ਹਰਿਆਣਾ ਸਰਕਾਰ ਦੀ ਨਲਾਇਕੀ ਕਾਰਨ ਹਾਲਾਤ ਵਿਗੜੇ : ਅਮਰਿੰਦਰ ਸਿੰਘ

ਹਰਿਆਣਾ ਸਰਕਾਰ ਦੀ ਨਲਾਇਕੀ ਕਾਰਨ ਹਾਲਾਤ ਵਿਗੜੇ : ਅਮਰਿੰਦਰ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਡੇਰਾ ਪ੍ਰੇਮੀਆਂ ਨੂੰ ਰੋਕਣ ਲਈ ਬੱਸਾਂ ਅਤੇ ਰੇਲ ਗੱਡੀਆਂ ਨੂੰ ਪਹਿਲਾਂ ਬੰਦ ਕਰ ਦਿੰਦੀ, ਜਿਵੇਂ ਪੰਜਾਬ ਨੇ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕ ਦੇ ਤੌਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਇੱਕ ਥਾਂ ਏਨੀ ਭੀੜ ਨੂੰ ਇਕੱਠੇ ਨਹੀਂ ਹੋਣ ਦੇਣਾ ਚਾਹੀਦਾ ਸੀ।
ਉਹ ਡੇਰਾ ਵਿਵਾਦ ਕਾਰਨ ਪੈਦਾ ਹੋਏ ਹਾਲਾਤ ‘ਤੇ ਨੇੜਿਓਂ ਨਿਗਾਹ ਰੱਖ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਸਥਿਤੀ ਤੋਂ ਜਾਣੂ ਕਰਵਾਉਣ ਲਈ ਗੱਲਬਾਤ ਕੀਤੀ ਹੈ ਤੇ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਹਰ ਹਾਲਤ ਵਿੱਚ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਲੋੜੀਂਦੇ ਕਦਮ ਚੁੱਕ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਫ਼ੌਜ ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਵਿੱਚ ਗਸ਼ਤ ਕਰ ਰਹੀ ਹੈ ਤੇ ਲੋਕਾਂ ਵਿੱਚ ਵਿਸ਼ਵਾਸ ਦੀ ਬਹਾਲੀ ਲਈ ਫਲੈਗ ਮਾਰਚ ਕੀਤੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਡੇਰਾ ਪ੍ਰੇਮੀਆਂ ਨੂੰ ਪੰਚਕੂਲਾ ਤੋਂ ਘਰੋ ਘਰੀ ਪਹੁੰਚਾਉਣ ਲਈ ਪੀਆਰਟੀਸੀ ਦੀਆਂ ਦੋ ਸੌ ਬੱਸਾਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਡੇਰਾ ਪ੍ਰੇਮੀਆਂ ਨੂੰ ਇਕ ਥਾਂ ‘ਤੇ ਰੁਕਣ ਦੀ ਇਜਾਜ਼ਤ ਨਾ ਦਿੰਦੀ ਤਾਂ ਸਥਿਤੀ ਨੂੰ ਵਿਗੜਣ ਤੋਂ ਬਚਾਇਆ ਜਾ ਸਕਦਾ ਸੀ।
ਇਸ ਦੌਰਾਨ ਪੰਜਾਬ ਦੇ ਦਸ ਅਤਿ ਨਾਜ਼ੁਕ ਜ਼ਿਲ੍ਹਿਆਂ ਵਿੱਚ ਕਰਫਿਊ ਲਾ ਦਿੱਤਾ ਗਿਆ ਹੈ ਤੇ ਨਾਜ਼ੁਕ ਜ਼ਿਲ੍ਹਿਆਂ ਵਿੱਚ ਫ਼ੌਜ ਤਾਇਨਾਤ ਕਰ ਦਿੱਤੀ ਗਈ ਹੈ। ਫ਼ੌਜ ਵੱਲੋਂ ਗਸ਼ਤ ਤੇ ਫਲੈਗ ਮਾਰਚ ਕੀਤੇ ਜਾ ਰਹੇ ਹਨ। ਪਟਿਆਲਾ ਰੇਂਜ ਦੇ ਆਈਜੀ ਏ. ਐਸ. ਰਾਏ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਤੇ ਬਰਨਾਲਾ ਵਿੱਚ ਇਸ ਕਰ ਕੇ ਕਰਫਿਊ ਲਾਇਆ ਗਿਆ ਹੈ ਤਾਂ ਜੋ ਡੇਰਾ ਪ੍ਰੇਮੀਆਂ ਨੂੰ ਸੁਰੱਖਿਅਤ ਘਰੋ ਘਰੀ ਪਹੁੰਚਾਇਆ ਜਾ ਸਕੇ।
ਬਠਿੰਡਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਸਥਿਤੀ ਨੂੰ ਕੰਟਰੋਲ ਵਿੱਚ ਰੱਖਣ ਲਈ ਹਰ ਤਰ੍ਹਾਂ ਦੇ ਕਦਮ ਚੁੱਕੇ ਗਏ ਹਨ ਤੇ ਹਰ ਪਲ ਨਿਗਾਹ ਰੱਖੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇੱਕ ਹੋਰ ਜ਼ਿਲ੍ਹੇ ਵਿੱਚ ਵੀ ਕਰਫਿਊ ਲਾਉਣ ਦੀ ਸੰਭਾਵਨਾ ਹੈ।