ਸਿੱਖਸ ਫਾਰ ਜਸਟਿਸ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ

ਸਿੱਖਸ ਫਾਰ ਜਸਟਿਸ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ

ਫਤਹਿਗੜ੍ਹ ਸਾਹਿਬ/ਸਿੱਖ ਸਿਆਸਤ ਬਿਊਰੋ:
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਪੰਜਾਬ ਵਾਟਰ ਰੈਫਰੰਡਮ ਕਰਵਾਉਣ ਲਈ ਦਸਤਖ਼ਤ ਮੁਹਿੰਮ ਤਹਿਤ ਇੱਕ ਕੈਂਪ ਲਾਇਆ ਗਿਆ। ਦੋ ਰੋਜ਼ਾ ਇਸ ਕੈਂਪ ਦੌਰਾਨ ਹਜ਼ਾਰਾਂ ਲੋਕਾਂ ਦੇ ਦਸਤਖ਼ਤ ਕਰਵਾਏ ਗਏ। ਫੈਡਰੇਸ਼ਨ ਮੁਖੀ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਾਣੀਆਂ ਦੀ ਰਾਖੀ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਤੋਂ ਕੀਤਾ ਗਿਆ ਹੈ। ਇਹ ਦਸਤਖ਼ਤ ਮੁਹਿੰਮ ਜਨਵਰੀ ਦੇ ਪੂਰੇ ਮਹੀਨੇ ਚੱਲੇਗੀ। ਪਹਿਲੀ ਜਨਵਰੀ ਨੂੰ ਅੰਮ੍ਰਿਤਸਰ ਵਿਖੇ, 5 ਜਨਵਰੀ ਨੂੰ ਪਟਨਾ ਸਾਹਿਬ ਵਿਖੇ ਤੇ ਮੁਕਤਸਰ ਮਾਘੀ ਦੇ ਮੇਲੇ ਉੱਪਰ ਲੋਕਾਂ ਤੋਂ ਪੰਜਾਬ ਦੇ ਪਾਣੀਆਂ ਲਈ ਦਸਤਖ਼ਤ ਕਰਵਾਏ ਜਾਣਗੇ।
ਸਿੱਖਸ ਫਾਰ ਜਸਟਿਸ ਵਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ
ਇਸ ਤੋਂ ਇਲਾਵਾ ਪਿੰਡਾਂ ਵਿਚ ਬੂਥ ਲਗਾ ਕੇ ਵੀ ਇਸ ਮੁਹਿੰਮ ਨੂੰ ਅੱਗੇ ਤੋਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਵੱਲੋਂ ਮਨੁੱਖੀ ਅਧਿਕਾਰ ਸੰਸਥਾ ਸਿੱਖਜ਼ ਫ਼ਾਰ ਜਸਟਿਸ ਦੁਆਰਾ ਪੰਜਾਬ ਦੇ ਪਾਣੀਆਂ ਦੇ ਹੱਕ ਵਿਚ ਇੰਟਰਨੈਸ਼ਨਲ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ ਦਾ ਸਮਰਥਨ ਕਰਦਿਆਂ ਉਕਤ ਕੈਂਪ ਲਾਇਆ ਗਿਆ ਹੈ। ਪੀਰਮੁਹੰਮਦ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਸਬੰਧੀ ਰਾਜਨੀਤਕ ਦਲਾਂ ਵੱਲੋਂ ਕੇਵਲ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਾਣੀ ਦੂਜੇ ਰਾਜਾਂ ਨੂੰ ਦੇਣ ਵਿਰੁੱਧ ਹੁਣ ਇੰਟਰਨੈਸ਼ਨਲ ਪੱਧਰ ‘ਤੇ ਸਿੱਖਸ ਫ਼ਾਰ ਜਸਟਿਸ ਮਨੁੱਖੀ ਅਧਿਕਾਰ ਸੰਸਥਾ ਵੱਲੋਂ ਨੀਦਰਲੈਂਡ ਵਿਚ ਹੇਗ ਕੋਰਟ ਵਿਚ ਪਟੀਸ਼ਨ ਦਰਜ ਕਰਵਾਈ ਜਾ ਰਹੀ ਹੈ।
ਇਸ ਮੌਕੇ ਫੈਡਰੇਸ਼ਨ ਆਗੂ ਪ੍ਰਭਜੋਤ ਸਿੰਘ, ਹਰਦਿੱਤ ਸਿੰਘ, ਜਗਰੂਪ ਸਿੰਘ ਚੀਮਾ, ਜੈਮਲ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਅਰਸ਼ਦੀਪ ਸਿੰਘ, ਭੁਪਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰਮੀਤ ਸਿੰਘ ਗਿੱਲ ਹਾਜ਼ਰ ਸਨ।