ਧਮਕੀ ਦੇਣ ਦੇ ਮਾਮਲੇ ਵਿਚ ਕਮਿਸ਼ਨ ਨੇ ਹਰਸਿਮਰਤ ਬਾਦਲ ਨੂੰ ਦਿੱਤਾ ਨੋਟਿਸ

ਧਮਕੀ ਦੇਣ ਦੇ ਮਾਮਲੇ ਵਿਚ ਕਮਿਸ਼ਨ ਨੇ ਹਰਸਿਮਰਤ ਬਾਦਲ ਨੂੰ ਦਿੱਤਾ ਨੋਟਿਸ

ਚੰਡੀਗੜ੍ਹ/ਬਿਊਰੋ ਨਿਊਜ਼ :
ਚੋਣ ਕਮਿਸ਼ਨ ਨੇ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸ੍ਰੀਮਤੀ ਬਾਦਲ ‘ਤੇ ਤਿੰਨ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਖ਼ਿਲਾਫ਼ ਧਮਕੀ ਭਰੀ ਬਿਆਨਬਾਜ਼ੀ ਕਰਨ ਦੇ ਦੋਸ਼ ਹਨ। ਇਸ ਸਬੰਧੀ ‘ਆਪ’ ਨੇ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ। ਚੋਣ ਕਮਿਸ਼ਨ ਕੋਲ ਸ੍ਰੀਮਤੀ ਬਾਦਲ ਦੇ ਬਿਆਨ ਵਾਲੀ ਸੀਡੀ ਵੀ ਪਹੁੰਚ ਗਈ ਹੈ।
ਰਾਜ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਨੋਟਿਸ ਦਿੱਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰ ਤੇ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਭਗਵੰਤ ਮਾਨ ਨੂੰ ਵੀ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਅਕਾਲੀ ਦਲ ਨੇ ਵੀ ਸ੍ਰੀ ਮਾਨ ‘ਤੇ ਭੜਕਾਊ ਬਿਆਨਬਾਜ਼ੀ ਕਰਨ ਅਤੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ‘ਤੇ ਹਮਲੇ ਕਰਨ ਲਈ ਉਕਸਾਉਣ ਦੇ ਦੋਸ਼ ਲਾਏ ਸਨ। ਕੇਂਦਰੀ ਮੰਤਰੀ ਸ੍ਰੀਮਤੀ ਬਾਦਲ ਦੀ ਬਿਆਨਬਾਜ਼ੀ ਦਾ ਮਾਮਲਾ ਤਾਂ ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਨੇ ਵੀ ਆਪਣੇ ਧਿਆਨ ਵਿਚ ਹੋਣ ਦੀ ਗੱਲ ਕਹੀ ਸੀ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀਮਤੀ ਬਾਦਲ ਦਾ ਜਵਾਬ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਸ੍ਰੀਮਤੀ ਬਾਦਲ ਵੱਲੋਂ ਮੀਡੀਆ ਵਿੱਚ ਦਿੱਤਾ ਬਿਆਨ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ। ਕਮਿਸ਼ਨ ਨੇ ਬਾਦਲਾਂ ਦੀ ਮਾਲਕੀ ਵਾਲੇ ਚੰਡੀਗੜ੍ਹ ਨਜ਼ਦੀਕ ਖੁੱਲ੍ਹੇ ਸੱਤ-ਤਾਰਾ ਹੋਟਲ ਸੁਖ ਵਿਲਾਸ ਦੇ ਮਾਮਲੇ ‘ਤੇ ਵੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ।
ਇਸੇ ਦੌਰਾਨ ਚੋਣ ਕਮਿਸ਼ਨ ਨੇ ਰਾਜ ਦੇ ਤਿੰਨ ਜ਼ਿਲ੍ਹਾ ਪੁਲੀਸ ਮੁਖੀਆਂ- ਹਰਚਰਨ ਸਿੰਘ ਭੁੱਲਰ (ਹੁਸ਼ਿਆਰਪੁਰ), ਸੁਖਮਿੰਦਰ ਸਿੰਘ ਮਾਨ (ਜਲੰਧਰ- ਦਿਹਾਤੀ) ਅਤੇ ਜਸਪ੍ਰੀਤ ਸਿੰਘ ਸੈਣੀ (ਗੁਰਦਾਸਪੁਰ) ‘ਤੇ ਵੀ ਕਰੜੀ ਨਜ਼ਰ ਰੱਖਣ ਦੀ ਹਦਾਇਤ ਦਿੱਤੀ ਹੈ। ਇਨ੍ਹਾਂ ਪੁਲੀਸ ਅਧਿਕਾਰੀਆਂ ‘ਤੇ ਹਾਕਮ ਧਿਰ ਦੇ ਉਮੀਦਵਾਰਾਂ ਦੀ ਮਦਦ ਕਰਨ ਅਤੇ ਅਕਾਲੀਆਂ ਨਾਲ ਸਬੰਧ ਹੋਣ ਦੇ ਦੋਸ਼ ਹਨ। ਚੋਣ ਕਮਿਸ਼ਨ ਵੱਲੋਂ ਇਨ੍ਹਾਂ ਜ਼ਿਲ੍ਹਾ ਪੁਲੀਸ ਮੁਖੀਆਂ ਦੇ ਕੰਮ ਦੀ ਸਮੀਖਿਆ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਪੁਲੀਸ ਕਮਿਸ਼ਨਰ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੰਭੀਰ ਸ਼ਿਕਾਇਤ ਆਉਣ ‘ਤੇ ਕਿਸੇ ਵੀ ਡੀਸੀ ਜਾਂ ਐਸਐਸਪੀ ਦਾ ਤਬਾਦਲਾ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਵੱਲੋਂ ਡੀਐਸਪੀ ਪੱਧਰ ਦੇ ਕੁਝ ‘ਪਸੰਦੀਦਾ’ ਅਫ਼ਸਰਾਂ ਦੀਆਂ ਤਾਇਨਾਤੀਆਂ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਮਿਸ਼ਨ ਵੱਲੋਂ ਡੀਐਸਪੀ ਪੱਧਰ ਦੇ ਅਫ਼ਸਰਾਂ ਦੀਆਂ ਤਾਇਨਾਤੀਆਂ ਵਿੱਚ ਵੀ ਸਰਕਾਰ ਦੀਆਂ ਸਿਫਾਰਿਸ਼ਾਂ ਦੀ ਘੋਖ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖੇਤਰ ਮਲੋਟ ਵਿੱਚ ਬਾਦਲਾਂ ਦੇ ਖਾਸ ਡੀਐਸਪੀ ਨੂੰ ਤਾਇਨਾਤ ਕਰਾਉਣ ਦੀਆਂ ਕੋਸ਼ਿਸ਼ਾਂ ਵੀ ਸ਼ੁਰੂ ਹੋ ਗਈਆਂ ਹਨ। ਇਹ ਪੁਲੀਸ ਅਫ਼ਸਰ ਇਨ੍ਹੀਂ ਦਿਨੀਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿਚ ਤਾਇਨਾਤ ਹੈ।
ਕਮਿਸ਼ਨ ਵੱਲੋਂ ਹਲਕਾ ਇੰਚਾਰਜਾਂ ਦੇ ਦਖ਼ਲ ਕਾਰਨ ਐਸਐਚਓ ਅਤੇ ਡੀਐਸਪੀ ਪੱਧਰ ਦੇ ਅਫ਼ਸਰਾਂ ਦੀ ਕਾਰਗੁਜ਼ਾਰੀ ‘ਤੇ ਨਿਗ੍ਹਾ ਰੱਖੀ ਜਾ ਰਹੀ ਹੈ। ਕਾਂਗਰਸ ਵੱਲੋਂ ਵੀ ਲੜਾਈ ਤਿੱਖੀ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦੀ ਸ਼ਿਕਾਇਤ ਕਰਕੇ ਉਨ੍ਹਾਂ ਉਤੇ ਹਾਕਮ ਪਾਰਟੀ ਦੀ ਹਮਾਇਤ ਕਰਨ ਅਤੇ ਬਾਦਲਾਂ ਨਾਲ ਰਲ਼ੇ ਹੋਣ ਦੇ ਦੋਸ਼ ਲਾਏ ਹਨ।
ਗ਼ੌਰਤਲਬ ਹੈ ਕਿ ਚੋਣ ਕਮਿਸ਼ਨ ਨੇ ਕੁਝ ਦਿਨ ਪਹਿਲਾਂ ਹੀ ਹਦਾਇਤ ਦਿੱਤੀ ਸੀ ਕਿ ਬਾਦਲ ਸਰਕਾਰ ਵੱਲੋਂ ਚੋਣ ਜ਼ਾਬਤਾ ਲੱਗਣ ਤੋਂ ਐਨ ਪਹਿਲਾਂ ਜਿਹੜੇ ਸਿਆਸੀ ਵਿਅਕਤੀਆਂ ਨੂੰ ਬੋਰਡਾਂ ਅਤੇ ਨਿਗਮਾਂ ਵਿੱਚ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਦੇ ਕੰਮ ‘ਤੇ ਰੋਕ ਲਗਾ ਦਿੱਤੀ ਜਾਵੇ।