ਗਿਆਨੀ ਗੁਰਬਚਨ ਸਿੰਘ ਨੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਪਿੱਛੇ ਆਭਾ ਚੱਕਰ ਨਾ ਦਿਖਾਉਣ ‘ਤੇ ਇਤਰਾਜ਼ ਪ੍ਰਗਟਾਇਆ

ਗਿਆਨੀ ਗੁਰਬਚਨ ਸਿੰਘ ਨੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਪਿੱਛੇ ਆਭਾ ਚੱਕਰ ਨਾ ਦਿਖਾਉਣ ‘ਤੇ ਇਤਰਾਜ਼ ਪ੍ਰਗਟਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ :
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਕ ਪਾਸੇ ਕੈਲੰਡਰਾਂ ‘ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਛਾਪਣ ਨੂੰ ਮਨਮਤ ਆਖਿਆ ਅਤੇ ਦੂਜੇ ਪਾਸੇ ਇਨ੍ਹਾਂ ਤਸਵੀਰਾਂ ਵਿੱਚ ਗੁਰੂ ਸਾਹਿਬ ਦੇ ਪਿੱਛੇ ਆਭਾ ਚੱਕਰ ਨਾ ਦਿਖਾਉਣ ‘ਤੇ ਇਤਰਾਜ਼ ਪ੍ਰਗਟਾਇਆ। ਇੱਥੇ ਜਾਰੀ ਇਕ ਬਿਆਨ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਦੇਸ਼-ਵਿਦੇਸ਼ ਤੋਂ ਸ਼ਿਕਾਇਤਾਂ ਆ ਰਹੀਆਂ  ਹਨ ਕਿ ਕੁਝ ਤਸਵੀਰਾਂ ਵਿੱਚ ਗੁਰੂ ਸਾਹਿਬਾਨ ਦੇ ਸੀਸ ਪਿੱਛੇ ਆਭਾ ਚੱਕਰ ਨਹੀਂ ਦਿਖਾਇਆ ਗਿਆ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਸਿੱਖਾਂ ਨੂੰ ਸਿਰਫ਼ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ ਹੈ ਪਰ ਕੁਝ ਲੋਕ ਇਸ ਤੋਂ ਗੁੰਮਰਾਹ ਹੋ ਕੇ ਗੁਰੂ ਸਾਹਿਬ ਦੀਆਂ ਤਸਵੀਰਾਂ ਛਾਪਦੇ ਹਨ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਹੀਂ ਛਾਪਣੀਆਂ ਚਾਹੀਦੀਆਂ। ਪਿਛਲੇ ਕੁਝ ਸਮੇਂ ਵਿੱਚ ਚਿੱਤਰਕਾਰਾਂ ਨੇ ਆਪਣੀ ਕਲਾ ਰਾਹੀਂ ਗੁਰੂਆਂ ਦੀਆਂ ਸ਼ਖ਼ਸੀਅਤਾਂ ਦਾ ਭਾਵਪੂਰਤ ਢੰਗ ਰਾਹੀਂ ਚਿਤਰਣ ਕਰਨ ਦਾ ਯਤਨ ਕੀਤਾ ਹੈ, ਜਿਸ ਨੂੰ ਲੋਕਾਂ ਨੇ ਪਸੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਤਸਵੀਰਾਂ ਵਿੱਚ ਗੁਰੂ ਸਾਹਿਬ ਦੇ ਸੀਸ ਦੁਆਲੇ ਅਧਿਆਤਮਕ ਆਭਾ ਚੱਕਰ ਦਿਖਾਇਆ ਗਿਆ ਸੀ, ਜਿਸ ਨਾਲ ਇਹ ਤਸਵੀਰਾਂ ਵੱਖ ਦਿਖਾਈ ਦਿੰਦੀਆਂ ਹਨ। ਉਨ੍ਹਾਂ ਆਖਿਆ ਕਿ ਕੁਝ ਤਸਵੀਰਾਂ ਵਿੱਚ ਇਹ ਆਭਾ ਚੱਕਰ ਨਹੀਂ ਦਿਖਾਇਆ, ਜਿਸ ਨਾਲ     ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਦੌਰਾਨ ਇਕ ਵੱਖਰੇ ਬਿਆਨ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਆਸਟਰੇਲੀਆ ਦੇ ਵਿੱਦਿਅਕ ਅਦਾਰਿਆਂ ਵਿੱਚ ਸਿੱਖਾਂ ਨਾਲ ਵਿਤਕਰਾ ਕਰਨ ‘ਤੇ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਆਖਿਆ ਕਿ ਆਸਟਰੇਲੀਆ ਦੇ ਇਕ ਸਕੂਲ ਵਿੱਚ ਸਿੱਖ ਵਿਦਿਆਰਥੀ ਨੂੰ ਪਟਕਾ ਬੰਨ੍ਹ ਕੇ ਜਾਣ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਆਸਟਰੇਲੀਆ ਦੀਆਂ ਸਿੱਖ ਜਥੇਬੰਦੀਆਂ ਨੂੰ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ ਹੈ।