ਏਕਮ ਹੱਤਿਆ ਮਾਮਲੇ ਦੀ ਜਾਂਚ ਵਿਸ਼ੇਸ਼ ਟੀਮ ਹਵਾਲੇ

ਏਕਮ ਹੱਤਿਆ ਮਾਮਲੇ ਦੀ ਜਾਂਚ ਵਿਸ਼ੇਸ਼ ਟੀਮ ਹਵਾਲੇ

ਐਸ.ਏ.ਐਸ. ਨਗਰ (ਮੁਹਾਲੀ) : ਮਨੁੱਖੀ ਅਧਿਕਾਰ ਕਾਰਕੁਨ ਜਸਪਾਲ ਸਿੰਘ ਢਿੱਲੋਂ ਦੇ ਪੁੱਤਰ ਏਕਮ ਸਿੰਘ ਢਿੱਲੋਂ ਦੀ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਹੈ। ਪੀੜਤ ਪਰਿਵਾਰ ਏਕਮ ਦੇ ਬੱਚਿਆਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਨੂੰ ਮਿਲਿਆ ਅਤੇ ਮੁਹਾਲੀ ਦੇ ਐਸਪੀ ਸਿਟੀ ਪਰਮਿੰਦਰ ਸਿੰਘ ਭੰਡਾਲ ਖ਼ਿਲਾਫ਼ ਗੰਭੀਰ ਦੋਸ਼ ਲਾਏ।
ਦੱਸਣਯੋਗ ਹੈ ਕਿ ਮੌਕੇ ਤੋਂ ਬਰਾਮਦ .9 ਐਮਐਮ ਦੇ ਮਾਊਜ਼ਰ ਨੂੰ ਸੀਰਤ ਲਾਇਸੈਂਸੀ ਦੱਸ ਰਹੀ ਸੀ ਪਰ ਹੁਣ ਤੱਕ ਸੀਰਤ ਜਾਂ ਉਸ ਦੇ ਮਾਪੇ ਪਿਸਤੌਲ ਦਾ ਲਾਇਸੈਂਸ ਨਹੀਂ ਦਿਖਾ ਸਕੇ। ਪੁਲੀਸ ਦਾ ਮੰਨਣਾ ਹੈ ਕਿ ਇਹ ਪਿਸਤੌਲ ਵੀ ਨਾਜਾਇਜ਼ ਹੋ ਸਕਦਾ ਹੈ। ਪੁਲੀਸ ਅਨੁਸਾਰ ਸੀਰਤ ਦੇ ਕਈ ਬੰਦਿਆਂ ਨਾਲ ਕਥਿਤ ਤੌਰ ‘ਤੇ ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗਿਆ ਹੈ।
ਏਕਮ ਦੇ ਪਿਤਾ ਜਸਪਾਲ ਸਿੰਘ ਢਿੱਲੋਂ ਨੇ ਐਸਪੀ ਸਿਟੀ ‘ਤੇ ਦੋਸ਼ ਲਾਇਆ ਕਿ ਪੁਲੀਸ ਸਾਬਕਾ ਕਾਂਗਰਸੀ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ ਦੀ ਭਾਣਜੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਸ ਕੇਸ ਵਿੱਚ ਸਥਾਨਕ ਪੁਲੀਸ ‘ਤੇ ਬੇਭਰੋਸਗੀ ਜ਼ਾਹਰ ਕਰਦਿਆਂ ਇਸ ਮਾਮਲੇ ਦੀ ਕਿਸੇ ਸੀਨੀਅਰ ਪੁਲੀਸ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲੀਸ ਦੀ ਸ਼ੱਕੀ ਭੂਮਿਕਾ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਉਹ ਉਦੋਂ ਤੱਕ ਆਪਣੇ ਪੁੱਤ ਦਾ ਸਸਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੀਰਤ ਨੂੰ ਉਸ ਦਾ ਕਥਿਤ ਪ੍ਰੇਮੀ ਆਪਣੀ ਕਾਰ ਵਿੱਚ ਥਾਣੇ ਛੱਡਣ ਆਇਆ ਸੀ। ਪੁਲੀਸ ਨੇ ਸੀਰਤ ਦੀ ਗ੍ਰਿਫ਼ਤਾਰੀ ਤਾਂ ਪਾ ਲਈ ਪਰ ਕਾਰ ਤੇ ਉਸ ਦੇ ਦੋਸਤ ਨੂੰ ਜਾਣ ਦਿੱਤਾ ਗਿਆ। ਉਨ੍ਹਾਂ ਇਸ ਮਾਮਲੇ ਵਿੱਚ ਪੰਚਕੂਲਾ ਦੇ ਇਕ ਪ੍ਰਾਪਰਟੀ ਡੀਲਰ ਦੇ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਡੀਲਰ ਦੀ ਮੁਲਜ਼ਮ ਸੀਰਤ ਨਾਲ ਨੇੜਤਾ ਹੈ ਅਤੇ ਉਸ ਦੇ ਵੱਡੇ ਆਗੂਆਂ ਤੇ ਨੌਕਰਸ਼ਾਹਾਂ ਨਾਲ ਨਜ਼ਦੀਕੀ ਸਬੰਧਾਂ ਕਾਰਨ ਪੁਲੀਸ ਦਬਾਅ ਹੇਠ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐਸਐਸਪੀ ਦੀ ਅਗਵਾਈ ਹੇਠ ਸਿਟ ਦਾ ਗਠਨ ਕਰ ਦਿੱਤਾ। ਇਸ ਮਗਰੋਂ ਪਰਿਵਾਰ ਨੇ ਲਾਸ਼ ਦਾ ਸਸਕਾਰ ਕਰਨ ਦਾ ਫੈਸਲਾ ਲਿਆ। ਮੈਡੀਕਲ ਬੋਰਡ ਨੇ ਲਾਸ਼ ਦਾ ਪੋਸਟ ਮਾਰਟਮ ਕੀਤਾ ਅਤੇ ਵਿਸਰਾ ਜਾਂਚ ਲਈ ਕੈਮੀਕਲ ਲੈਬਾਰਟਰੀ ਵਿੱਚ ਭੇਜਿਆ ਗਿਆ।
ਮਟੌਰ ਥਾਣੇ ਦੇ ਐਸਐਚਓ ਬਲਜਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਮੁਲਜ਼ਮ ਸੀਰਤ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਦੌਰਾਨ ਸੀਰਤ ਦੇ ਕਈ ਵਿਅਕਤੀਆਂ ਨਾਲ ਕਥਿਤ ਸਬੰਧਾਂ ਬਾਰੇ ਪਤਾ ਲੱਗਿਆ ਹੈ। ਇਸ ਸਬੰਧੀ ਉਸ ਦੇ ਦੋਸਤਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਆਖਿਆ ਗਿਆ ਹੈ। ਸ੍ਰੀ ਪੰਨੂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸੀਰਤ ਦੇ ਭਰਾ ਦੇ ਦੋਸਤ ਜਗਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।
ਉਧਰ ਐਸਪੀ ਸਿਟੀ ਪਰਮਿੰਦਰ ਸਿੰਘ ਭੰਡਾਲ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਤੇ ਮਨਘੜਤ ਦੱਸਿਆ। ਉਨ੍ਹਾਂ ਕਿਹਾ ਕਿ ਧਮਕੀ ਵਾਲੀ ਕੋਈ ਗੱਲ ਨਹੀਂ ਹੈ ਅਤੇ ਜੇ ਪਰਿਵਾਰ ਨੂੰ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੇ ਸ਼ਾਮਲ ਹੋਣ ਬਾਰੇ ਕੋਈ ਸ਼ੱਕ ਜਾਂ ਜਾਣਕਾਰੀ ਹੈ ਤਾਂ ਉਹ ਇਸ ਸਬੰਧੀ ਉਨ੍ਹਾਂ ਨਾਲ ਜਾਂ ਐਸਐਸਪੀ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਮਟੌਰ ਥਾਣੇ ਦੇ ਐਸਐਚਓ ਨੇ ਫੜਿਆ ਸੀ ਅਤੇ ਉਹ ਤਾਂ ਮੌਕੇ ‘ਤੇ ਵੀ ਨਹੀਂ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ।