ਕੈਪਟਨ ਕਿਸਾਨਾਂ ਨਾਲ ਵਾਅਦੇ ਤੋਂ ਮੁਕਰਿਆ: ਖਹਿਰਾ

ਕੈਪਟਨ ਕਿਸਾਨਾਂ ਨਾਲ ਵਾਅਦੇ ਤੋਂ ਮੁਕਰਿਆ: ਖਹਿਰਾ

ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ।
ਜਲੰਧਰ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪੰਜਾਬ ਦੇ ਕਿਸਾਨਾਂ ਦਾ ਭਰੋਸਾ ਤੋੜਨ ਦੇ ਦੋਸ਼ ਲਾਉਂਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਕਰਜ਼ਾ ਮੁਆਫ਼ੀ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਹੁਣ ਸਿਰਫ਼ ਸਹਿਕਾਰੀ ਸੁਸਾਇਟੀਆਂ ਦਾ ਕਰਜ਼ਾ ਹੀ ਮੁਆਫ਼ ਕਰਨ ਜਾ ਰਹੀ ਹੈ।
ਆਮ ਆਦਮੀ ਪਾਰਟੀ (‘ਆਪ’) ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬੇ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਪਿੰਡਾਂ ਵਿੱਚ ਕਾਂਗਰਸੀਆਂ ਨੂੰ ਨਾ ਵੜਨ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ ਕਰਜ਼ਈ ਕਿਸਾਨਾਂ ਨਾਲ ਹਰ ਤਰ੍ਹਾਂ ਦਾ ਕਰਜ਼ਾ ਮੁਆਫ਼ ਕਰਨ ਦਾ ਲਿਖਤੀ ਕਰਾਰ ਕੀਤਾ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨਾਲ ਧੋਖਾ ਕੀਤਾ ਹੈ ਤੇ ਉਹ ਕਿਸਾਨਾਂ ਕੋਲੋਂ ਮੁਆਫ਼ੀ ਮੰਗਣ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਆਗੂਆਂ ਨੂੰ ਉਹ ਫਾਰਮ ਦਿਖਾਉਣ, ਜਿਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਦਸਤਖ਼ਤ ਕੀਤੇ ਸਨ ਕਿ ਉਹ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨਗੇ।
ਸ੍ਰੀ ਖਹਿਰਾ ਨੇ ਮੀਡੀਆ ਨੂੰ ਉਹ ਸੂਚੀ ਵੀ ਦਿੱਤੀ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 312 ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਹਨ। ਸ੍ਰੀ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਝੂਠੇ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਨਿਭਾਉਂਦੀ ਹੈ ਤਾਂ ਵੀ ਸਰਕਾਰ ਨੂੰ 20 ਹਜ਼ਾਰ ਕਰੋੜ ਰੁਪਏ ਦਾ ਇੰਤਜ਼ਾਮ ਕਰਨਾ ਪਵੇਗਾ, ਜਦੋਂਕਿ ਪੰਜਾਬ ਆਰਥਿਕ ਤੌਰ ‘ਤੇ ਕੰਗਾਲ ਹੋ ਚੁੱਕਿਆ ਹੈ। ਉਨ੍ਹਾਂ ਆਪਣੇ ਵਿਧਾਨ ਸਭਾ ਹਲਕਾ ਭੁਲੱਥ ਦੇ ਤਿੰਨ ਪਿੰਡਾਂ ਮੁਗਲ ਚੱਕ, ਬੁਤਾਲਾ ਤੇ ਮਨਸੂਰਵਾਲ ਬੇਟ ਦੀਆਂ ਸੂਚੀਆਂ ਦਿਖਾਈਆਂ, ਜਿਨ੍ਹਾਂ ਵਿੱਚ ਪਿੰਡ ਬੁਤਾਲਾ ਦੇ ਇੱਕ ਕਿਸਾਨ ਬਲਵਿੰਦਰ ਸਿੰਘ ਦਾ ਕਰਜ਼ਾ ਸਿਰਫ਼ 7412 ਰੁਪਏ ਹੀ ਹੈ। ਉਨ੍ਹਾਂ ਕਿਹਾ ਕਿ ਏਨੀ ਛੋਟੀ ਰਕਮ ਦਾ ਕਰਜ਼ਾ ਮੁਆਫ਼ ਕਰਕੇ ਵੀ ਕੈਪਟਨ ਸਰਕਾਰ ਦਾਅਵਾ ਕਰੇਗੀ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਪਟਵਾਰੀਆਂ ਰਾਹੀਂ ਕਰਵਾਈ ਜਾ ਰਹੀ ਹੈ ਤੇ ਇਹ ਖ਼ਦਸ਼ਾ ਵੀ ਹੈ ਕਿ ਇਸ ਨਾਲ ਮਾਲ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਧੇਗਾ।