ਨਵੇਂ ਵਰ੍ਹੇ ਦਾ ਸਵਾਗਤ : ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਦਾ ਟੁੱਟਿਆ ਰਿਕਾਰਡ, ਰਾਤ ਭਰ ਪਰਿਕਰਮਾ ਵਿਚ ਬੈਠੇ ਰਹੇ ਲੋਕ

ਨਵੇਂ ਵਰ੍ਹੇ ਦਾ ਸਵਾਗਤ : ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਦਾ ਟੁੱਟਿਆ ਰਿਕਾਰਡ, ਰਾਤ ਭਰ ਪਰਿਕਰਮਾ ਵਿਚ ਬੈਠੇ ਰਹੇ ਲੋਕ
ਨਵੇਂ ਵਰ੍ਹੇ ਦੇ ਪਹਿਲੇ ਦਿਨ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਸਰਵਣ ਕਰਦੇ ਹੋਏ ਸ਼ਰਧਾਲੂ

ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼ਹਿਰ ਦੇ ਹੋਟਲਾਂ ਵਿੱਚ ਜਿੱਥੇ ਵੱਡੀ ਪੱਧਰ ‘ਤੇ ਲੋਕਾਂ ਨੇ ਨਵੇਂ ਵਰ੍ਹੇ ਦੀ ਆਮਦ ਨੂੰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ, ਉਥੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਸ਼ਨਿੱਚਰਵਾਰ ਨੂੰ ਸਵੇਰ ਤੋਂ ਹੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਸੀ ਅਤੇ ਸ਼ਾਮ ਪੈਣ ਤੱਕ ਏਨੀ ਸੰਗਤ ਪੁੱਜ ਚੁੱਕੀ ਸੀ ਕਿ ਪਰਿਕਰਮਾ ਵਿੱਚ ਤਿਲ ਸੁੱਟਣ ਦੀ ਵੀ ਥਾਂ ਨਹੀਂ ਸੀ। ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ਵਿੱਚ ਸੰਗਤ ਦੀ ਆਮਦ ਵੱਖਰਾ ਨਜ਼ਾਰਾ ਪੇਸ਼ ਕਰ ਰਹੀ ਸੀ। ਪਾਰਕਿੰਗ ਸਥਾਨ ਨੇੜਲੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਵਾਲੇ ਚੌਕ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਹਰ ਪਾਸੇ ਬੱਚੇ, ਬਜ਼ੁਰਗ, ਔਰਤਾਂ ਤੇ ਨੌਜਵਾਨ ਠੰਢ ਦੀ ਪ੍ਰਵਾਹ ਕੀਤੇ ਬਿਨਾਂ ਪੈਦਲ ਹੀ ਸ੍ਰੀ ਹਰਿਮੰਦਰ ਸਾਹਿਬ ਵੱਲ ਤੁਰੇ ਜਾ ਰਹੇ ਸਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਕਤਾਰਾਂ ਵਿੱਚ ਲੱਗੀਆਂ ਸੰਗਤਾਂ ਤੋਂ ਇਲਾਵਾ ਲੱਖਾਂ ਸ਼ਰਧਾਲੂਆਂ ਦੇ ਇਕੱਠ ਕਾਰਨ ਪਰਿਕਰਮਾ ਵਿੱਚੋਂ ਲੰਘਣਾ ਵੀ ਮੁਸ਼ਕਲ ਹੋਇਆ ਪਿਆ ਸੀ। ਸੰਗਤ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਤਿੰਨ ਘੰਟਿਆਂ ਤੋਂ ਵੱਧ ਦਾ ਸਮਾਂ ਵੀ ਲੱਗਦਾ ਰਿਹਾ। ਸਵੇਰੇ ਪੌਣੇ ਦੋ ਵਜੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਦੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਤਾਂ ਦਰਸ਼ਨੀ ਡਿਉਢੀ ਤੋਂ ਅਕਾਲ ਤਖ਼ਤ ਸਾਹਿਬ ਸਾਹਮਣੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਖੜ੍ਹੀਆਂ ਵੱਡੀ ਗਿਣਤੀ ਵਿਚ ਸੰਗਤਾਂ ਕਾਰਨ ਉਨ੍ਹਾਂ ਨੂੰ ਮੱਥਾ ਟੇਕਣ ਵਿਚ ਮੁਸ਼ਕਲ ਆਈ। ਲੋਕਾਂ ਵਿੱਚ ਸ਼ਰਧਾ ਏਨੀ ਸੀ ਕਿ ਸ਼ਰਧਾਲੂ ਸਾਰੀ ਰਾਤ ਪਰਿਕਰਮਾ ਵਿੱਚ ਹੀ ਬੈਠੇ ਰਹੇ। ਲੋਕਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਨਵੇਂ ਵਰ੍ਹੇ ਨੂੰ ਜੀ ਆਇਆਂ ਆਖਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਨਵੇਂ ਵਰ੍ਹੇ ‘ਤੇ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਕਾਰਨ ਬਹੁਤ ਸਾਰੇ ਸ਼ਰਧਾਲੂਆਂ ਨੂੰ ਪਰਿਕਰਮਾ ਵਿੱਚੋਂ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਪਰਤਣਾ ਪਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ੍ਰੀ ਸੁਲੱਖਣ ਸਿੰਘ ਨੇ ਕਿਹਾ ਕਿ ਸੰਗਤ ਦਾ ਜਿੰਨਾ ਇਕੱਠ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਵਰ੍ਹੇ ਮੌਕੇ ਵੇਖਿਆ ਹੈ, ਏਨਾ ਇਕੱਠ ਕਦੇ ਦੀਵਾਲੀ, ਵਿਸਾਖੀ ਜਾਂ ਹੋਰ ਗੁਰਪੁਰਬਾਂ ‘ਤੇ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਦੀਵਾਲੀ, ਵਿਸਾਖੀ ਨਾਲੋਂ ਚਾਰ ਗੁਣਾਂ ਤੋਂ ਵੱਧ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।