ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ

ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ

ਅੰਮ੍ਰਿਤਸਰ/ਬਿਊਰੋ ਨਿਊਜ਼ :
ਭਗਤੀ ਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਸਰਵਨ ਕਰਾਏ ਜਾਣ ਉਪਰੰਤ ਸਿੰਘ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਹਰ ਹੁਕਮਨਾਮੇ, ਆਦੇਸ਼ ਤੇ ਸੰਦੇਸ਼ ਦੀ ਪਾਲਣਾ ਕਰਦਿਆਾ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਜੁੜਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕਰਵਾ ਕੇ ਭਗਤੀ ਅਤੇ ਸ਼ਕਤੀ ਦਾ ਸੁਮੇਲ ਕੀਤਾ ਤੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੀ ਇਸ ਅਸਥਾਨ ‘ਤੇ ਸੁਸ਼ੋਭਿਤ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਾਉਂਦੇ ਰਹੇ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ‘ਤੇ ਹਮੇਸ਼ਾ ਹੀ ਕੌਮ ਦੇ ਭਲੇ ਵਾਸਤੇ ਫ਼ੈਸਲੇ ਲਏ ਜਾਂਦੇ ਹਨ। ਸਿੰਘ ਸਾਹਿਬ ਨੇ ਦੱਸਿਆ ਕਿ ਖ਼ਾਲਸਾ ਪੰਥ ਨੇ ਇਸੇ ਹੀ ਅਸਥਾਨ ‘ਤੇ ਗੁਰਮਤਾ ਕਰਕੇ ਖ਼ਾਲਸਾ ਪੰਥ ਨੂੰ 25 ਜਥਿਆਂ ਵਿਚ ਵੰਡਿਆ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 11 ਮਿਸਲਾਂ ਨੂੰ ਆਰੰਭ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਸੇਵਾਵਾਂ ਕਰਨ ਵਾਲੇ ਗੁਰਮੁਖ ਪਿਆਰਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ, ਪਰ ਪੰਥ ਵਿਚ ਦੁਬਿਧਾ ਪਾਉਣ ਵਾਲਿਆਂ, ਗੁਰਬਾਣੀ ਗੁਰ-ਇਤਿਹਾਸ ਨੂੰ ਵਿਗਾੜਣ ਵਾਲਿਆਂ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾਵਾਂ ਵੀ ਲਗਾਈਆਂ ਜਾਂਦੀਆਂ ਹਨ। ਇਸ ਮੌਕੇ ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗੰ੍ਰਥੀ ਗਿਆਨੀ ਮਲਕੀਤ ਸਿੰਘ ਵਰਪਾਲ ਨੇ ਕੀਤੀ ਤੇ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਨ ਕਰਾਇਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਹਰਚਰਨ ਸਿੰਘ ਮੁੱਖ ਸਕੱਤਰ, ਅਰਦਾਸੀਆ ਭਾਈ ਕੁਲਵਿੰਦਰ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਹਰਜਿੰਦਰ ਸਿੰਘ ਭੂਰਾ ਕੋਹਨਾ, ਸੁਖਰਾਜ ਸਿੰਘ, ਬਘੇਲ ਸਿੰਘ, ਲਖਬੀਰ ਸਿੰਘ ਤੇ ਸਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।