ਬਾਦਲਾਂ ਨੇ ਪੁਲੀਸ ਜਬਰ ਨਾਲ ਪਟਨਾ ਸਾਹਿਬ ਜਾਣ ਤੋਂ ਰੋਕਿਆ : ਸਿਮਰਨਜੀਤ ਸਿੰਘ ਮਾਨ

ਬਾਦਲਾਂ ਨੇ ਪੁਲੀਸ ਜਬਰ ਨਾਲ ਪਟਨਾ ਸਾਹਿਬ ਜਾਣ ਤੋਂ ਰੋਕਿਆ : ਸਿਮਰਨਜੀਤ ਸਿੰਘ ਮਾਨ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਾਦਲ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਸ੍ਰੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ 350 ਸਾਲ਼ਾ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪੁਲੀਸ ਦੇ ਜਬਰ ਨਾਲ ਰੋਕਿਆ ਗਿਆ। ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਆਏ ਸਿਮਰਨਜੀਤ ਮਾਨ ਨੇ ਕਿਹਾ ਕਿ ਉਨ੍ਹਾਂ ਅਤੇ ਜਥੇਦਾਰ ਸਾਹਿਬਾਨਾਂ ਦੇ ਘਰ ਬਾਦਲਾਂ ਨੇ ਪੁਲੀਸ ਦੇ ਛਾਪੇ ਮਰਵਾਏ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਤਾਂ ਗ੍ਰਿਫਤਾਰ ਵੀ ਕਰ ਲਿਆ ਗਿਆ ਜਿਨ੍ਹਾਂ ਨੂੰ ਗੁਰਦਾਸਪੁਰ ਦੀ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਪੁਲੀਸ ਜਬਰ ਦੀ ਨਿੰਦਾ ਕਰਦਿਆਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਡੀਜੀਪੀ, ਚੀਫ ਸੈਕਟਰੀ ਅਤੇ ਹੋਮ ਸੈਕਟਰੀ ਵਰਗੇ ਅਫਸਰਾਂ ਨੂੰ ਬਦਲ ਕੇ ਹੋਰ ਅਫਸਰਾਂ ਨੂੰ ਨਿਯੁਕਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਾਰੀਆਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਉਨ੍ਹਾਂ ਵੱਲੋਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੀ ਜਾਵੇਗੀ।