ ਕਰਦਿਆਂ ਧਰਮ ਪ੍ਰਚਾਰ ਲਹਿਰ ਤਹਿਤ ਸੇਵਾ ਨਿਭਾ ਰਹੇ ਪ੍ਰਚਾਰਕਾਂ, ਢਾਡੀ-ਕਵੀਸ਼ਰਾਂ ਨੂੰ ਤੇਲ  ਖ਼ਰਚ ਵਜੋਂ 1000 ਰੁਪਏ ਮਹੀਨਾ ਵਿਸ਼ੇਸ਼ ਭੱਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਵੱਖ ਵੱਖ ਗੁਰਦੁਆਰਿਆਂ ‘ਚ ਲੋੜ ਅਨੁਸਾਰ ਗ੍ਰੰਥੀ ਅਤੇ ਰਾਗੀ ਸਿੰਘਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਡਰਾਈਵਰ ਵੀ ਰੱਖੇ ਜਾਣਗੇ। ਇਨ੍ਹਾਂ ਨਿਯੁਕਤੀਆਂ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਦਰਖਾਸਤਾਂ ਮੰਗੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪ੍ਰਮੋਸ਼ਨਾਂ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀਆਂ ਲੋਕਲ ਮੈਨੇਜਿੰਗ ਕਮੇਟੀਆਂ ਨੂੰ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਿੱਚ ਬਾਇਓਮੀਟ੍ਰਿਕ ਹਾਜ਼ਰੀ  ਪ੍ਰਣਾਲੀ ਨੂੰ ਲਾਗੂ ਕਰਕੇ ਇਸ ਨੂੰ ਮੁੱਖ ਦਫ਼ਤਰ ਅੰਮ੍ਰਿਤਸਰ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪਸੀ ਮੇਲ-ਮਿਲਾਪ ਅਤੇ ਮਿਲਵਰਤਣ ਵਧਾਉਣ, ਜਾਤਾਂ-ਪਾਤਾਂ ਤੇ ਬਰਾਦਰੀਆਂ ਦੀ ਵਿੱਥ ਨੂੰ ਖ਼ਤਮ ਕਰਨ ਲਈ ‘ਇਕ ਨਗਰ ਇਕ ਗੁਰਦੁਆਰਾ’ ਮੁਹਿੰਮ ਨੂੰ ਉਤਸ਼ਾਹਿਤ ਕਰਨ ਵਾਲੀਆਂ ਪੰਚਾਇਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਪ੍ਰਾਪਤ ਕਰਨ ਵਾਲੀ ਤਰਨ ਤਾਰਨ ਜ਼ਿਲ੍ਹੇ ਦੀ ਨਵਜੋਤ ਕੌਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਉਚੇਚੇ ਤੌਰ ‘ਤੇ ਸਨਮਾਨਤ ਕੀਤਾ ਜਾਵੇਗਾ। ਅੰਡਰ-19 ਕ੍ਰਿਕਟ ਵਿਸ਼ਵ ਕੱਪ ‘ਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਰਸ਼ਦੀਪ ਸਿੰਘ ਨੂੰ ਵੀ 1 ਲੱਖ 25 ਹਜ਼ਾਰ ਰੁਪਏ ਦਾ ਸਨਮਾਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਵਾਤਾਵਰਣ ਦੀ ਸਾਂਭ ਸੰਭਾਲ ਲਈ ਫ਼ੈਸਲਾ ਲਿਆ ਗਿਆ ਕਿ ਗੁਰੂ ਹਰਿਰਾਏ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ 15 ਮਾਰਚ ਨੂੰ ਸਿੱਖ ਵਾਤਾਵਰਣ ਦਿਵਸ ਵਜੋਂ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਜਾਣਗੇ। ਇਸ ਸਬੰਧੀ ਸਕੂਲਾਂ, ਕਾਲਜਾਂ ਅਤੇ ਗੁਰਦੁਆਰਿਆਂ ਵਿਖੇ ਸੰਗਤਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਰਾਮਦਾਸ ਲੰਗਰ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚਕਾਰ ਪਾਰਕਾਂ ਵਿੱਚ 400 ਕਿਸਮਾਂ ਦੇ ਫੁੱਲ ਲਗਾਏ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੱਛੜੇ ਇਲਾਕਿਆਂ ਵਿੱਚ ਮੈਡੀਕਲ ਸਹੂਲਤਾਂ ਦੇਣ ਲਈ 11 ਮੈਡੀਕਲ ਵੈਨਾਂ ਠੇਕੇ ‘ਤੇ ਲੈਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਇਸ਼ਨਾਨ ਦੀ ਸੰਗਤਾਂ ਨੂੰ ਸਹੂਲਤ ਦੇਣ ਲਈ 15 ਬੱਸਾਂ ਵੀ ਇਕ ਸਾਲ ਲਈ ਠੇਕੇ ‘ਤੇ ਲਈਆਂ ਜਾਣਗੀਆਂ। ਮਨੀਕਰਨ ਸਾਹਿਬ ਦੀ ਯਾਤਰਾ ‘ਤੇ ਗਏ ਅੰਮ੍ਰਿਤਸਰ ਜ਼ਿਲ੍ਹੇ ਦੇ 8 ਨੌਜਵਾਨਾਂ ਦੀ ਹਾਦਸੇ ਦੌਰਾਨ ਹੋਈ ਮੌਤ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਹਾਦਸੇ ‘ਚ ਜ਼ਖ਼ਮੀ ਹੋਏ ਇਕ ਨੌਜਵਾਨ ਨੂੰ ਇਲਾਜ ਲਈ 50 ਹਜ਼ਾਰ ਰੁਪਏ ਦਿੱਤੇ ਜਾਣਗੇ।