ਵਿਰੋਧੀ ਧਿਰ ਦੇ ਆਗੂ ਬਾਰੇ ਫ਼ੈਸਲਾ ਜਲਦੀ : ਭਗਵੰਤ ਮਾਨ

ਵਿਰੋਧੀ ਧਿਰ ਦੇ ਆਗੂ ਬਾਰੇ ਫ਼ੈਸਲਾ ਜਲਦੀ : ਭਗਵੰਤ ਮਾਨ

ਸੰਗਰੂਰ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਵਿਧਾਇਕਾਂ ਵੱਲੋਂ ਛੇਤੀ ਹੀ ਮੀਟਿੰਗ ਕਰ ਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਬਾਰੇ ਫ਼ੈਸਲਾ ਕੀਤਾ ਜਾਵੇਗਾ। ਸ੍ਰੀ ਮਾਨ ਇੱਥੇ ਪਾਰਟੀ ਵਰਕਰਾਂ ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਪੁੱਜੇ ਸਨ।
ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਅਜਿਹੇ ਅਹੁਦੇ ਦੀ ਚੋਣ ਮੌਕੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਦੇ ਦਿੱਤੇ ਜਾਂਦੇ ਹਨ ਅਤੇ ਪਾਰਟੀ ਪ੍ਰਧਾਨਾਂ ਵੱਲੋਂ ਅਹੁਦੇਦਾਰ ‘ਥੋਪ’ ਦਿੱਤੇ ਜਾਂਦੇ ਹਨ ਪਰ ਆਮ ਆਦਮੀ ਪਾਰਟੀ ਵਿੱਚ ਵਿਧਾਇਕਾਂ ਨੂੰ ਆਪਣਾ ਆਗੂ ਚੁਣਨ ਦਾ ਅਧਿਕਾਰ ਹੈ। ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਕੀਤੇ ਐਲਾਨ ਨੂੰ ਕਿਸਾਨਾਂ ਨਾਲ ਧੋਖਾ ਕਰਾਰ ਦਿੰਦਿਆਂ ਸ੍ਰੀ ਮਾਨ ਨੇ ਕਿਹਾ ਕਿ ਕਰਜ਼ਾ ਮੁਆਫ਼ੀ ਦਾ ਮਾਮਲਾ ਵੀ ਜੀਐਸਟੀ ਵਾਂਗ ਹੈ, ਜਿਸ ਬਾਰੇ ਕਿਸਾਨਾਂ ਨੂੰ ਪਤਾ ਹੀ ਨਹੀਂ ਲੱਗ ਰਿਹਾ ਕਿ ਕਿਹੜੇ-ਕਿਹੜੇ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਵੇਗਾ। ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕਰਕੇ ਕਾਂਗਰਸ ਸਰਕਾਰ ਮੁੱਕਰ ਗਈ ਹੈ। ਹੁਣ ਮੁੱਖ ਮੰਤਰੀ ਅਪੀਲ ਕਰ ਰਹੇ ਹਨ ਕਿ ਕਿਸਾਨਾਂ ਨੂੰ ਵਿਆਜ ਘੱਟ ਲਾਇਆ ਜਾਵੇ। ਸ੍ਰੀ ਮਾਨ ਨੇ ਕਿਹਾ ਕਿ ਜੇ ਉਤਰ ਪ੍ਰਦੇਸ਼ ਸਰਕਾਰ ਕਿਸਾਨਾਂ ਵਾਸਤੇ 36 ਹਜ਼ਾਰ ਕਰੋੜ ਰੁਪਏ ਦੇ ਫੰਡ ਰੱਖ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਰੱਖ ਸਕਦੀ। 17 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ਵਿੱਚ ਕਿਸਾਨਾਂ, ਦਲਿਤਾਂ ਅਤੇ ਬੇਰੁਜ਼ਗਾਰਾਂ ਦੇ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ ਜਾਣਗੇ। ਪੰਜਾਬ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪਹਿਲੇ ਪੜਾਅ ਦਾ ਐਲਾਨ ਆਉਣ ਵਾਲੇ ਕੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।
ਮਾਨ ਨੇ ਕਟਾਈ ਟੌਲ ਪਲਾਜ਼ਾ ਦੀ ਪਰਚੀ :
ਸੰਗਰੂਰ-ਪਟਿਆਲਾ ਕੌਮੀ ਮਾਰਗ ‘ਤੇ ਪਿੰਡ ਕਾਲਾਝਾੜ ਨੇੜਲੇ ਟੌਲ ਪਲਾਜ਼ਾ ਖ਼ਿਲਾਫ਼ ਲੋਕਾਂ ਵਿੱਚ ਪੈਦਾ ਹੋਏ ਰੋਹ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਉਹ ਇਸ ਟੌਲ ਪਲਾਜ਼ਾ ਤੋਂ 80 ਰੁਪਏ ਦੀ ਪਰਚੀ ਕਟਵਾ ਕੇ ਲੰਘੇ ਹਨ ਤਾਂ ਜੋ ਟੌਲ ਪਲਾਜ਼ਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇ। ਭਾਵੇਂ ਜ਼ਿਲ੍ਹੇ ਦੇ ਵਾਹਨਾਂ ਲਈ ਫ਼ੀਸ 40 ਰੁਪਏ ਹੈ ਪਰ ਟੌਲ ਪਲਾਜ਼ਾ ‘ਤੇ ਲੋਕਾਂ ਦੀ ਕਥਿਤ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਟੌਲ ਪਲਾਜ਼ਾ ਦੇ ਸੁਪਰਵਾਈਜ਼ਰ ਨੂੰ ਸਰਕਾਰ ਨਾਲ ਹੋਇਆ ਇਕਰਾਰਨਾਮਾ ਵਿਖਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕੇਂਦਰ ਕੋਲ ਉਠਾਇਆ ਜਾਵੇਗਾ। ਸ੍ਰੀ ਮਾਨ ਨੇ ਦੱਸਿਆ ਕਿ ਬਾਅਦ ਵਿੱਚ ਟੌਲ ਪਲਾਜ਼ਾ ਮੁਲਾਜ਼ਮ ਪਰਚੀ ਵਾਪਸ ਮੰਗ ਰਹੇ ਸਨ, ਜਿਹੜੀ ਉਨ੍ਹਾਂ ਨੇ ਵਾਪਸ ਨਹੀਂ ਕੀਤੀ।