ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਪੁੱਤਰ ਖ਼ਿਲਾਫ਼ ਕੇਸ ਦਰਜ

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਪੁੱਤਰ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ/ਬਿਊਰੋ ਨਿਊਜ਼:
ਅਸ਼ਲੀਲ ਵੀਡੀਓ ਮਾਮਲੇ ਵਿੱਚ ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਪੁਲੀਸ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਸਰੀਰਕ ਸ਼ੋਸ਼ਣ ਦਾ ਕੇਸ ਦਰਜ ਕੀਤਾ ਹੈ, ਜਦਕਿ ਚੱਢਾ ਦੇ ਬੇਟੇ ਖ਼ਿਲਾਫ਼ ਡਰਾਉਣ ਧਮਕਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਚਰਨਜੀਤ ਸਿੰਘ ਚੱਢਾ ਨੂੰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਪੁਲੀਸ ਵੱਲੋਂ ਥਾਣਾ ਇਸਲਾਮਾਬਾਦ ‘ਚ ਚਰਨਜੀਤ ਸਿੰਘ ਚੱਢਾ ਅਤੇ ਉਸ ਦੇ ਬੇਟੇ ਇੰਦਰਬੀਰ ਸਿੰਘ ਚੱਢਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਹ ਕੇਸ ਇਤਰਾਜ਼ਯੋਗ ਵੀਡੀਓ ਵਿੱਚ ਦਿਖਾਈ ਦਿੰਦੀ ਮਹਿਲਾ ਵੱਲੋਂ ਦਰਜ ਕਰਾਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਆਪਣੀ ਸ਼ਿਕਾਇਤ ਵਿੱਚ ਮਹਿਲਾ ਨੇ ਆਖਿਆ ਕਿ ਉਹ ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚਲਦੇ ਸਕੂਲ ਵਿੱਚ ਪਿਛਲੇ 22 ਸਾਲਾਂ ਤੋਂ ਨੌਕਰੀ ਕਰ ਰਹੀ ਹੈ। ਉਸ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੱਢਾ ਨੇ ਉਸ ਨੂੰ ਕਥਿਤ ਤੌਰ ‘ਤੇ ਜਬਰੀ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ। ਉਸ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੂੰ ਡਰਾਇਆ-ਧਮਕਾਇਆ ਗਿਆ। ਔਰਤ ਨੇ ਚੱਢਾ ਦੇ ਬੇਟੇ ਖ਼ਿਲਾਫ਼ ਦੋਸ਼ ਲਾਇਆ ਕਿ ਉਸ ਨੇ ਫੋਨ ਕਰਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲੀਸ ਨੇ ਜ਼ਿਲ੍ਹਾ ਅਟਾਰਨੀ ਲੀਗਲ ਦੀ ਰਾਏ ਲੈਣ ਮਗਰੋਂ ਕੇਸ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਲਈ ਏਡੀਸੀਪੀ ਕਰਾਇਮ ਦੀ ਅਗਵਾਈ ਹੇਠ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।
ਇਸੇ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਅੱਜ ਚਰਨਜੀਤ ਸਿੰਘ ਚੱਢਾ ਨੂੰ ਕੌਂਸਲ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਫਾਰਗ ਕਰ ਦਿੱਤਾ ਹੈ।