ਗੁਰੂਘਰਾਂ ‘ਤੇ ਕਬਜ਼ਾ ਨਾ ਰੁਕੇ ਤਾਂ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਮੁਹਿੰਮ ਵਿੱਢਾਂਗੇ : ਸੁਖਬੀਰ ਬਾਦਲ

ਗੁਰੂਘਰਾਂ ‘ਤੇ ਕਬਜ਼ਾ ਨਾ ਰੁਕੇ ਤਾਂ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਮੁਹਿੰਮ ਵਿੱਢਾਂਗੇ : ਸੁਖਬੀਰ ਬਾਦਲ
ਕੈਪਸ਼ਨ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਬਾਹਰ ਆਉਂਦੇ ਹੋਏ।

ਅੰਮ੍ਰਿਤਸਰ/ਬਿਊਰੋ ਨਿਊਜ਼ :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇ ਕਾਂਗਰਸ ਨੇ ਆਪਣੇ ਵਿਧਾਇਕਾਂ ਜਾਂ ਸਮਰਥਕਾਂ ਰਾਹੀਂ ਗੁਰੂਘਰ ਦੀਆਂ ਜ਼ਮੀਨਾਂ ‘ਤੇ ਕਬਜ਼ੇ ਕਰਾਉਣ ਦੀ ਕਾਰਵਾਈ ਨੂੰ ਨੱਥ ਨਾ ਪਾਈ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖ਼ਿਲਾਫ਼ ਸਾਂਝੀ ਮੁਹਿੰਮ ਵਿੱਢੀ ਜਾਵੇਗੀ। ਸ੍ਰੀ ਬਾਦਲ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੀ ਸ਼ਾਮਲ ਸਨ।
ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਗੁਰੂਘਰਾਂ ਦੀਆਂ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ, ਜੋ ਮੰਦਭਾਗਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਵਿਧਾਇਕ ਅਤੇ ਉਨ੍ਹਾਂ ਦੇ ਸਮਰਥਕ ਸ਼੍ਰੋਮਣੀ ਕਮੇਟੀ ਦੀ ਜ਼ਮੀਨ ‘ਤੇ ਨਜਾਇਜ਼ ਕਬਜ਼ੇ ਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਸ ਕਾਰਵਾਈ ਨੂੰ ਨੱਥ ਨਾ ਪਾਈ ਤਾਂ ਇਸ ਖਿਲਾਫ਼ ਮੁਹਿੰਮ ਵਿੱਢੀ ਜਾਵੇਗੀ।  ਯਾਦ ਰਹੇ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਕੀਤੇ ਜਾ ਰਹੇ ਨਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ।
ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ‘ਤੇ ਰੇਤ ਖੱਡਾਂ ਦੀ ਬੋਲੀ ਮੌਕੇ ਲੱਗੇ ਦੋਸ਼ਾਂ ਦੀ ਸਰਕਾਰ ਵੱਲੋਂ ਜੁਡੀਸ਼ਲ ਜਾਂਚ ਕਰਾਉਣ ਦੇ ਦਿੱਤੇ ਗਏ ਆਦੇਸ਼ਾਂ ਬਾਰੇ ਟਿੱਪਣੀ ਕਰਦਿਆਂ ਸ੍ਰੀ ਬਾਦਲ ਨੇ ਇਸ ਨੂੰ ਵੱਡਾ ਮਾਮਲਾ ਦੱਸਿਆ। ਉਨ੍ਹਾਂ ਦਾਅਵਾ ਕੀਤਾ ਕਿ ਇਹ ਤਾਂ ਇਕ ਮਾਮਲਾ ਹੈ, ਜੋ ਸਾਹਮਣੇ ਆਇਆ ਹੈ ਜਦਕਿ ਪੰਦਰਾਂ ਅਜਿਹੇ ਹੋਰ ਮਾਮਲੇ ਹਨ, ਜਿਨ੍ਹਾਂ ਵਿੱਚ ਕਾਂਗਰਸੀ ਵਿਧਾਇਕਾਂ ਦੇ ਹਿੱਸੇ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਮੌਕੇ ਵੀ ਕਾਂਗਰਸ ਸਰਕਾਰ ਨੇ ਆਪਣਾ ਏਕਾਧਿਕਾਰ ਕਾਇਮ ਕਰਨ ਦਾ ਯਤਨ ਕੀਤਾ ਹੈ। ਅਮਨ ਅਤੇ ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੋ ਮਹੀਨੇ ਵਿਚ ਸਥਿਤੀ ਬਦਤਰ ਹੋ ਚੁੱਕੀ ਹੈ। ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਅਕਾਲੀਆਂ ਖਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਆਪ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਵੀ ਨਿਸ਼ਾਨਾ ਸਾਧਿਆ।
ਮੀਟਿੰਗ ਵਿੱਚ ਪ੍ਰੋ. ਬਡੂੰਗਰ ਤੋਂ ਇਲਾਵਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਸਮੇਤ ਹੋਰ ਅਹੁਦੇਦਾਰ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮਾਲਵਾ ਬੈਲਟ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਾਮਲ ਸਨ। ਮੀਟਿੰਗ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੀ ਪੁੱਜੇ, ਪਰ ਉਹ ਵੱਖਰੇ ਕਮਰੇ ਵਿੱਚ ਬੈਠੇ ਰਹੇ।