ਕੈਪਟਨ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨਾਲ ਮੁਲਾਕਾਤ ਬਾਰੇ ਅਪਣਾ ਰਵੱਈਆ ਬਦਲਿਆ

ਕੈਪਟਨ ਨੇ ਕਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨਾਲ ਮੁਲਾਕਾਤ ਬਾਰੇ ਅਪਣਾ ਰਵੱਈਆ ਬਦਲਿਆ

ਚੰਡੀਗੜ੍ਹ/ ਬਿਊਰੋ ਨਿਊਜ਼:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਵੱਲੋਂ ਖਾਲਿਸਤਾਨੀ ਪੱਖੀ ਪੈਂਤੜੇ ਦੇ ਹੱਕ ਵਿੱਚ ਖੜ੍ਹਨ ਤੋਂ ਕੋਰੀ ਨਾਂਹ ਕਰਨ ਦਾ ਸੁਆਗਤ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੇ ਮੁਲਕ ਵਿੱਚ ਵੱਖਵਾਦੀ ਤਾਕਤਾਂ ਖ਼ਿਲਾਫ਼ ਢੁਕਵਾਂ ਮਾਹੌਲ ਸਿਰਜਣ ਲਈ ਵਧਾਈ ਦਿੱਤੀ ਹੈ। ਬੁੱਧਵਾਰ ਨੂੰ ਕੈਨੇਡਾ ਦੀ ਪ੍ਰੈਸ ਵਿੱਚ ਛਪੇ ਸ੍ਰੀ ਸੱਜਣ ਦੇ ਬਿਆਨ ਮੁਤਾਬਕ ਉਨ੍ਹਾਂ ਅਤੇ ਕੈਨੇਡਾ ਦੇ ਸਿੱਖ ਮੰਤਰੀ ਅਮਰਜੀਤ ਸੋਹੀ ਨੇ ਨਾ ਤਾਂ ਸਿੱਖ ਕੌਮਪ੍ਰਸਤੀ ਲਹਿਰ ਪ੍ਰਤੀ ਹਮਦਰਦੀ ਪ੍ਰਗਟਾਈ ਹੈ ਅਤੇ ਨਾ ਹੀ ਉਹ ਇਸ ਦੇ ਪੱਖ ਵਿੱਚ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪਾਰਟੀ ਤੇ ਸਰਕਾਰ ਵਿੱਚ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਆਪਣੇ ਮੁਲਕ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਵਰਤਣ ਦੀ ਇਜਾਜ਼ਤ ਨਹੀਂ ਦੇਣਗੇ।
ਕੈਪਟਨ ਨੇ ਕਿਹਾ ਕਿ ਸ੍ਰੀ ਸੱਜਣ ਤੇ ਸ੍ਰੀ ਸੋਹੀ ਦੇ ਤਾਜ਼ਾ ਬਿਆਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਖਾਲਿਸਤਾਨੀ ਉਦੇਸ਼ ਨਾਲ ਕੋਈ ਵਾਹ-ਵਾਸਤਾ ਨਹੀਂ ਹੈ। ਇਸ ਨੇ ਕੈਨੇਡਾ ਨਾਲ ਬਿਹਤਰ ਸਬੰਧਾਂ ਲਈ ਰਾਹ ਪੱਧਰਾ ਕੀਤਾ ਹੈ। ਉਹ ਸ੍ਰੀ ਟਰੂਡੋ ਦੀ ਇਸ ਮਹੀਨੇ ਪੰਜਾਬ ਸਮੇਤ ਭਾਰਤ ਫੇਰੀ ਮੌਕੇ ਉਨ੍ਹਾਂ ਨੂੰ ਮਿਲਣ ਦੀ ਉਡੀਕ ਵਿੱਚ ਹਨ। ਉਨ੍ਹਾਂ ਕਿਹਾ ਕਿ ਸ੍ਰੀ ਟਰੂਡੋ ਦੀ ਫੇਰੀ ਦੌਰਾਨ ਕੈਨੇਡਾ ਅਤੇ ਪੰਜਾਬ ਦਰਮਿਆਨ ਦੁਵੱਲੇ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਸਦਾ ਹੀ ਭਾਰਤ ਖਾਸ ਕਰਕੇ ਪੰਜਾਬ ਦਾ ਮਿੱਤਰ ਰਿਹਾ ਹੈ।