ਮੁਤਵਾਜ਼ੀ ਜਥੇਦਾਰਾਂ ਵਲੋਂ ਮਲੂਕਾ ਤੇ ਸਤਨਾਮ ਸਿੰਘ ਭਾਈ ਰੂਪਾ 9 ਜਨਵਰੀ ਨੂੰ ਤਲਬ

ਮੁਤਵਾਜ਼ੀ ਜਥੇਦਾਰਾਂ ਵਲੋਂ ਮਲੂਕਾ ਤੇ ਸਤਨਾਮ ਸਿੰਘ ਭਾਈ ਰੂਪਾ 9 ਜਨਵਰੀ ਨੂੰ ਤਲਬ

ਅਰਦਾਸ ਨਕਲ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਹੋਰ।
ਅੰਮ੍ਰਿਤਸਰ/ਬਿਊਰੋ ਨਿਊਜ਼ :
ਮੁਤਵਾਜ਼ੀ ਜਥੇਦਾਰਾਂ ਨੇ ਅਰਦਾਸ ਦੀ ਨਕਲ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਬਰਾਬਰ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਨੂੰ ਆਪਣਾ ਪੱਖ ਪੇਸ਼ ਕਰਨ ਲਈ 9 ਜਨਵਰੀ ਨੂੰ ਅਕਾਲ ਤਖ਼ਤ ‘ਤੇ ਤਲਬ ਕਰ ਲਿਆ ਹੈ। ਇਸ ਤੋਂ ਇਲਾਵਾ ਨੀਲਧਾਰੀ ਸੰਪਰਦਾ ਦੇ ਬਾਬਾ ਸਤਨਾਮ ਸਿੰਘ ਪਿਪਲੀ ਵਾਲੇ ਨੂੰ ਵੀ ਗੁਰਇਤਿਹਾਸ ਸਬੰਧੀ ਇਤਰਾਜ਼ਯੋਗ ਟਿੱਪਣੀਆਂ ਕਰਨ ‘ਤੇ 9 ਜਨਵਰੀ ਨੂੰ ਤਲਬ ਕੀਤਾ ਗਿਆ ਹੈ। ਇਹ ਆਦੇਸ਼ ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਜਾਰੀ ਕੀਤੇ ਗਏ ਹਨ।
ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਆਖਿਆ ਕਿ ਬੀਤੇ ਦਿਨੀਂ ਰਾਮਪੁਰਾ ਫੂਲ ਵਿੱਚ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਅਰਦਾਸ ਦੀ ਨਕਲ ਕੀਤੀ ਗਈ ਹੈ, ਜਿਸ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਦੀ ਜਾਂਚ ਲਈ ਸੁਰਜੀਤ ਸਿੰਘ ਕਾਲਾਬੂਲਾ ਦੀ ਅਗਵਾਈ ਹੇਠ ਬਹਾਦਰ ਸਿੰਘ ਭਸੌੜ, ਪ੍ਰਸ਼ੋਤਮ ਸਿੰਘ ਫੱਗੂਵਾਲਾ ਤੇ ਪਰਮਿੰਦਰ ਸਿੰਘ ਆਧਾਰਿਤ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ 9 ਜਨਵਰੀ ਤੋਂ ਪਹਿਲਾਂ ਇਸ ਮਾਮਲੇ ਵਿੱਚ ਆਪਣੀ ਰਿਪੋਰਟ ਸਿੰਘ ਸਾਹਿਬਾਨ ਨੂੰ ਦੇਵੇਗੀ। ਉਨ੍ਹਾਂ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਸ੍ਰੀ ਮਲੂਕਾ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਨੂੰ ਆਪਣਾ ਪੱਖ ਸਪਸ਼ਟ ਕਰਨ ਲਈ 9 ਜਨਵਰੀ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਆਖਿਆ ਕਿ ਸਬੰਧਤ ਵਿਅਕਤੀ ਜੇਕਰ 9 ਜਨਵਰੀ ਨੂੰ ਪੇਸ਼ ਨਾ ਹੋਏ ਤਾਂ ਪੰਥਕ ਮਰਿਆਦਾ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਨੀਲਧਾਰੀ ਸੰਪਰਦਾ ਦੇ ਬਾਬਾ ਸਤਨਾਮ ਸਿੰਘ ਪਿਪਲੀ ਵਾਲੇ ਨੂੰ ਵੀ 9 ਜਨਵਰੀ ਨੂੰ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਆਪਣਾ ਪੱਖ ਸਪਸ਼ਟ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਬਾਬਾ ਪਿਪਲੀ ਨੇ ਕਥਾ-ਕੀਰਤਨ ਕਰਦਿਆਂ ਗੁਰਇਤਿਹਾਸ ਸਬੰਧੀ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ। ਇਸੇ ਦੌਰਾਨ ਉਨ੍ਹਾਂ ਅਰਦਾਸ ਦੀ ਨਕਲ ਦੇ ਮਾਮਲੇ ਦੀ ਜਾਂਚ ਵਾਸਤੇ ਬਣਾਈ ਚਾਰ ਮੈਂਬਰੀ ਕਮੇਟੀ ਨੂੰ ਹੀ ਇਸ ਮਾਮਲੇ ਦੀ ਜਾਂਚ ਦਾ ਕੰਮ ਵੀ ਸੌਂਪਿਆ ਹੈ। ਉਨ੍ਹਾਂ ਆਖਿਆ ਕਿ ਇਹ ਜਾਂਚ ਕਮੇਟੀ ਦੋਵਾਂ ਮਾਮਲਿਆਂ ਦੀ ਜਾਂਚ ਕਰੇਗੀ ਤੇ ਆਪਣੀ ਰਿਪੋਰਟ 9 ਜਨਵਰੀ ਤੋਂ ਪਹਿਲਾਂ ਦੇਵੇਗੀ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਵਿੱਚ ਹੁਣ ਤਕ ਕੋਈ ਕਾਰਵਾਈ ਨਾ ਹੋਣ ਦੇ ਦੋਸ਼ ਲਾਉਂਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਚੋਣਾਂ ਵਿੱਚ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਇਸ ਮੀਟਿੰਗ ਵਿੱਚ ਪੰਜ ਸਿੰਘ ਸਾਹਿਬਾਨ ਵਜੋਂ ਭਾਈ ਮੇਜਰ ਸਿੰਘ ਅਤੇ ਭਾਈ ਹਰੀ ਸਿੰਘ ਵੀ ਸ਼ਾਮਲ ਸਨ।