ਸੁਖਬੀਰ ਬਾਦਲ ਪਰਿਵਾਰ ਸਮੇਤ ਤਖ਼ਤ ਪਟਨਾ ਸਾਹਿਬ ਵਿਖੇ ਨੱਤਮਸਤਕ

ਸੁਖਬੀਰ ਬਾਦਲ ਪਰਿਵਾਰ ਸਮੇਤ ਤਖ਼ਤ ਪਟਨਾ ਸਾਹਿਬ ਵਿਖੇ ਨੱਤਮਸਤਕ

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸੁਖਬੀਰ ਬਾਦਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੁੰਦੇ ਹੋਏ।
ਪਟਨਾ ਸਾਹਿਬ/ਬਿਊਰੋ ਨਿਊਜ਼:
ਇੱਥੇ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ  ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਉਨ੍ਹਾਂ ਦੀਆਂ ਦੋਵੇਂ ਧੀਆਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਵਿਸ਼ੇਸ਼ ਪੰਡਾਲ ਵਿੱਚ ਚੱਲ ਰਹੇ ਸੰਤ ਸਮਾਗਮ ਵਿੱਚ ਵੀ ਹਾਜ਼ਰੀ ਭਰੀ। ਇੱਥੇ ਮੰਚ ‘ਤੇ ਗਿਆਨੀ ਇਕਬਾਲ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਉਨ੍ਹਾਂ ਦਾ ਸਨਮਾਨ ਕੀਤਾ।
ਇਸ ਮੌਕੇ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੇ ਦੂਜੀ ਵਾਰ ਪ੍ਰਕਾਸ਼ ਪੁਰਬ ਲਈ ਬਿਹਤਰੀਨ ਪ੍ਰਬੰਧ ਕੀਤੇ ਹਨ। ਫ਼ਤਹਿਗੜ੍ਹ ਸਾਹਿਬ ‘ਚ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕਰਨ ‘ਤੇ ਲਾਈ ਗਈ ਪਾਬੰਦੀ ‘ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਦਾ ਹੁਕਮ ਮੰਨਣ ਲਈ ਪਾਬੰਦ ਹਨ। ਮਾਘੀ ਮੇਲੇ ‘ਤੇ ਵੀ ਸਿਆਸੀ ਕਾਨਫਰੰਸਾਂ ਨਾ ਕੀਤੇ ਜਾਣ ਬਾਰੇ ਪੁੱਛੇ ਸਵਾਲ ਦਾ ਸਿੱਧਾ ਜਵਾਬ ਦੇਣ ਤੋਂ ਸੁਖਬੀਰ ਟਾਲਾ ਵੱਟ ਗਏ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਉਨ੍ਹਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਨੇ ਵੀ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਉਪਰਾਲਿਆਂ  ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਵੀ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।
ਮੱਕੜ ਦੀ ਫ਼ਤਹਿ ਦਾ ਸੁਖਬੀਰ ਨੇ ਨਾ ਦਿੱਤਾ ਕੋਈ ਜਵਾਬ
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸੁਖਬੀਰ ਬਾਦਲ ਨੂੰ ਸਟੇਜ ਤੋਂ ਹੱਥ ਜੋੜ ਕੇ ਫ਼ਤਹਿ ਬੁਲਾਈ ਤਾਂ ਸਾਹਮਣੇ ਸੰਗਤ ਵਿੱਚ ਬੈਠਿਆਂ ਉਨ੍ਹਾਂ ਅੱਖ ਮਿਲਾਉਣ ਦੀ ਥਾਂ ਮੂੰਹ ਘੁਮਾ ਲਿਆ। ਸਟੇਜ ‘ਤੇ ਹਾਜ਼ਰ ਸ਼ਖ਼ਸੀਅਤਾਂ ਨੇ ਵੀ ਇਸ ਗੱਲ ਦਾ ਨੋਟਿਸ ਲਿਆ ਕਿ ਸੁਖਬੀਰ ਬਾਦਲ ਨੇ ਸ੍ਰੀ ਮੱਕੜ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ ਹੈ। ਸਟੇਜ ਤੋਂ ਵਾਪਸ ਜਾਣ ਲੱਗਿਆਂ ਵੀ ਸੁਖਬੀਰ ਬਾਦਲ ਦਫ਼ਤਰ ਅੰਦਰ ਨਹੀਂ ਗਏ ਜਦਕਿ ਸੁਰੱਖਿਆ ਅਮਲੇ ਨੇ ਸਾਰੇ ਪ੍ਰਬੰਧ ਕੀਤੇ ਹੋਏ ਸਨ।