ਬ੍ਰਿਟਿਸ਼ ਕੋਲੰਬੀਆ : ਕੈਨੇਡਾ ਦੇ ਇਤਿਹਾਸ ਵਿਚ ਪਹਿਲੀ ਵਾਰ ਦਸਤਾਰਧਾਰੀ ਬਣੀ ਜੱਜ

ਬ੍ਰਿਟਿਸ਼ ਕੋਲੰਬੀਆ : ਕੈਨੇਡਾ ਦੇ ਇਤਿਹਾਸ ਵਿਚ ਪਹਿਲੀ ਵਾਰ ਦਸਤਾਰਧਾਰੀ ਬਣੀ ਜੱਜ

ਫਿਲੌਰ/ਬਿਊਰੋ ਨਿਊਜ਼ :
ਕੈਨੇਡੀਅਨ ਵਕੀਲ ਪਲਬਿੰਦਰ ਕੌਰ ਸ਼ੇਰਗਿੱਲ ਨੂੰ ਸੁਪਰੀਮ ਕੋਰਟ ਆਫ਼ ਬ੍ਰਿਟਿਸ਼ ਕੋਲੰਬੀਆ ਦੀ ਜੱਜ ਨਿਯੁਕਤ ਕੀਤਾ ਗਿਆ ਹੈ। ਕੈਨੇਡਾ ਦੇ ਇਤਿਹਾਸ ਵਿਚ ਉਹ ਪਹਿਲੀ ਦਸਤਾਰਧਾਰੀ ਜੱਜ ਬਣੀ ਹੈ। ਜਸਟਿਸ ਸ਼ੇਰਗਿੱਲ ਨੇ ਕੈਨੇਡਾ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਕਈ ਕੇਸ ਲੜੇ ਹਨ। ਇਸ ਨਿਯੁਕਤੀ ‘ਤੇ ਉਨ੍ਹਾਂ ਦੇ ਪੇਕੇ ਪਿੰਡ ਰੁੜਕਾ ਕਲਾਂ ਵਿਚ ਲੱਡੂ ਵੰਡੇ ਗਏ।
ਉਨ੍ਹਾਂ ਦੇ ਪਰਿਵਾਰਕ ਮੈਂਬਰ ਗੁਰਬਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਗਿਆਨ ਸਿੰਘ ਸੰਧੂ ਦੀ ਧੀ ਪਲਬਿੰਦਰ ਕੌਰ ਦੀ ਉਮਰ ਕਰੀਬ 47 ਸਾਲ ਹੈ ਅਤੇ ਉਹ 6-7 ਸਾਲ ਦੀ ਉਮਰ ਵਿਚ ਕੈਨੇਡਾ ਚਲੀ ਗਈ ਸੀ। ਪਲਬਿੰਦਰ ਦਾ ਵਿਆਹ 18 ਸਾਲ ਪਹਿਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਜਗਤਪੁਰ ਦੇ ਅੰਮ੍ਰਿਤਪਾਲ ਸਿੰਘ ਸ਼ੇਰਗਿੱਲ ਨਾਲ ਹੋਇਆ ਸੀ। ਪਿੰਡ ਵਾਸੀਆਂ ਨੇ ਕਿਹਾ ਕਿ ਪਲਬਿੰਦਰ ਦੀ ਪ੍ਰਾਪਤੀ ‘ਤੇ ਉਨ੍ਹਾਂ ਨੂੰ ਮਾਣ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਜਸਬੀਰ ਸਿੰਘ ਰੁੜਕਾ ਖੁਰਦ ਵੀ ਉਚੇਚੇ ਤੌਰ ‘ਤੇ ਵਧਾਈ ਦੇਣ ਪੁੱਜੇ ਹੋਏ ਸਨ।
ਇਸ ਨਿਯੁਕਤੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ, ‘ਇਹ ਸਾਡੇ ਸਾਰਿਆਂ ਲਈ ਮਾਣ ਤੇ ਬੇਹੱਦ ਖੁਸ਼ੀ ਦੇ ਪਲ ਹਨ।’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੁਲਕ ਦੀ ਆਰਥਿਕਤਾ ਤੇ ਸਭਿਆਚਾਰ ‘ਚ ਸਿੱਖਾਂ ਦੇ ਯੋਗਦਾਨ ਨੂੰ ਕੈਨੇਡੀਅਨ ਸਰਕਾਰ ਨੇ ਮਾਨਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪਲਬਿੰਦਰ ਕੌਰ ਨੂੰ ਪੰਜਾਬ ਫੇਰੀ ਦੀ ਜਲਦੀ ਯੋਜਨਾ ਬਣਾਉਣ ਦੀ ਬੇਨਤੀ ਕਰਨਗੇ ਅਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।

ਜੱਜ ਬਣੀ ਪਲਬਿੰਦਰ ਕੌਰ ਸ਼ੇਰਗਿੱਲ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਪਟਿਆਲਾ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੈਨੇਡਾ ਦੀ ਸੁਪਰੀਮ ਕੋਰਟ ਵਿੱਚ ਜੱਜ ਬਣਨ ‘ਤੇ ਪਲਬਿੰਦਰ ਕੌਰ ਸ਼ੇਰਗਿੱਲ ਦਾ ਸਨਮਾਨ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਜੱਜ ਬਣਨ ‘ਤੇ ਪਲਬਿੰਦਰ ਕੌਰ ਸ਼ੇਰਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਲਬਿੰਦਰ ਕੌਰ ਦੇ ਪੰਜਾਬ ਦੌਰੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ।
ਜਾਖ਼ੜ ਜ਼ਬਤ ‘ਚ ਰਹੇ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਨਸੀਹਤ ਦਿੱਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਨਾ ਕਰਨ ਅਤੇ ਨਾਲ ਹੀ ਆਪਣੀ ਪਾਰਟੀ ਦੇ ਕਾਰਕੁਨਾਂ ਤੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਵਰਜਣ ਕਿ ਉਹ ਸਿੱਖ ਮਾਮਲਿਆਂ ਵਿੱਚ ਦਖ਼ਲ ਨਾ ਦੇਣ। ਸ੍ਰੀ ਬਡੂੰਗਰ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੂੰ ਵਿਰਾਸਤ ਤੇ ਸਭਿਆਚਾਰ ਬਾਰੇ ਜਾਣਕਾਰੀ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਡੂੰਗਰ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪਾਰਟੀ ਪ੍ਰਧਾਨ ਹੋਣ ਨਾਤੇ ਕਾਂਗਰਸ ਨੂੰ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ‘ਤੇ ਕਬਜ਼ੇ ਕਰਨ ਤੋਂ ਰੋਕਣਾ ਚਾਹੀਦਾ ਹੈ ਅਤੇ ਬਜਟ ਸੈਸ਼ਨ ਦੌਰਾਨ ਦਸਤਾਰਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ?