ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚੱਢਾ ਖ਼ਿਲਾਫ਼ ਮਤਾ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚੱਢਾ ਖ਼ਿਲਾਫ਼ ਮਤਾ ਪਾਸ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦਾ ਦ੍ਰਿਸ਼।
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਤਰਾਜ਼ਯੋਗ ਵੀਡਿਓ ਮਾਮਲੇ ਵਿੱਚ ਚੀਫ ਖ਼ਾਲਸਾ ਦੀਵਾਨ ਦੇ ਆਗੂ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। ਇਸ ਸਬੰਧੀ ਇੱਕ ਮਤਾ ਪਾਸ ਕਰਕੇ ਅਕਾਲ ਤਖ਼ਤ ਦੇ ਜਥੇਦਾਰ ਕੋਲ ਅਗਲੀ ਕਾਰਵਾਈ ਲਈ ਭੇਜਿਆ ਗਿਆ ਹੈ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਛੇ ਫ਼ੀਸਦੀ ਮਹਿੰਗਾਈ ਭੱਤਾ ਦੇਣ ਅਤੇ ਸਿੱਖ ਮਸਲਿਆਂ ਦੇ ਹੱਲ ਲਈ ਭਾਰਤ ਸਰਕਾਰ ਤੱਕ ਪਹੁੰਚ ਕਰਨ ਦਾ ਵੀ ਫ਼ੈਸਲਾ ਕੀਤਾ।
ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜਿਵੇਂ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਪਰਾਈ ਨਾਰੀ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਅਕਾਲ ਤਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਗਈ ਸੀ, ਉਸੇ ਤਰ੍ਹਾਂ ਚਰਨਜੀਤ ਸਿੰਘ ਚੱਢਾ ਖ਼ਿਲਾਫ਼ ਲੱਗੇ ਦੋਸ਼ਾਂ ‘ਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਇਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ, ਜਿਸ ਰਾਹੀਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਕਿਰਦਾਰ ਨੂੰ ਢਾਹ ਲਾਉਣ ਵਾਲੇ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਸਿੱਖ ਕਿਰਦਾਰ ਨੂੰ ਪਹਿਲਾਂ ਵਾਂਗ ਸਿਖਰ ‘ਤੇ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ।
ਵਿਦੇਸ਼ਾਂ ਵਿੱਚ ਸਿੱਖ ਗੁਰਦੁਆਰਾ ਕਮੇਟੀਆਂ ਵੱਲੋਂ ਭਾਰਤੀ ਅਧਿਕਾਰੀਆਂ ਦੀ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲਅੰਦਾਜ਼ੀ ‘ਤੇ ਲਾਈ ਰੋਕ ਨੂੰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਭਾਈ ਲੌਂਗੋਵਾਲ ਨੇ ਆਖਿਆ ਕਿ ਭਾਰਤ ਸਰਕਾਰ ਨੂੰ ਸਿੱਖਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਮਸਲਿਆਂ ਦੇ ਹੱਲ ਲਈ ਜਲਦੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।
ਮੁੰਬਈ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਬੰਧੀ ਕਰਾਏ ਗੁਰਮਤਿ ਸਮਾਗਮ ਵਿੱਚ ਰਹਿਤ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਤੋਂ ਸ਼੍ਰੋਮਣੀ ਕਮੇਟੀ ਨੇ ਆਪਣਾ ਪੱਲਾ ਝਾੜਨ ਦਾ ਯਤਨ ਕੀਤਾ ਹੈ। ਸ੍ਰੀ ਲੌਂਗੋਵਾਲ ਨੇ ਕਿਹਾ ਕਿ ਜਦੋਂ ਪਤਿਤ ਸਿੱਖ ਗਾਇਕ ਮੀਕਾ ਸਿੰਘ ਵੱਲੋਂ ਕੀਰਤਨ ਕਰਨ ਕਾਰਨ ਮਰਿਆਦਾ ਦੀ ਉਲੰਘਣਾ ਹੋਈ ਸੀ, ਉਸ ਵੇਲੇ ਉਹ ਹਾਜ਼ਰ ਨਹੀਂ ਸਨ ਤੇ ਇਸ ਵਿਸ਼ੇ ‘ਤੇ ਅਕਾਲ ਤਖ਼ਤ ਦੇ ਜਥੇਦਾਰ ਹੀ ਕੁਝ ਕਹਿ ਸਕਦੇ ਹਨ। ਉਂਜ,ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਇਹ ਕਹਿ ਕੇ ਪੱਲਾ ਝਾੜ ਚੁੱਕੇ ਹਨ ਕਿ ਇਹ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਰਾਇਆ ਗਿਆ ਸੀ।
ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਤੋਂ ਆਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੀ ਸਾਰੇ ਗੁਰਪੁਰਬ ਮਨਾਏ ਹਨ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੇਲੇ ਹੋਈਆਂ ਨਿਯੁਕਤੀਆਂ ਸਬੰਧੀ ਚੱਲ ਰਹੇ ਵਿਵਾਦ ਅਤੇ ਜਾਂਚ ਬਾਰੇ ਉਨ੍ਹਾਂ ਆਖਿਆ ਕਿ ਫਿਲਹਾਲ ਇਸ ਦੀ ਜਾਂਚ ਚੱਲ ਰਹੀ ਹੈ। ਇਹ ਕਮੇਟੀ ਵੱਲੋਂ ਦਿੱਤੀ ਰਿਪੋਰਟ ਮੁਤਾਬਕ ਹੀ ਭਵਿੱਖ ਵਿਚ ਨਿਯੁਕਤੀਆਂ ਤੇ ਤਰੱਕੀਆਂ ਨਿਯਮਬੱਧ ਹੋਣਗੀਆਂ। ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ‘ਤੇ ਵੱਡੇ ਸਮਾਗਮ ਕੀਤੇ ਜਾਣਗੇ। ਸੁਲਤਾਨਪੁਰ ਲੋਧੀ ਵਿਖੇ ਯਾਦਗਾਰ ਦੇ ਰੂਪ ਵਿੱਚ ¡ ਮੂਲ ਮੰਤਰ ਵਾਸਤੇ ਵਿਸ਼ੇਸ਼ ਜ਼ਮੀਨ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ, ਜਿੱਥੇ ਜਲਦੀ ਨਿਰਮਾਣ ਦਾ ਕੰਮ ਸ਼ੁਰੂ ਹੋਵੇਗਾ।  ਮੀਟਿੰਗ ਵਿੱਚ ਅੰਤ੍ਰਿੰਗ ਕਮੇਟੀ ਮੈਂਬਰਾਂ ਤੋਂ ਇਲਾਵਾ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।