ਬੰਗਲੌਰ ਦੇ ਸਿੱਖ ਪਰਿਵਾਰ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਬੰਗਲੌਰ ਦੇ ਸਿੱਖ ਪਰਿਵਾਰ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਅੰਮ੍ਰਿਤਸਰ/ਬਿਊਰੋ ਨਿਊਜ਼ :
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੰਗਲੌਰ ਦੇ ਪ੍ਰਸ਼ਾਸਨ ਨੂੰ ਆਖਿਆ ਹੈ ਕਿ ਸੇਵਾਮੁਕਤ ਕਰਨਲ ਆਰ.ਐਸ. ਉਪਲ ਦੇ ਪਰਿਵਾਰ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਅਤੇ ਕੇਸਾਂ ਦੀ ਬੇਅਦਬੀ ਖ਼ਿਲਾਫ਼ ਧਾਰਾ 295 (ਏ) ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਤੇ ਬੰਗਲੌਰ ਦੀਆਂ ਸਿੱਖ ਜਥੇਬੰਦੀਆਂ ਨੂੰ ਆਖਿਆ ਕਿ ਪੀੜਤ ਸਿੱਖ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਢੁਕਵੀਂ ਕਾਰਵਾਈ ਕਰਨ।
ਇਸ ਪਰਿਵਾਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਇੱਕ ਚਿੱਠੀ ਭੇਜ ਕੇ ਨਿਆਂ ਦਿਵਾਉਣ ਦੀ ਅਪੀਲ ਕੀਤੀ ਗਈ ਹੈ। ਕਰਨਲ ਉਪਲ ਨੇ ਕੁਝ ਸਥਾਨਕ ਲੋਕਾਂ ‘ਤੇ ਦੋਸ਼ ਲਾਏ ਹਨ ਕਿ ਕੁਝ ਲੋਕ ਧੱਕੇ ਨਾਲ ਉਨ੍ਹਾਂ ਦੀ ਜਾਇਦਾਦ ਖ਼ਰੀਦਣਾ ਚਾਹੁੰਦੇ ਹਨ। ਇਸੇ ਕਾਰਨ ਉਨ੍ਹਾਂ ਦੇ ਪਰਿਵਾਰ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਕਰਨਲ ਉਪਲ ਸਮੇਤ ਉਸ ਦੇ ਪੁੱਤਰ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੀ ਵੀ ਕੁੱਟਮਾਰ ਕੀਤੀ ਗਈ ਤੇ ਉਨ੍ਹਾਂ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ ਹੈ।
ਜਥੇਦਾਰ ਗੁਰਬਚਨ ਸਿੰਘ ਨੇ ਆਖਿਆ ਕਿ ਉਥੋਂ ਦੇ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਤਸੱਲੀਬਖ਼ਸ਼ ਕਾਰਵਾਈ ਨਹੀਂ ਕੀਤੀ ਹੈ। ਮਾਮੂਲੀ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ ਤੇ ਮੁਲਜ਼ਮਾਂ ਦੀ ਜ਼ਮਾਨਤ ਵੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਜਾਨ ਲੇਵਾ ਹਮਲਾ ਕਰਨ ਦੇ ਦੋਸ਼ ਹੇਠ ਆਈਪੀਸੀ ਦੀ ਧਾਰਾ 307 ਅਤੇ 295 (ਏ) ਤਹਿਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਖਿਆ ਕਿ ਉਹ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਯੋਗ ਕਾਰਵਾਈ ਕਰਨ।
ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਕੋਲ ਚੁੱਕਿਆ ਮੁੱਦਾ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਨਾਟਕ ਦੇ ਮੁੱਖ ਮੰਤਰੀ ਸਿਧਰਮੱਈਆ ਨਾਲ ਫੋਨ ‘ਤੇ ਗੱਲਬਾਤ ਕਰਕੇ ਬੰਗਲੌਰ ਵਿੱਚ ਸ਼ਰਾਰਤੀਆਂ ਵੱਲੋਂ ਸਿੱਖ ਪਰਿਵਾਰ ‘ਤੇ ਕੀਤੇ ਗਏ ਹਮਲੇ ਦੇ ਸਬੰਧ ‘ਚ ਨਿਆਂ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੈਪਟਨ ਨੇ ਕਰਨਾਟਕ ਦੇ ਆਪਣੇ ਹਮਰੁਤਬਾ ਨਾਲ ਫੋਨ ‘ਤੇ ਸਾਬਕਾ ਫੌਜੀ ਅਫਸਰ ਕਰਨਲ ਆਰ.ਐਸ. ਉੱਪਲ ਦੇ ਪਰਿਵਾਰਕ ਮੈਂਬਰਾਂ ‘ਤੇ ਹੋਏ ਹਮਲੇ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਪਰਿਵਾਰ ਨੂੰ ਸੁਰੱਖਿਆ ਦੇਣ ਵਾਸਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਅਤੇ ਅਪਰਾਧੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਲਈ ਪੁਲੀਸ ਨੂੰ ਨਿਰਦੇਸ਼ ਦੇਣ ਵਾਸਤੇ ਆਖਿਆ। ਕਰਨਾਟਕ ਦੇ ਮੁੱਖ ਮੰਤਰੀ ਨੇ ਕੈਪਟਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਉਪਲ ਪਰਿਵਾਰ ਦੀ ਹਰ ਸਹਾਇਤਾ ਦੇਵੇਗੀ।