ਸਿੱਖ ਸਲਤਨਤ ਦੇ ਮਾਹਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

ਸਿੱਖ ਸਲਤਨਤ ਦੇ ਮਾਹਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

ਲਾਹੌਰ/ਬਿਊਰੋ ਨਿਊਜ਼ :
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 179ਵੀਂ ਬਰਸੀ ਲਾਹੌਰ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ‘ਤੇ ਮਨਾਈ ਗਈ। ਬਰਸੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਭਾਰਤ ਤੋਂ ਗਏ 266 ਸਿੱਖ ਸ਼ਰਧਾਲੂਆਂ ਸਮੇਤ ਲਾਹੌਰ, ਸ੍ਰੀ ਨਨਕਾਣਾ ਸਾਹਿਬ, ਪਿਸ਼ਾਵਰ ਤੋਂ ਇਲਾਵਾ ਹੋਰਨਾਂ ਦੇਸ਼ਾਂ ਤੋਂ ਪਹੁੰਚੀ ਸੰਗਤ ਵੀ ਹਾਜ਼ਰ ਸੀ।
ਲਾਹੌਰ ਤੋਂ ਬਾਬਰ ਜਲੰਧਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਡੇਰਾ ਸਾਹਿਬ ਕੋਲ ਮੌਜੂਦ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਕਥਾਵਾਚਕ ਭਾਈ ਗੁਰਸੇਵਕ ਸਿੰਘ, ਭਾਈ ਹਰਪਾਲ ਸਿੰਘ ਤੇ ਰਾਗੀ ਭਾਈ ਸਤਨਾਮ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਪਾਕਿ ਦੇ ਘੱਟ ਗਿਣਤੀ ਮੰਤਰੀ, ਈਟੀਪੀਬੀ. ਦੇ ਨਿਗਰਾਨ ਚੇਅਰਮੈਨ ਤਾਹਿਰ ਅਹਿਸਾਨ, ਸਕੱਤਰ ਮੁਹੰਮਦ ਤਾਰਿਕ ਵਜ਼ੀਰ, ਡਿਪਟੀ ਸਕੱਤਰ ਧਾਰਮਿਕ ਸਥਾਨ ਇਮਰਾਨ ਖ਼ਾਂ ਗਾਦਲ, ਫ਼ਜ਼ਲ ਰਾਬੀ, ਤਾਰਿਕ ਗਿਲਾਨੀ,  ਅਜ਼ਹਰ ਅੱਬਾਸ, ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ, ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ, ਪ੍ਰੋ. ਕਲਿਆਣ ਸਿੰਘ ਕਲਿਆਣ, ਮਹਿੰਦਰਪਾਲ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਦੇ ਆਗੂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਸ. ਵਰਿੰਦਰ ਸਿੰਘ ਠਰੂ, ਖਾਲੜਾ ਮਿਸ਼ਨ ਕਮੇਟੀ ਦੇ ਪਾਰਟੀ ਆਗੂ ਸ. ਦਰਸ਼ਨ ਸਿੰਘ ਰੌਸ਼ਨਵਾਲਾ, ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪਾਰਟੀ ਆਗੂ ਸ: ਗੁਰਮੁਖ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਾਰਟੀ ਆਗੂ ਜਗਮੋਹਨ ਸਿੰਘ ਆਦਿ ਵੀ ਹਾਜ਼ਰ ਸਨ। ਬਰਸੀ ਸਮਾਗਮ ਦੌਰਾਨ ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਅਤੇ ਭਾਰਤੀ ਸਿੱਖ ਜਥਿਆਂ ਦੇ ਹੋਰਨਾਂ ਆਗੂਆਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ‘ਚ ਵੱਡੇ ਪੱਧਰ ‘ਤੇ ਹੋਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪਾਕਿ ਸਰਕਾਰ ਪਾਸੋਂ ਗੁਰਪੁਰਬ ਮੌਕੇ ਭਾਰਤੀ ਸਿੱਖ ਯਾਤਰੀਆਂ ਨੂੰ ਵੱਡੀ ਗਿਣਤੀ ‘ਚ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ ਅਤੇ ਨਾਲ ਹੀ ਕਿਹਾ ਕਿ ਇਹ ਵੀਜ਼ੇ ਪ੍ਰਕਾਸ਼ ਪੁਰਬ ਤੋਂ ਘੱਟੋ-ਘੱਟ ਇਕ ਹਫ਼ਤਾ ਪਹਿਲਾਂ ਜਾਰੀ ਕੀਤੇ ਜਾਣ। ਇਸ ‘ਤੇ ਸਕੱਤਰ ਮੁਹੰਮਦ ਤਾਰਿਕ ਵਜ਼ੀਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ 10 ਹਜ਼ਾਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਵੀਜ਼ਾ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਵਿਦੇਸ਼ ਮੰਤਰਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰਨਾਂ ਜਥਿਆਂ ਨੂੰ ਵੀਜ਼ਾ ਜਾਰੀ ਕਰਨ ਲਈ ਪਾਕਿ ਸਰਕਾਰ ਦੇ ਵਿਦੇਸ਼ ਮੰਤਰਾਲੇ ਵਲੋਂ ਹਰੀ ਝੰਡੀ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਭਾਰਤ ਦੀ ਸੰਗਤ ਸਮੇਤ ਕੈਨੇਡਾ, ਮਲੇਸ਼ੀਆ, ਇੰਗਲੈਂਡ, ਅਮਰੀਕਾ, ਇਟਲੀ, ਹਾਂਗਕਾਂਗ ਤੇ ਆਸਟ੍ਰੇਲੀਆ ਆਦਿ ਦੇਸ਼ਾਂ ਦੇ ਇਕ ਲੱਖ ਤੋਂ ਵਧੇਰੇ ਸ਼ਰਧਾਲੂ 550ਵੇਂ ਗੁਰਪੁਰਬ ਮੌਕੇ ਸਮਾਗਮਾਂ ‘ਚ ਸ਼ਾਮਿਲ ਹੋਣਗੇ। ਪਾਕਿ ਚੇਅਰਮੈਨ ਤਾਹਿਰ ਅਹਿਸਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਲਾਹੌਰ ਦੀ ਮਹੱਤਵਪੂਰਨ ਇਮਾਰਤ ‘ਸ਼ਾਹਰਾ ਯਾਂ ਬਿਲਡਿੰਗ’ ਦਾ ਨਾਂਅ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ ‘ਤੇ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਪ੍ਰਧਾਨ ਸ. ਤਾਰਾ ਸਿੰਘ ਤੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨੇ ਕਿਹਾ ਕਿ ਪਾਕਿ ਸਥਿਤ ਵੱਖ-ਵੱਖ ਗੁਰਦੁਆਰਿਆਂ ਦੀ ਦੇਖਭਾਲ ਅਤੇ ਮੁਰੰਮਤ ਸਮੇਤ ਨਵੀਆਂ ਸਰਾਂਵਾਂ ਉਸਾਰਨ ‘ਤੇ 100 ਕਰੋੜ ਰੁਪਏ ਖ਼ਰਚ ਕੀਤੇ ਜਾਣ ਦੀ ਯੋਜਨਾ ਬਣਾਈ ਗਈ ਹੈ, ਜਿਸ ਦੇ ਚੱਲਦਿਆਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 43.7 ਕਰੋੜ ਰੁਪਏ ਦੀ ਲਾਗਤ ਨਾਲ 136 ਕਮਰਿਆਂ ਵਾਲੀ ਸਰਾਂ ਉਸਾਰੀ ਜਾਵੇਗੀ। ਕੈਨੇਡੀਅਨ ਕਾਰਸੇਵਾ ਸੰਸਥਾ ਵਲੋਂ ਵੀ ਯਾਤਰੀਆਂ ਲਈ ਸ੍ਰੀ ਨਨਕਾਣਾ ਸਾਹਿਬ ‘ਚ 50 ਕਮਰੇ ਬਣਾਏ ਜਾਣਗੇ। ਇਸ ਦੇ ਇਲਾਵਾ ਹਸਨ ਅਬਦਾਲ ਵਿਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਨਾਰੋਵਾਲ ਵਿਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ 50 ਕਮਰੇ ਬਣਾਏ ਜਾਣਗੇ। ਜ਼ਿਲ੍ਹਾ ਗੁਜਰਾਂਵਾਲਾ ਦੇ ਐਮਨਾਬਾਦ ਕਸਬੇ ਵਿਚਲੇ ਗੁਰਦੁਆਰਾ ਸ੍ਰੀ ਰੋੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਚੱਕੀ ਸਾਹਿਬ ਅਤੇ ਗੁਰਦੁਆਰਾ ਭਾਈ ਲਾਲੋ ਦੀ ਖੂਹੀ ਦੀ ਵੀ ਨਵ-ਉਸਾਰੀ ਕਰਵਾਈ ਜਾਵੇਗੀ।