ਘੱਲੂਘਾਰਾ ਦਿਵਸ ਲਈ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ

ਘੱਲੂਘਾਰਾ ਦਿਵਸ ਲਈ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ
ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿੱਚ ਤਾਇਨਾਤ ਅਰਧ-ਸੁਰੱਖਿਆ ਬਲ ਅਤੇ ਪੰਜਾਬ ਪੁਲੀਸ ਦੇ ਮੁਲਾਜ਼ਮ।

ਅੰਮ੍ਰਿਤਸਰ/ਬਿਊਰੋ ਨਿਊਜ਼ :
ਸਾਕਾ ਨੀਲਾ ਤਾਰਾ ਅਰਦਾਸ ਸਮਾਗਮ ਮੌਕੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਤਹਿਤ ਵੱਖ-ਵੱਖ ਥਾਵਾਂ ‘ਤੇ ਪੁਲੀਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ 6 ਜੂਨ ਨੂੰ ਸ਼ਹੀਦੀ ਸਮਾਗਮ ਸ਼ਾਂਤਮਈ ਅਤੇ ਵੈਰਾਗਮਈ ਅਵਸਥਾ ਵਿੱਚ ਮਿਲ ਬੈਠ ਕੇ ਮਨਾਇਆ ਜਾਵੇ।
ਸਰਕਾਰ ਵੱਲੋਂ ਇਸ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਵਿੱਚ ਨਿਗਰਾਨੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਵੱਖ-ਵੱਖ ਥਾਵਾਂ ‘ਤੇ ਪੁਲੀਸ ਤਾਇਨਾਤ ਕੀਤੀ ਗਈ ਹੈ। ਸ਼ਹਿਰ ਵਿੱਚ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਮੁਤਾਬਕ ਆਉਂਦੇ ਦਿਨਾਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਲਗਭਗ ਦੋ ਹਜ਼ਾਰ ਜਵਾਨ ਤਾਇਨਾਤ ਕੀਤੇ ਜਾਣਗੇ। ਇਸ ਸਬੰਧ ਵਿੱਚ ਨੀਮ ਫੌਜੀ ਬਲਾਂ ਦਾ ਵੀ ਸਹਿਯੋਗ ਲਿਆ ਜਾਵੇਗਾ।
ਸ਼੍ਰੋਮਣੀ  ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ  ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਦੁਆਰਿਆਂ  ਵਿਖੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿੱਚ  ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਅਕਾਲ ਤਖ਼ਤ ਵਿਖੇ 6 ਜੂਨ ਨੂੰ ਅਖੰਡ ਪਾਠ ਦੇ ਭੋਗ ਪਾਏ  ਜਾਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ‘ਘੱਲੂਘਾਰਾ ਦਿਵਸ’ ਵਜੋਂ ਮਨਾਉਂਦਿਆਂ ਆਪਣੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਅਰਦਾਸ ਕਰਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ 85 ਅਤੇ ਸੈਕਸ਼ਨ 87 ਅਧੀਨ ਆਉਂਦੇ ਸਮੂਹ ਗੁਰਦੁਆਰਿਆਂ ਦੇ  ਮੈਨੇਜਰਾਂ ਨੂੰ ਵੀ ਪੱਤਰ ਭੇਜ ਕੇ ਕਿਹਾ ਹੈ ਕਿ ਅਖੰਡ ਪਾਠ ਦੇ ਪ੍ਰਕਾਸ਼ 4 ਜੂਨ ਨੂੰ ਕਰਵਾ ਕੇ 6 ਜੂਨ ਨੂੰ ਭੋਗ ਪਾਉਣ ਉਪਰੰਤ ਅਰਦਾਸ ਸਮਾਗਮ ਕਰਕੇ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ।