ਸਿੱਖ ਬੀਬੀ ਦੇ ਕਕਾਰਾਂ ਦੀ ਬੇਅਦਬੀ ਕਰਨ ਦੀ ਨਿਖੇਧੀ

ਸਿੱਖ ਬੀਬੀ ਦੇ ਕਕਾਰਾਂ ਦੀ ਬੇਅਦਬੀ ਕਰਨ ਦੀ ਨਿਖੇਧੀ

ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕਸਬਾ ਹਰੀਕੇ ਪੱਤਣ ਵਿੱਚ ਇਕ ਸਿੱਖ ਬੀਬੀ ਦੇ ਕਕਾਰਾਂ ਦੀ ਬੇਅਦਬੀ ਕਰਨ, ਇਕ ਦਲਿਤ ਮਹਿਲਾ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਕਥਿਤ ਫ਼ਿਰਕਾਪ੍ਰਸਤ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ। ਪ੍ਰੋ. ਬਡੂੰਗਰ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪੁਲੀਸ ਨੇ ਸਿਆਸੀ ਦਬਾਅ ਅਧੀਨ ਵਿਤਕਰੇ ਵਾਲੀ ਕਾਰਵਾਈ ਕਰਦਿਆਂ ਉਲਟਾ ਪੀੜਤਾਂ ਉੱਪਰ ਹੀ ਮੁਕੱਦਮਾ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਸੀ ਸ਼ਕਤੀ ਦੀ ਦੁਰਵਰਤੋਂ ਕਰ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਹ ਵਰਤਾਰਾ ਮੰਦਭਾਗਾ ਹੈ, ਜਿਸ ‘ਤੇ ਤੁਰੰਤ ਰੋਕ ਲਗਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਆਖਿਆ ਕਿ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਡਾ. ਰਣਜੀਤ ਕੌਰ ਵੀ ਹਾਜ਼ਰ ਸਨ।