ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਵਾਂਗੇ : ਮੋਦੀ

ਬੇਅਦਬੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਵਾਂਗੇ : ਮੋਦੀ

ਕੈਪਸ਼ਨ-ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਚੋਣ ਰੈਲੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ।
ਕੋਟਕਪੂਰਾ/ਬਿਊਰੋ ਨਿਊਜ਼ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਕੇਂਦਰ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾ ਰਹੀ ਹੈ। ਇਸ ਮਾਮਲੇ ਵਿਚ ਦੋਸ਼ੀ ਜਲਦ ਹੀ ਕਾਨੂੰਨ ਦੇ ਕਟਹਿਰੇ ਵਿਚ ਹੋਣਗੇ ਤੇ ਕਾਨੂੰਨ ਮੁਤਾਬਕ ਇਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਘਿਨੌਣਾ ਅਪਰਾਧ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਕੋਟਕਪੂਰਾ ਦੀ ਅਨਾਜ ਮੰਡੀ ਵਿਚ ਅਕਾਲੀ-ਭਾਜਪਾ ਗਠਜੋੜ ਦੇ ਹੱਕ ਵਿਚ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਲੋੜ ਹੈ, ਜੋ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦੀ ਸਰਹੱਦ ਰਾਹੀਂ ਦੇਸ਼ ਵਿਚ ਅਸ਼ਾਂਤੀ ਫੈਲਾਉਣ ਦਾ ਯਤਨ ਕਰਦੀਆਂ ਹਨ ਤੇ ਪੰਜਾਬ ਨਾਲ ਹੀ ਦੇਸ਼ ਦੀ ਸੁਰੱਖਿਆ ਜੁੜੀ ਹੋਈ ਹੈ, ਜਿਸ ਲਈ ਪੰਜਾਬ ਵਰਗੇ ਖ਼ੁਸ਼ਹਾਲ ਸੂਬੇ ਵਿਚ ਇਕ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ, ਜੋ ਕੇਂਦਰ ਨਾਲ ਮਿਲ ਕੇ ਦੇਸ਼ ਦੀ ਸੁਰੱਖਿਆ ਲਈ ਵਚਨਬੱਧ ਹੋਵੇ। ਮੋਦੀ ਨੇ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਉਮੀਦਵਾਰ ਮਨਤਾਰ ਸਿੰਘ ਬਰਾੜ, ਫ਼ਰੀਦਕੋਟ ਤੋਂ ਪਰਮਬੰਸ ਸਿੰਘ ਬੰਟੀ ਰੋਮਾਣਾ, ਜੈਤੋ ਤੋਂ ਸੂਬਾ ਸਿੰਘ ਬਾਦਲ, ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ, ਬਠਿੰਡਾ ਸ਼ਹਿਰੀ ਤੋਂ ਸਰੂਪ ਚੰਦ ਸਿੰਗਲਾ, ਮੋਗਾ ਤੋਂ ਬਰਜਿੰਦਰ ਸਿੰਘ ਬਰਾੜ, ਬਾਘਾ ਪੁਰਾਣਾ ਤੋਂ ਤੀਰਥ ਸਿੰਘ ਮਾਹਲਾ, ਨਿਹਾਲ ਸਿੰਘ ਵਾਲਾ ਤੋਂ ਐਸ.ਆਰ. ਕਲੇਰ, ਮੁਕਤਸਰ ਸਾਹਿਬ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ ਦੇ ਹੱਕ ਵਿਚ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਰੱਜ ਕੇ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਤੇ ਚੌਧਰੀ ਦੇਵੀ ਲਾਲ ਤੋਂ ਬਾਅਦ ਸ. ਪ੍ਰਕਾਸ਼ ਸਿੰਘ ਬਾਦਲ ਹੀ ਅਜਿਹੇ ਕਿਸਾਨ ਹਿਤੈਸ਼ੀ ਨੇਤਾ ਹਨ ਜੋ ਪੰਜਾਬ ਦੇ ਹੀ ਨਹੀਂ ਬਲਕਿ ਦੇਸ਼ ਭਰ ਦੇ ਕਿਸਾਨਾਂ ਦੇ ਭਲੇ ਲਈ ਸੋਚਦੇ ਹਨ।
ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਹਮੇਸ਼ਾ ਭਾਈਚਾਰਕ ਸਾਂਝ ਨੂੰ ਤੋੜਿਆ ਤੇ ਦੇਸ਼ ਵਿਰੋਧੀ ਤਾਕਤਾਂ ਨੂੰ ਜਨਮ ਦਿੱਤਾ। ਇਸ ਲਈ ਕਾਂਗਰਸ ਤੋਂ ਕਦੇ ਵੀ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰ ਦੀ ਕਾਂਗਰਸ ਸਰਕਾਰ ਨੇ ਸਿੱਖ ਪ੍ਰਧਾਨ ਮੰਤਰੀ ਹੁੰਦਿਆਂ ਵੀ ਕਦੇ ਕੋਈ ਵੱਡਾ ਪ੍ਰਾਜੈਕਟ ਨਹੀਂ ਦਿੱਤਾ ਤੇ ਵਿਤਕਰੇਬਾਜ਼ੀ ਵਾਲਾ ਵਤੀਰਾ ਬਣਾਈ ਰੱਖਿਆ। ਕਾਂਗਰਸ ਸਰਕਾਰ ਨੇ ਸ. ਬਾਦਲ ਦੇ ਕੰਮਾਂ ਵਿਚ ਹਮੇਸ਼ਾ ਰੋੜੇ ਅਟਕਾਏ, ਜਦ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਬੀਤੇ 2 ਸਾਲਾਂ ਵਿਚ ਪੰਜਾਬ ਦੇ ਵਿਕਾਸ ਲਈ ਕਈ ਵੱਡੇ ਪ੍ਰਾਜੈਕਟ ਅਕਾਲੀ ਸਰਕਾਰ ਨੂੰ ਦਿੱਤੇ ਹਨ, ਜਿਨ੍ਹਾਂ ਵਿਚ ਏਮਜ਼ ਹਸਪਤਾਲ, ਆਈ.ਆਈ.ਐਮ., ਬਠਿੰਡਾ ਹਵਾਈ ਅੱਡਾ ਸਮੇਤ ਕਈ ਵੱਡੇ ਪ੍ਰਾਜੈਕਟ ਸ਼ਾਮਲ ਹਨ।
ਪ੍ਰਧਾਨ ਮੰਤਰੀ ਨੇ ਆਮ ਆਦਮੀ ਪਾਰਟੀ ਬਾਰੇ ਕਿਹਾ ਕਿ ਦਿੱਲੀ ਵਿਚ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਜਿਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ ਅਤੇ ਹੁਣ ਇਹ ਪੰਜਾਬ ਵਿਚ ਵੀ ਕੇਂਦਰ ਤੇ ਪੰਜਾਬ ਸਰਕਾਰ ਦੀ ਆਲੋਚਨਾ ਕਰਕੇ ਵੋਟਾਂ ਬਟੋਰਨਾ ਚਾਹੁੰਦੇ ਹਨ। ਮੋਦੀ ਨੇ ਕਿਹਾ ਕਿ ਪੰਜਾਬ ਹੀ ਸਾਰੇ ਦੇਸ਼ ਨੂੰ ਅਨਾਜ ਦਿੰਦਾ ਹੈ। ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇਸ ਨੂੰ ਪਾਣੀ ਦੀ ਸਖ਼ਤ ਲੋੜ ਹੈ।

ਬਾਦਲ ਬੋਲੇ-ਕਾਂਗਰਸ ਨੇ ਹਿੰਦੂ-ਸਿੱਖਾਂ ਨੂੰ ਲੜਾਇਆ :
ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਬੀਤੇ 10 ਸਾਲਾਂ ਵਿਚ ਜੋ ਵਿਕਾਸ ਹੋਇਆ ਹੈ ਉਹ ਪਹਿਲਾਂ ਕਿਸੇ ਸਰਕਾਰ ਦੇ ਕਾਰਜਕਾਲ ਦੌਰਾਨ ਨਹੀਂ ਹੋਇਆ, ਜਦ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਕੋਈ ਵੀ ਅਜਿਹਾ ਵਿਕਾਸ ਕਾਰਜ ਨਹੀਂ ਹੋਇਆ ਜਿਸ ਦਾ ਜ਼ਿਕਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਿੰਦੂ-ਸਿੱਖਾਂ ਨੂੰ ਲੜਾ ਕੇ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੋਖੀਆਂ ਵੱਲੋਂ ਗੁਰਦੁਆਰਿਆਂ ਵਿਚ ਬੀੜੀਆਂ ਤੇ ਮੰਦਰਾਂ ਵਿਚ ਗਊਆਂ ਦੀ ਪੂਛਾਂ ਸਿਟਵਾਈਆਂ ਗਈਆਂ ਤਾਂ ਜੋ ਪੰਜਾਬ ਵਿਚ ਹਿੰਦੂ-ਸਿੱਖ ਏਕਤਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਜਨੀਤਕ ਪਾਰਟੀ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰ ਸਕਦੀ ਹੈ ਤਾਂ ਉਹ ਸਿਰਫ਼ ਅਕਾਲੀ-ਭਾਜਪਾ ਗਠਜੋੜ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦਾ ਪਾਣੀ ਖੋਹ ਕੇ ਦੂਜੇ ਰਾਜਾਂ ਨੂੰ ਦਿੱਤਾ ਤੇ ਸਿੱਖਾਂ ਦੇ ਪਵਿੱਤਰ ਅਸਥਾਨਾਂ ’ਤੇ ਹਮਲੇ ਕਰਵਾਏ, ਜਦ ਕਿ ਗਠਜੋੜ ਸਰਕਾਰ ਨੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਾ ਕੇ ਅਮੀਰ ਵਿਰਾਸਤ ਨੂੰ ਸੁਰਜੀਤ ਕੀਤਾ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪਹਿਲਾਂ ਰਾਜਾਂ ਨੂੰ 32 ਫ਼ੀਸਦੀ ਫ਼ੰਡ ਮਿਲਦਾ ਸੀ ਜਦ ਕਿ ਇਨ੍ਹਾਂ ਨੇ 42 ਫ਼ੀਸਦੀ ਕਰ ਦਿੱਤਾ ਹੈ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਭਾਵੁਕ ਤਕਰੀਰ ਕਰਦਿਆਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਾਰਾ ਜੀਵਨ ਪੰਜਾਬ ਦੇ ਲੋਕਾਂ ਦੇ ਲੇਖੇ ਲਾਇਆ। ਉਨ੍ਹਾਂ ਦਾ ਜੀਵਨ ਖੁੱਲ੍ਹੀ ਕਿਤਾਬ ਦੀ ਤਰ੍ਹਾਂ ਹੈ। ਉਨ੍ਹਾਂ ਦੀ ਅਗਵਾਈ ਵਿਚ ਸੂਬੇ ਦਾ ਚੌਂਤਰਫਾ ਵਿਕਾਸ ਹੋਇਆ ਹੈ, ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ ਲਈ ਕੋਈ ਕਦਮ ਨਹੀਂ ਚੁੱਕਿਆ।

ਸੁਖਬੀਰ ਬੋਲੇ-ਪੈਨਸ਼ਨਾਂ ਵਿਚ ਵਾਧਾ ਕਰਾਂਗੇ :
ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਕੀਤੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ। ਉਨ੍ਹਾਂ ਐਲਾਨ ਕੀਤਾ ਕਿ ਤੀਸਰੀ ਵਾਰ ਸਰਕਾਰ ਆਉਣ ’ਤੇ ਪੈਨਸ਼ਨ 2000 ਰੁਪਏ, ਸ਼ਗਨ ਸਕੀਮ 51000 ਰੁਪਏ ਤੇ ਨੀਲੇ ਕਾਰਡ ਧਾਰਕਾਂ ਨੂੰ ਆਟਾ ਦਾਲ ਤੋਂ ਇਲਾਵਾ 10 ਰੁਪਏ ਕਿੱਲੋ ਖੰਡ ਤੇ 25 ਰੁਪਏ ਕਿੱਲੋ ਦੇਸੀ ਘਿਓ ਦਿੱਤਾ ਜਾਵੇਗਾ। ਪੰਜਾਬ ਦੇ ਸਾਰੇ ਪਿੰਡਾਂ ਵਿਚ ਸੀਮਿੰਟ ਸੜਕਾਂ, ਸਟਰੀਟ ਲਾਈਟਾਂ ਤੇ ਸੀਵਰੇਜ ਦਾ ਪ੍ਰਬੰਧ ਕੀਤਾ ਜਾਵੇਗਾ ਤੇ ਹਰਕੇ ਪਿੰਡ ਵਿਚ ਸਕਿੱਲ ਸੈਂਟਰ ਖੋਲਿ੍ਹਆ ਜਾਵੇਗਾ ਤੇ ਸਿੱਖਿਆਰਥੀਆਂ ਨੂੰ ਰੁਜ਼ਗਾਰ ਚਲਾਉਣ ਲਈ 10 ਲੱਖ ਰੁਪਏ ਤੱਕ ਦੇ ਕਰਜ਼ੇ ਬਿਨਾਂ ਵਿਆਜ ਤੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਪੰਜਾਬ ਵਿਚ ਕਰੀਬ 5 ਲੱਖ ਕੱਚੇ ਮਕਾਨ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਸਿਰਫ਼ 21 ਸੀਟਾਂ ’ਤੇ ਤਿਕੋਣਾਂ ਮੁਕਾਬਲਾ ਹੈ ਜਦਕਿ ਦੁਆਬੇ ਤੇ ਮਾਝੇ ਵਿਚ ਸਿਰਫ਼ ਕਾਂਗਰਸ ਨਾਲ ਹੀ ਮੁਕਾਬਲਾ ਹੈ।
ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਬੀਬੀ ਗੁਰਚਰਨ ਕੌਰ ਪੰਜਗਰਾਈਂ, ਸਾਬਕਾ ਵਿਧਾਇਕ ਅਵਿਨਾਸ਼ ਰਾਏ ਖੰਨਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ, ਵਿਧਾਇਕ ਦੀਪ ਮਲਹੋਤਰਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸੁਨੀਤਾ ਰਾਣੀ ਗਰਗ, ਚੇਅਰਮੈਨ ਦਰਸ਼ਨ ਸਿੰਘ ਠੇਕੇਦਾਰ, ਪ੍ਰਧਾਨ ਮੋਹਨ ਸਿੰਘ ਮੱਤਾ, ਹਰਬੰਸ ਲਾਲ ਸ਼ਰਮਾ, ਗਾਇਤਰੀ ਪ੍ਰਕਾਸ਼ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਵਰਕਰ ਹਾਜ਼ਰ ਸਨ। ਮੰਚ ਸੰਚਾਲਨ ਮੁੱਖ ਮੰਤਰੀ ਦੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ ਨੇ ਕੀਤਾ।