ਮੁਤਵਾਜ਼ੀ ਜਥੇਦਾਰਾਂ ਨੇ ਕੈਪਟਨ ਸਰਕਾਰ ਤੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਕੀਤੀ ਮੰਗ

ਮੁਤਵਾਜ਼ੀ ਜਥੇਦਾਰਾਂ ਨੇ ਕੈਪਟਨ ਸਰਕਾਰ ਤੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਕੀਤੀ ਮੰਗ

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਫਾਈਲ ਫੋਟੋ।
ਤਲਵੰਡੀ ਸਾਬੋ/ਬਿਊਰੋ ਨਿਊਜ਼ :
ਮੁਤਵਾਜ਼ੀ ਜਥੇਦਾਰਾਂ ਨੇ ਜਾਰੀ ਕੀਤੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੀ ਨਵੀਂ ਬਣੀ ਕੈਪਟਨ ਸਰਕਾਰ ਹੁਣ ਬਰਗਾੜੀ ਸਮੇਤ ਪਿਛਲੇ ਸਮੇਂ ਵਿੱਚ ਪੰਜਾਬ ਅੰਦਰ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਯੋਗ ਸਜ਼ਾਵਾਂ ਦਿਵਾ ਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਕਥਿਤ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰੇ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰੇ।
ਸਰਬੱਤ ਖ਼ਾਲਸਾ ਵੱਲੋਂ ਅਕਾਲ ਤਖ਼ਤ ਦੇ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਸਹਿਮਤੀ ਨਾਲ ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਸਰਬੱਤ ਖਾਲਸਾ ਕੰਟਰੋਲ ਰੂਮ ਤੋਂ ਜਾਰੀ ਬਿਆਨ ਵਿੱਚ ਕਿਹਾ ਕਿ ਵੋਟਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ‘ਤੇ ਵਿਸ਼ਵਾਸ ਕਰਦਿਆਂ ਪੰਜਾਬੀਆਂ ਨੇ ਉਨ੍ਹਾਂ ਦੇ ਹੱਕ ਵਿੱਚ ਫ਼ਤਵਾ ਕੇ ਕੈਪਟਨ ਦੀ ਸਰਕਾਰ ਕਾਇਮ ਕੀਤੀ ਹੈ। ਹੁਣ ਜਦ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਨੇ ਸਹੁੰ ਵੀ ਚੁੱਕ ਲਈ ਹੈ ਤਾਂ ਉਨ੍ਹਾਂ ਦਾ ਇਖ਼ਲਾਕੀ ਫ਼ਰਜ਼ ਬਣਦਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਨਾਲ-ਨਾਲ ਕੈਪਟਨ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ, ਜਿਸ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਦੋ ਸਿੰਘ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਸ਼ਹੀਦ ਹੋ ਗਏ ਸਨ, ਦੇ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾਵਾਂ ਦਿਵਾਏ। ਜਥੇਦਾਰਾਂ ਨੇ ਕਿਹਾ ਕਿ ਜਿੱਥੇ ਕੈਪਟਨ ਸਰਕਾਰ ਗੋਲੀ ਕਾਂਡ ਸਬੰਧੀ ਗਠਿਤ ਜਾਂਚ ਕਮਿਸ਼ਨਾਂ ਦੀ ਰਿਪੋਰਟ ਜਨਤਕ ਕਰੇ, ਉੱਥੇ ਹੀ ਮੁਹਾਲੀ ਵਿਖੇ ਗੁਰਬਾਣੀ ਲਿਖੇ ਪੱਤਰਿਆਂ ਦੀਆਂ ਪਲੇਟਾਂ ਬਣਾ ਰਹੇ ਲੋਕਾਂ ਉੱਪਰ ਤੁਰੰਤ ਕਾਰਵਾਈ ਕਰੇ ਤਾਂ ਜੋ ਅੱਗੇ ਤੋਂ ਕੋਈ ਗੁਰਬਾਣੀ ਸ਼ਬਦਾਂ ਦੀ ਬੇਅਦਬੀ ਕਰਨ ਦੀ ਜੁਰੱਅਤ ਨਾ ਸਕੇ। ਮੁਤਵਾਜ਼ੀ ਜਥੇਦਾਰਾਂ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਦਰਜ ਕੀਤੇ ਗਏ ਝੂਠੇ ਕੇਸਾਂ ਨੂੰ ਤੁਰੰਤ ਖਾਰਜ ਕਰਨ ਲਈ ਕਿਹਾ ਹੈ। ਉਨ੍ਹਾਂ ਕੈਪਟਨ ਸਰਕਾਰ ਤੋਂ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਸਾਰੇ ਧਰਮ ਗ੍ਰੰਥਾਂ ਦਾ ਸਤਿਕਾਰ ਬਹਾਲ ਰੱਖਣ ਲਈ ਯਤਨ ਕਰਨ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਠੋਸ ਉਪਰਾਲੇ ਕਰਨ ਲਈ ਵੀ ਕਿਹਾ।