ਯੂਥ ਅਕਾਲੀ ਦਲ (ਬਾਦਲ) ਮੀਟਿੰਗ ‘ਚ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ

ਯੂਥ ਅਕਾਲੀ ਦਲ (ਬਾਦਲ) ਮੀਟਿੰਗ ‘ਚ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ

ਸਿਆਟਲ/ਬਿਊਰੋ ਨਿਊਜ਼
ਇੱਥੇ ਸ਼੍ਰੋਮਣੀ ਯੂਥ ਅਕਾਲੀ ਦਲ ਦੀ ਮੀਟਿੰਗ ਗੁਰਦੁਆਰਾ ਸਿੱਖ ਸੈਂਟਰ ਬਾਥਲ ਵਾਸ਼ਿੰਗਟਨ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਾਸ਼ਿੰਗਟਨ ਸਟੇਟ ਦੇ ਪ੍ਰਧਾਨ ਚੇਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਅਕਾਲੀ ਦਲ ਦਿਹਾਤੀ ਦਾ ਪ੍ਰਧਾਨ, ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਪਾਰਟੀ ਦਾ ਜਨਰਲ ਸਕੱਤਰ, ਸਿਕੰਦਰ ਸਿੰਘ ਮਲੂਕਾ ਨੂੰ ਬਠਿੰਡਾ ਦਿਹਾਤੀ ਦਾ ਪ੍ਰਧਾਨ ਤੇ ਕੁਲਵੰਤ ਸਿੰਘ ਕੀਤੂ ਨੂੰ ਬਰਨਾਲਾ ਅਕਾਲੀ ਦਲ ਦਿਹਾਤੀ ਪ੍ਰਧਾਨ ਬਣਾਉਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਤੇ ਲੱਡੂ ਵੰਡੇ ਗਏ । ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ । ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਵਾਸ਼ਿੰਗਟਨ ਸਟੇਟ ਦੇ ਪ੍ਰਧਾਨ ਗੁਰਵਿੰਦਰ ਸਿੰਘ ਮੁੱਲਾਪੁਰ, ਸਰਪੰਚ ਪ੍ਰਮਿੰਦਰ ਸਿੰਘ ਸਕੱਤਰ, ਮਨਮੋਹਨ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਤੇ ਗੁਰਮੇਲ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਬਾਥਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ । ਮੀਟਿੰਗ ਵਿਚ ਇਕ ਮਤਾ ਪਾਸ ਕਰਕੇ ਕਿਹਾ ਗਿਆ ਕਿ ਪੰਜਾਬ ਨਗਰ ਕਾਸਲਾਂ ਤੇ ਨਗਰ ਨਿਗਮਾਂ ਦੀਆਂ ਚੋਣਾਂ ਵਿਚ ਕਾਂਗਰਸ ਨੇ ਜਿਸ ਤਰ੍ਹਾਂ ਗੁੰਡਾਗਰਦੀ ਕਰਕੇ ਕਬਜ਼ੇ ਕੀਤੇ, ਇਹ ਪੰਜਾਬ ਦੇ ਇਤਿਹਾਸ ਵਿਚ ਪਹਿਲਾਂ ਕਦੇ ਨਹੀਂ ਹੋਇਆ । ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਵੀ ਹਾਸੋਹੀਣਾ ਕਰਾਰ ਦਿੱਤਾ ਜਿਸ ਵਿਚ ਮੁੱਖ ਮੰਤਰੀ ਨੇ ਚੋਣ ਨਤੀਜਿਆਂ ਨੂੰ ਸਰਕਾਰ ਦੇ ਕੰਮਾਂ ‘ਤੇ ਮੋਹਰ ਕਿਹਾ ਸੀ । ਇਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਤੇ ਝੂਠੇ ਵਾਅਦਿਆਂ ਤੋਂ ਬੇਹੱਦ ਦੁਖੀ ਹਨ ।