ਮਹਿਜ਼ ਦੋ ਦਿਨਾਂ ਬਾਅਦ ਹੀ ਤਖ਼ਤ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਜਥੇਦਾਰ

ਮਹਿਜ਼ ਦੋ ਦਿਨਾਂ ਬਾਅਦ ਹੀ ਤਖ਼ਤ ਕੇਸਗੜ੍ਹ ਸਾਹਿਬ ਦਾ ਕਾਰਜਕਾਰੀ ਜਥੇਦਾਰ

ਗਿਆਨੀ ਰਘਬੀਰ ਸਿੰਘ ਨਵੇਂ ਕਾਰਜਕਾਰੀ ਜਥੇਦਾਰ ਨਿਯੁਕਤ
ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ
ਰੂਪਨਗਰ/ਬਿਊਰੋ ਨਿਊਜ਼ :
ਦੋ ਦਿਨ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਹਰਿਮੰਦਰ ਸਾਹਿਬ, ਅੰੰਮ੍ਰਿਤਸਰ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਹੈ। ਇਹ ਫੈਸਲਾ ਇਥੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਗਿਆਨੀ  ਰਘਬੀਰ ਸਿੰਘ ਹਰਿਮੰਦਰ  ਸਾਹਿਬ ਅੰੰਮ੍ਰਿਤਸਰ ਦੇ ਗ੍ਰੰਥੀ ਦੇ ਨਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ। ਗਿਆਨੀ ਫੂਲਾ ਸਿੰਘ ਪਹਿਲਾਂ ਵਾਂਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਦੱਸਣਯੋਗ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਦੇਹਾਂਤ ਤੋਂ ਬਾਅਦ ਗਿਆਨੀ ਫੂਲਾ ਸਿੰਘ ਨੂੰ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਸੀ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਬਣਾਉਣ ਦਾ ਫੈਸਲਾ ਕੀਤਾ ਹੈ। ਮੀਟਿੰਗ ਦੌਰਾਨ ਗਿਆਨੀ ਮੱਲ ਸਿੰਘ ਅਤੇ ਸਾਬਕਾ ਮੰਤਰੀ ਗਿਆਨ ਸਿੰਘ ਸੋਹਨਪਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 6 ਫ਼ੀਸਦ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੋਦ ਚਿੱਲੜ ਕਾਂਡ ਨੂੰ ਸਾਹਮਣੇ ਲਿਆਉਣ ਵਾਲੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਪਤਨੀ ਰਮਨਜੀਤ ਕੌਰ ਨੂੰ ਉਸ ਦੀ ਵਿਦਿਅਕ ਯੋਗਤਾ ਮੁਤਾਬਕ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੀਆਂ ਤਿੰਨੇ ਪ੍ਰਿੰਟਿੰਗ/ਆਫਸੈਟ ਪ੍ਰੈੱਸਾਂ ਨੂੰ ਇਕੱਠੀਆਂ ਕਰਨ ਦਾ ਫੈਸਲਾ ਵੀ ਕੀਤਾ ਗਿਆ।