ਸੁਖਬੀਰ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਲਾਈ ਮਨਪ੍ਰੀਤ ਦੀ ਸ਼ਿਕਾਇਤ

ਸੁਖਬੀਰ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਲਾਈ ਮਨਪ੍ਰੀਤ ਦੀ ਸ਼ਿਕਾਇਤ

ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਵੱਲੋਂ ਸੇਵਾ ਕੇਂਦਰ ਬੰਦ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਨਿਸ਼ਾਨਾ ਸੇਧਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੇਵਾ ਕੇਂਦਰ ਬੰਦ ਕਰਨ ਦਾ ਸਿੱਧਾ ਮਤਲਬ ਹੈ ਕਿ ਲੋਕਾਂ ਨੂੰ ਜਮਹੂਰੀ ਅਧਿਕਾਰ ਖੋਹ ਲੈਣੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਸੇਵਾ ਕੇਂਦਰ ਖੋਲ੍ਹੇ ਸਨ ਤਾਂ ਜੋ ਲੋਕਾਂ ਨੂੰ ਘਰ ਬੈਠਿਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਸੇਵਾ ਕੇਂਦਰ ਬੰਦ ਕਰਨ ਦੇ ਮੁੱਦੇ ‘ਤੇ ਵਿੱਤ ਮੰਤਰੀ ਤੇ ਆਪਣੇ ਚਚੇਰੇ ਭਰਾ ਮਨਪ੍ਰੀਤ ਸਿੰਘ ਬਾਦਲ ‘ਤੇ ਵੀ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਅਕਸਰ ਤੁਗ਼ਲਕੀ ਫ਼ੈਸਲੇ ਲੈਂਦੇ ਹਨ ਤੇ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਸੇਵਾ ਕੇਂਦਰ ਨੂੰ ਘਾਟੇ ਦਾ ਸੌਦਾ ਕਿਹਾ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਹੋਣਾ ਚਾਹੀਦਾ ਹੈ ਕਿ ਸਰਕਾਰਾਂ ਵੱਲੋਂ ਸਹੂਲਤਾਂ ਮੁਨਾਫ਼ਾ ਕਮਾਉਣ ਲਈ ਨਹੀਂ ਦਿੱਤੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਜੇਕਰ ਘਾਟੇ ਦੀ ਹੀ ਗੱਲ ਕਰਨੀ ਹੋਵੇ ਤਾਂ ਸਰਕਾਰ ਵੀ ਘਾਟੇ ਵਿੱਚ ਹੈ ਤਾਂ ਕੀ ਸਰਕਾਰ ਵੀ ਬੰਦ ਕਰ ਦਿੱਤੀ ਜਾਵੇਗੀ? ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਿੱਚ ਵੀ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਬਿਜਲੀ ਸਬਸਿਡੀ ਸਮੇਤ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹੋਰਨਾਂ ਸਹੂਲਤਾਂ ਬੰਦ ਕਰਨ ਦੀ ਵਕਾਲਤ ਕੀਤੀ ਸੀ ਪਰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਜਿਹੀਆਂ ਸਲਾਹਾਂ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਸੇਵਾ ਕੇਂਦਰ ਬੰਦ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ ਕਿਉਂਕਿ ਲੋਕਾਂ ਨੂੰ ਬਿਨਾਂ ਖੱਜਲਖੁਆਰੀ ਤੋਂ ਹਰ ਤਰ੍ਹਾਂ ਦੀ ਸਹੂਲਤ ਮਿਲ ਰਹੀ ਹੈ। ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਖੋਲ੍ਹੇ ਗਏ ਸੇਵਾ ਕੇਂਦਰ ਸੁਖਬੀਰ ਸਿੰਘ ਬਾਦਲ ਦਾ ਸੁਪਨਮਈ ਪ੍ਰਾਜੈਕਟ ਮੰਨਿਆ ਜਾਂਦਾ ਸੀ। ਕੈਪਟਨ ਸਰਕਾਰ ਵੱਲੋਂ ਇਹ ਕੇਂਦਰ ਬੰਦ ਕਰਨ ਲਈ ਛੋਟੇ ਬਾਦਲ ਨੂੰ ਨਿੱਜੀ ਤੌਰ ‘ਤੇ ਵੀ ਝਟਕਾ ਮੰਨਿਆ ਜਾ ਰਿਹਾ ਹੈ।