ਕੈਪਟਨ ‘ਤੇ ਮਾਂ ਬੋਲੀ ਦੀ ਤੌਹੀਨ ਕਰਨ ਦਾ ਦੋਸ਼

ਕੈਪਟਨ ‘ਤੇ ਮਾਂ ਬੋਲੀ ਦੀ ਤੌਹੀਨ ਕਰਨ ਦਾ ਦੋਸ਼

ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬੀ ਮੰਚ ਦੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਅੰਗਰੇਜ਼ੀ ਵਿੱਚ ਚੁੱਕ ਕੇ ਮੁੱਢੋਂ ਹੀ ਮਾਂ ਬੋਲੀ ਦਾ ਨਿਰਾਦਰ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਿਰੁੱਧ ਯੂਟੀ ਪ੍ਰਸ਼ਾਸਨ ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾ ਦਾ ਰੁਤਬਾ ਦੇਣ ਵਿਰੁੱਧ ਲੜ ਰਹੇ ਹਨ, ਜਦਕਿ ਕੈਪਟਨ ਨੇ ਸਹੁੰ ਅੰਗਰੇਜ਼ੀ ਵਿੱਚ ਚੁੱਕ ਕੇ ਪੰਜਾਬੀ ਬੋਲੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਸੱਟ ਮਾਰੀ ਹੈ। ਕੈਪਟਨ ਤੇ ਰਾਣਾ ਗੁਰਜੀਤ ਸਿੰਘ ਨੇ ਅੰਗਰੇਜ਼ੀ, ਵਿਧਾਇਕਾ ਅਰੁਣਾ ਚੌਧਰੀ ਨੇ ਹਿੰਦੀ ਜਦਕਿ ਬਾਕੀ ਸਾਰੇ ਵਿਧਾਇਕਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ ਹੈ।

ਕਾਂਗਰਸੀਆਂ ਖ਼ਿਲਾਫ਼ ਦਰਜ ਕੇਸਾਂ ਦੀ ਜਾਂਚ ਕਮਿਸ਼ਨ ਕੋਲੋਂ ਕਰਵਾਈ ਜਾਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ :
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਕਮਾਨ ਸੰਭਾਲਣ ਪਿੱਛੋਂ ਪਿਛਲੀ ਸਰਕਾਰ ਦੇ ਕਾਰਜਕਾਲ ਵਿੱਚ ਸਿਆਸੀ ਕਿੜ ਕੱਢਣ ਲਈ ਕਾਂਗਰਸੀਆਂ ਖ਼ਿਲਾਫ਼ ਦਰਜ ਕੇਸਾਂ ਦਾ ਕਾਨੂੰਨੀ ਢੰਗ ਨਾਲ ਨਿਪਟਾਰਾ ਕਰਨ ਲਈ ਜਾਂਚ ਕਮਿਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਜਾਂਚ ਕਮਿਸ਼ਨ ਨੂੰ ਅਗਲੇ ਕੁਝ ਦਿਨਾਂ ਵਿੱਚ ਕਾਨੂੰਨੀ ਮਾਹਰਾਂ ਨਾਲ ਸਲਾਹ ਮਸ਼ਵਰੇ ਮਗਰੋਂ ਅਮਲੀ ਰੂਪ ਦਿੱਤਾ ਜਾਵੇਗਾ। ਯਾਦ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਈ ਵਿਧਾਨ ਸਭਾ ਹਲਕਿਆਂ ਦੇ ਕਾਂਗਰਸੀਆਂ ਨੇ ਕੈਪਟਨ ਅਮਰਿੰਦਰ ਸਿੰਘ ਕੋਲ ਉਨ੍ਹਾਂ ਖ਼ਿਲਾਫ਼ ਦਰਜ ਝੂਠੇ ਕੇਸਾਂ ਨਾਲ ਸਬੰਧਤ ਸ਼ਿਕਾਇਤਾਂ ਕੀਤੀਆਂ ਸਨ। ਉਦੋਂ ਕੈਪਟਨ ਨੇ ਭਰੋਸਾ ਦਿੱਤਾ ਸੀ ਕਿ ਕਾਂਗਰਸ ਸਰਕਾਰ ਆਉਣ ਸਮੇਂ ਸਾਰੇ ਕੇਸਾਂ ਦੇ ਮੁਲਾਂਕਣ ਮਗਰੋਂ ਇਨ੍ਹਾਂ ਨੂੰ ਰੱਦ ਕਰਵਾਇਆ ਜਾਵੇਗਾ। ਇਸ ਵਾਅਦੇ ਨੂੰ ਪੂਰਾ ਕਰਨ ਲਈ ਹੀ ਕਮਿਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ।