ਭਾਈ ਜਿੰਦਾ-ਸੁੱਖਾ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਸਮਾਰੋਹ

ਭਾਈ ਜਿੰਦਾ-ਸੁੱਖਾ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਸਮਾਰੋਹ

ਅੰਮ੍ਰਿਤਸਰ/ਨਰਿੰਦਰ ਪਾਲ ਸਿੰਘ:
ਜੂਨ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਉਪਰ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਨਰਲ ਅਰੁੱਣ ਸ੍ਰੀਧਰ ਵੈਦਿਆ ਨੂੰ ਕੀਤੇ ਦਾ ਫਲ ਭੁਗਤਾ ਕੇ ਫਾਂਸ਼ੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 25ਵੀਂ ਸਾਲਾਨਾ ਯਾਦ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ। ਭਾਈ ਜਿੰਦਾ ਅਤੇ ਭਾਈ ਸੁੱਖਾ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਾਏ ਗਏ। ਇਸੇ ਤਰ੍ਹਾਂ ਉਨ੍ਹਾਂ ਦੇ ਜੱਦੀ ਪਿੰਡ ਗਦਲੀ ਵਿਖੇ ਅਖੰਡ ਪਾਠ ਦੇ ਭੋਗ ਪਾ ਕੇ ਸ਼ਹੀਦੀ ਸਮਾਗਮ ਮਨਾਇਆ ਗਿਆ।
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਅਖੰਡ ਪਾਠ ਦੇ ਭੋਗ ਸਮੇਂ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਖੇਪ ਸੰਬੋਧਨ ਵਿੱਚ ਆਖਿਆ ਕਿ ਜਿਨ੍ਹਾਂ ਵੀ ਧਾੜਵੀਆਂ ਨੇ ਗੁਰੂ ਘਰਾਂ ‘ਤੇ ਹਮਲੇ ਕੀਤੇ ਹਨ, ਸਿੱਖ ਕੌਮ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਅਜਿਹੇ ਹੀ ਸ਼ਹੀਦਾਂ ਦੀ ਯਾਦ ਵਿਚ ਇਹ ਸਮਾਗਮ ਕੀਤਾ ਗਿਆ ਅਅਤੇ ਸ਼ਹੀਦ ਪ੍ਰੀਵਾਰਾਂ ਨੂੰ ਸਿਰੋਪਾਉ ਸ੍ਰੀ ਦਰਬਾਰ ਸਾਹਿਬ ਵਲੋਂ ਭੇਟ ਕੀਤੇ ਜਾ ਰਹੇ ਹਨ।
ਇਸ ਮੌਕੇ ਭਾਈ ਜਿੰਦਾ ਦੇ ਭਰਾ ਭਾਈ ਭੁਪਿੰਦਰ ਸਿੰਘ, ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾ ਭਾਈ ਮਨਜੀਤ ਸਿੰਘ ਨੂੰ ਸਿਰੋਪੇ ਬਖ਼ਸ਼ਿਸ਼ ਕੀਤੇ ਗਏ।
ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦਾਂ ਦੇ ਇਸ ਯਾਦਗਾਰੀ ਸਮਾਗਮ ਵਿੱਚ ਸਿੱਖ ਜਥੇਬੰਦੀਆਂ ਦਲ ਖ਼ਾਲਸਾ ਵੱਲੋਂ ਦਲ ਖਾਲਸਾ ਦੇ ਭਾਈ ਕੰਵਰਪਾਲ ਸਿੰਘ, ਜਥੇਦਾਰ ਬਲਦੇਵ ਸਿੰਘ ਸਿਰਸਾ, ਸਿੱਖ ਯੂਥ ਆਫ ਪੰਜਾਬ ਦੇ ਸ. ਗਗਨਦੀਪ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਅਕਾਲੀ ਦਲ ਅੰਮ੍ਰਿਤਸਰ ਦੇ ਦਿਹਾਤੀ ਪ੍ਰਧਾਨ ਭਾਈ ਅਮਰੀਕ ਸਿੰਘ ਨੰਗਲ, ਸ. ਸਤਨਾਮ ਸਿੰਘ ਕਾਹਲੋਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਭਾਈ ਸੁਖਵਿੰਦਰ ਸਿੰਘ ਨਾਗੋਕੇ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਸਟਾਫ ਸਹਿਤ ਮੌਜੂਦ ਸਨ।
ਅਖੰਡ ਪਾਠ ਦੀ ਸਮਾਪਤੀ ਤੋਂ ਬਾਅਦ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਉਪਰੰਤ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ।

ਗਦਲੀ ਪਿੰਡ ‘ਚ ਸ਼ਹੀਦੀ ਸਮਾਗਮ
ਇਸੇ ਤਰ੍ਹਾਂ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਪਿੰਡ ਗਦਲੀ ਵਿੱਚ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਯਾਦ ਨੂੰ ਸਮਰਪਿਤ ਸਮਾਗਮ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਗਏ ਪੰਜ ਪਿਆਰੇ ਅਤੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ ਤੇ ਹੋਰ ਸ਼ਾਮਲ ਹੋਏ। ਭੋਗ ਮਗਰੋਂ  ਭਾਈ ਦਾਦੂਵਾਲ ਨੇ ਸੱਦਾ ਦਿੱਤਾ ਕਿ 10 ਨਵੰਬਰ ਨੂੰ ਹੋਣ ਵਾਲੇ ਸਰਬੱਤ ਖ਼ਾਲਸਾ ਵਿੱਚ ਵੱਡੀ ਗਿਣਤੀ ਸਿੱਖ ਸੰਗਤਾਂ ਸ਼ਾਮਲ ਹੋਣ। ਇਸ ਵਿੱਚ ਕਈ ਪੰਥਕ ਫ਼ੈਸਲੇ ਲਏ ਜਾਣਗੇ। ਪੰਜ ਪਿਆਰਿਆਂ ਨੇ ਆਖਿਆ ਕਿ ਪੰਥ ਅਤੇ ਭਾਈ ਹਵਾਰਾ ਵੱਲੋਂ ਸਰਬੱਤ ਖ਼ਾਲਸਾ ਸਬੰਧੀ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਸਿੱਖ ਕੌਮ ਦੇ ਸਹਿਯੋਗ ਨਾਲ ਪੂਰਾ ਕਰਨ ਦਾ ਯਤਨ ਕਰਨਗੇ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ਹੀਦ ਭਾਈ ਸੁੱਖਾ-ਜਿੰਦਾ ਨੂੰ ਯਾਦ ਕੀਤਾ
ਚੰਡੀਗੜ੍ਹ/ ਸਿੱਖ ਸਿਆਸਤ ਬਿਊਰੋ:
ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ 5 ਅਕਤੂਬਰ ਨੂੰ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦਾ ਸ਼ਹੀਦੀ ਦਿਹਾੜਾ ਯੂਨੀਵਰਸਿਟੀ ਕੈਂਪਸ ‘ਚ ਮਨਾਇਆ।
ਯੂਨੀਵਰਸਿਟੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ‘ਚ ਵਿਦਿਆਰਥੀਆਂ ਨੇ ਸ਼ਹੀਦ ਭਾਈ ਸੁੱਖਾ-ਜਿੰਦਾ ਦੀ ਯਾਦ ‘ਚ ਸੁਖਮਨੀ ਸਾਹਿਬ ਦਾ ਪਾਠ ਕੀਤਾ। ਸਮਾਗਮ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਅਰਦਾਸ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਗੁਰੂ ਸਾਹਿਬ ਦੇ ਸਤਿਕਾਰ ਅਤੇ ਸੱਚ ਦੇ ਹੱਕ ‘ਚ ਗਵਾਹੀ ਦਿੰਦਿਆਂ ਆਪਣਾ ਜੀਵਨ ਵਾਰ ਦਿੱਤਾ। ਉਨ੍ਹਾਂ ਕਿਹਾ ਕਿ ਅਰੁਣ ਵੈਦਿਆ ਦੇ ਕੇਸ ਨਾਲ ਸੰਬੰਧਤ ਰਿਕਾਰਡ ਤੋਂ ਪਤਾ ਲਗਦਾ ਹੈ ਕਿ ਭਾਈ ਸੁੱਖਾ ਭਾਈ ਜਿੰਦਾ ਕੋਲ ਆਪਣੀ ਜ਼ਿੰਦਗੀ ਬਚਾਉਣ ਦਾ ਮੌਕਾ ਸੀ ਪਰ ਉਨ੍ਹਾਂ ਨੇ ਆਪਣੀ ਜ਼ਿੰਦਗੀ ਬਚਾਉਣ ਨਾਲੋਂ ਸ਼ਹਾਦਤ ਦਾ ਰਾਹ ਚੁਣਿਆ ਅਤੇ ਇਤਿਹਾਸ ਬਣਾਇਆ।