ਯੂਨਾਈਟਿਡ ਅਕਾਲੀ ਦਲ ਵੱਲੋਂ ਰਣਜੀਤ ਸਿੰਘ ਕਮਿਸ਼ਨ ਬਾਰੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦੀ ਆਲੋਚਨਾ

ਯੂਨਾਈਟਿਡ ਅਕਾਲੀ ਦਲ ਵੱਲੋਂ ਰਣਜੀਤ ਸਿੰਘ ਕਮਿਸ਼ਨ ਬਾਰੇ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦੀ ਆਲੋਚਨਾ

ਕੈਪਸ਼ਨ-ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਜਲੰਧਰ/ਬਿਊਰੋ ਨਿਊਜ਼ :
ਯੂਨਾਈਟਿਡ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸਹਿਯੋਗ ਨਾ ਦਿੱਤੇ ਜਾਣ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਭ ਸ਼੍ਰੋਮਣੀ ਕਮੇਟੀ, ਬਾਦਲ ਪਰਿਵਾਰ ਨੂੰ ਬਚਾਉਣ ਲਈ ਕਰ ਰਹੀ ਹੈ।
ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸਿੱਧੇ ਤੌਰ ‘ਤੇ ਬਾਦਲ ਸਰਕਾਰ ਜ਼ਿੰਮੇਵਾਰ ਰਹੀ ਹੈ ਤੇ ਹੁਣ ਵੀ ਬਾਦਲ ਪਰਿਵਾਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਦੋਹਾਂ ਆਗੂਆਂ ਨੇ ਕਿਹਾ ਕਿ ਪਾਰਟੀ 22 ਅਕਤੂਬਰ ਨੂੰ ਪਿੰਡ ਬਾਦਲ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 19 ਸਤੰਬਰ 2015 ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਹੱਕ ਵਿੱਚ ਮਤਾ ਪਾਸ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਇਸ ਮਤੇ ਨੂੰ ਵਾਪਸ ਨਾ ਲਿਆ ਤਾਂ 22 ਅਕਤੂਬਰ ਨੂੰ ਬਾਦਲ ਵਿੱਚ ਦਿੱਤੇ ਜਾਣ ਵਾਲੇ ਰੋਸ ਧਰਨੇ ਨੂੰ ਰੋਕਿਆ ਨਹੀਂ ਜਾ ਸਕੇਗਾ।
ਭਾਈ ਮੋਹਕਮ ਸਿੰਘ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਕੋਈ ਚੁਣੌਤੀ ਨਹੀਂ ਦਿੱਤੀ, ਸਗੋਂ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਅਤੇ ਰਾਮ ਰਹੀਮ ਨੂੰ ਮੁਆਫੀ ਦੇਣ ਬਾਰੇ ਰਿਕਾਰਡ ਮੰਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਸ਼੍ਰੋਮਣੀ ਕਮੇਟੀ ਨੂੰ ਮੁਹੱਈਆ ਕਰਾਉਣਾ ਚਾਹੀਦਾ ਹੈ। ਇਸ ਮੌਕੇ ਗੁਰਦੀਪ ਸਿੰਘ ਨੇ ਦੱਸਿਆ ਕਿ 25 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਪੰਥਕ ਕਾਨਫਰੰਸ ਕੀਤੀ ਜਾਵੇਗੀ। ਇਸ ਮੌਕੇ ਵੱਸਣ ਸਿੰਘ ਜੱਫਰਵਾਲ, ਸਤਨਾਮ ਸਿੰਘ, ਡਾ. ਜੌਹਲ ਸਿੰਘ, ਗਿਆਨੀ ਦਵਿੰਦਰ ਸਿੰਘ, ਦਰਸ਼ਨ ਸਿੰਘ ਬਟਾਲਾ ਤੇ ਰਣਧੀਰ ਸਿੰਘ ਹਾਜ਼ਰ ਸਨ।
‘ਸ਼੍ਰੋਮਣੀ ਕਮੇਟੀ ਨੇ ਸਿੱਖ ਵਿਰੋਧੀ ਤਾਕਤਾਂ ਦਾ ਪੱਖ ਪੂਰਿਆ’ :
ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਾਰ ਫਿਰ ਸਿੱਖ ਕੌਮ ਨਾਲ ਖੜ੍ਹਨ ਦੀ ਥਾਂ ਸਿੱਖ ਵਿਰੋਧੀ ਤਾਕਤਾਂ ਦਾ ਪੱਖ ਪੂਰਿਆ ਹੈ ਤੇ ਖ਼ਾਸ ਕਰਕੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਰਿਕਾਰਡ ਸੌਂਪਦੇ।