ਦਮਦਮਾ ਸਾਹਿਬ ਦੇ ਬਹੁਤੇ ਜਥੇਦਾਰ ਵਿਵਾਦਾਂ ਵਿੱਚ ਹੀ ਰਹੇ

ਦਮਦਮਾ ਸਾਹਿਬ ਦੇ ਬਹੁਤੇ ਜਥੇਦਾਰ ਵਿਵਾਦਾਂ ਵਿੱਚ ਹੀ ਰਹੇ

ਬਠਿੰਡਾ/ ਚਰਨਜੀਤ ਭੁੱਲਰ :
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਕਿਸੇ ਨਾ ਕਿਸੇ ਰੂਪ ਵਿੱਚ ਵਿਵਾਦਾਂ ਵਿੱਚ ਹੀ ਘਿਰੇ ਰਹੇ ਹਨ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੀ ਛੁੱਟੀ ਕਰ ਦਿੱਤੀ ਗਈ।
ਗਿਆਨੀ ਗੁਰਮੁਖ ਸਿੰਘ ਨੂੰ ਜਨਵਰੀ 2015 ਵਿੱਚ ਕਾਰਜਕਾਰੀ ਜਥੇਦਾਰ ਲਾਇਆ ਗਿਆ ਸੀ। ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਤੋਂ ਜਥੇਦਾਰ ਨੇ ਹੁਣ ਅਕਾਲੀ ਲੀਡਰਸ਼ਿਪ ਖ਼ਿਲਾਫ਼ ਬਾਗ਼ੀ ਰੁਖ਼ ਅਖਤਿਆਰ ਕਰ ਲਿਆ ਸੀ। ਚੋਣਾਂ ਤੋਂ ਪਹਿਲਾਂ ਉਨ੍ਹਾਂ ਡੇਰਾ ਸਿਰਸਾ ਗਏ ਸਿਆਸਤਦਾਨਾਂ ਦੇ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਸੀ। ਤਿੰਨ ਦਿਨ ਪਹਿਲਾਂ ਉਨ੍ਹਾਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਸੀ। ਅਖੀਰ ਅੰਤ੍ਰਿੰਗ ਕਮੇਟੀ ਨੇ ਹੁਣ ਉਨ੍ਹਾਂ ਨੂੰ ਜਥੇਦਾਰੀ ਤੋਂ ਲਾਂਭੇ ਕਰ ਦਿੱਤਾ। ਉਨ੍ਹਾਂ ਤੋਂ ਪਹਿਲੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਵੀ 17 ਜਨਵਰੀ 2015 ਨੂੰ ਜਥੇਦਾਰੀ ਤੋਂ ਹਟਾਇਆ ਗਿਆ ਸੀ। ਸ੍ਰੀ ਨੰਦਗੜ੍ਹ ਨੇ ਸਾਲ 2002 ਵਿੱਚ ਜਥੇਦਾਰੀ ਸੰਭਾਲੀ ਸੀ। ਉਨ੍ਹਾਂ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਦੇ ਮਾਮਲੇ ਉਤੇ ਲਏ ਸਟੈਂਡ ਮਗਰੋਂ ਬਖੇੜਾ ਖੜ੍ਹਾ ਹੋ ਗਿਆ ਸੀ। ਉਨ੍ਹਾਂ ਡੇਰਾ ਸਿਰਸਾ ਮੁਖੀ ਖ਼ਿਲਾਫ਼ ਵੀ ਸਖ਼ਤ ਸਟੈਂਡ ਲਿਆ ਸੀ। ਸ਼੍ਰੋਮਣੀ ਕਮੇਟੀ ਨੇ ਅਖੀਰ ਉਨ੍ਹਾਂ ਨੂੰ ਵੀ ਜਥੇਦਾਰੀ ਤੋਂ ਹਟਾ ਦਿੱਤਾ ਸੀ।
ਨੰਦਗੜ੍ਹ ਤੋਂ ਪਹਿਲੇ ਜਥੇਦਾਰ ਗਿਆਨੀ ਕੇਵਲ ਸਿੰਘ ਆਪਣੇ ਪਰਿਵਾਰਕ ਮਾਮਲੇ ਵਿੱਚ ਉਲਝਣ ਕਰ ਕੇ ਅਸਤੀਫ਼ਾ ਦੇ ਗਏ ਸਨ। ਉਨ੍ਹਾਂ ਦੇ ਅਸਤੀਫ਼ੇ ਮਗਰੋਂ ਪ੍ਰੋ. ਮਨਜੀਤ ਸਿੰਘ ਨੂੰ ਵਾਧੂ ਚਾਰਜ ਦਿੱਤਾ ਗਿਆ ਸੀ ਅਤੇ ਉਸ ਮਗਰੋਂ ਜਥੇਦਾਰ ਨੰਦਗੜ੍ਹ ਨੂੰ ਤਾਇਨਾਤ ਕੀਤਾ ਗਿਆ ਸੀ। ਸੂਤਰ ਆਖਦੇ ਹਨ ਕਿ ਦਮਦਮਾ ਸਾਹਿਬ ਦੇ ਜਥੇਦਾਰ ਵਿਵਾਦਤ ਹੀ ਰਹੇ ਹਨ।
ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਦਾ ਕਹਿਣਾ ਹੈ ਕਿ ਗਿਆਨੀ ਗੁਰਮੁਖ ਸਿੰਘ ਡੇਰਾ ਸਿਰਸਾ ਦੇ ਮੁਖੀ ਦੇ ਮੁਆਫ਼ੀ ਦੇ ਮਾਮਲੇ ਉਤੇ ਪਹਿਲਾਂ ਕਿਉਂ ਚੁੱਪ ਰਹੇ। ਸਿੱਖ ਵਿਦਵਾਨ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਕਿਹਾ ਕਿ ਪੰਥਕ ਮੁੱਦਿਆਂ ‘ਤੇ ਤਖ਼ਤ ਦਮਦਮਾ ਸਾਹਿਬ ਦੀ ਭੂਮਿਕਾ ਪੰਥ ਹਿਤੈਸ਼ੀ ਰਹੀ ਹੈ ਅਤੇ ਇੱਥੋਂ ਵੱਡੇ ਵੱਡੇ ਫੈਸਲੇ ਹੁੰਦੇ ਰਹੇ ਹਨ। ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰਾਂ ਦੀ ਸੁਰ ਵੱਖਰੀ ਰਹੀ ਹੈ, ਜੋ ਮੌਕੇ ‘ਤੇ ਕਾਬਜ਼ ਧਿਰ ਨੂੰ ਪ੍ਰਵਾਨ ਨਹੀਂ ਹੁੰਦੀ, ਜਿਸ ਕਰ ਕੇ ਜਥੇਦਾਰ ਤਬਦੀਲ ਕੀਤੇ ਜਾਂਦੇ ਰਹੇ ਹਨ।