ਸੜਕ ਹਾਦਸੇ ਸਬੰਧੀ ਗ੍ਰਿਫਤਾਰ ਕੀਤੇ ਦੋ ਵਿਅਕਤੀ ‘ਖਾਲਿਸਤਾਨ ਜ਼ਿੰਦਾਬਾਦ ਗਰੁੱਪ’ ਦੇ ਮੈਂਬਰ-ਪੁਲੀਸ

ਸੜਕ ਹਾਦਸੇ ਸਬੰਧੀ ਗ੍ਰਿਫਤਾਰ ਕੀਤੇ ਦੋ ਵਿਅਕਤੀ ‘ਖਾਲਿਸਤਾਨ ਜ਼ਿੰਦਾਬਾਦ ਗਰੁੱਪ’ ਦੇ ਮੈਂਬਰ-ਪੁਲੀਸ

ਪੁਲੀਸ ਵੱਲੋਂ ਫੜੇ ਗਏ ਕਥਿੱਤ ਅਤਿਵਾਦੀ।
ਫ਼ਰੀਦਕੋਟ/ਬਿਊਰੋ ਨਿਊਜ਼:
ਜ਼ਿਲ੍ਹਾ ਪੁਲੀਸ ਫ਼ਰੀਦਕੋਟ ਨੇ ਵੀਰਵਾਰ ਨੂੰ ਇੱਥੇ ਦੇਰ ਸ਼ਾਮ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਦਾਅਵਾ ਕੀਤਾ ਕਿ ਪੁਲੀਸ ਨੇ ਦੋ ਇਕ ਸੜਕ ਹਾਦਸੇ ਮਗਰੋਂ ਵਿਅਕਤੀਆਂ ਨੂੰ  ਗ੍ਰਿਫ਼ਤਾਰ ਕਰ ਕੇ ਥਾਣੇ ਲਿਆਂਦਾ ਸੀ। ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਕਿ ਫੜੇ ਗਏ ਸੰਦੀਪ ਸਿੰਘ ਅਤੇ ਅਮਰ ਸਿੰਘ ਸਰਗਰਮ ਅੱਤਿਵਾਦੀ ਹਨ। ਪੁਲੀਸ ਨੇ ਉਨ੍ਹਾਂ ਕੋਲੋਂ 32 ਬੋਰ ਦੇ ਦੋ ਪਿਸਤੌਲ ਅਤੇ 40 ਕਾਰਤੂਸ ਬਰਾਮਦ ਕੀਤੇ ਹਨ।
ਜ਼ਿਲ੍ਹਾ ਪੁਲੀਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ (26 ਸਾਲ) ਵਾਸੀ ਬੰਗੀ ਨਿਹਾਲ, ਜ਼ਿਲ੍ਹਾ ਬਠਿੰਡਾ ਅਤੇ ਅਮਰ ਸਿੰਘ (48 ਸਾਲ) ਪਿੰਡ ਚੱਠਾ ਕਥਿਤ ਤੌਰ ‘ਤੇ ਖਾਲਿਸਤਾਨ ਜ਼ਿੰਦਾਬਾਦ ਗਰੁੱਪ ਦੇ ਮੈਂਬਰ ਹਨ, ਜਿਨ੍ਹਾਂ ਦਾ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨਾਲ ਰਾਬਤਾ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਗੁਰਜੰਟ ਸਿੰਘ ਨਾਮੀ ਵਿਅਕਤੀ ਵੱਲੋਂ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਚਲਾਈ ਜਾ ਰਹੀ ਹੈ, ਜੋ ਜਨਵਰੀ ਤੇ ਅਕਤੂਬਰ 2016 ਵਿੱਚ ਪੰਜਾਬ ‘ਚ ਵਾਪਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਹੈ। ਪੁਲੀਸ ਨੇ ਦੋਵਾਂ ਖਿਲਾਫ਼ ਦਹਿਸ਼ਤੀ ਸਰਗਰਮੀਆਂ ਰੋਕੂ ਐਕਟ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਇਹ ਗਰੁੱਪ ਪੰਜਾਬ ਤੇ ਗੁਆਂਢੀ ਸੂਬਿਆਂ  ਵਿੱਚ ਫਿਰਕੂ ਤਣਾਅ ਪੈਦਾ ਕਰਨ ਲਈ ਸਰਗਰਮ ਸੀ। ਪੁਲੀਸ ਨੇ ਆਪਣੇ ਲਿਖਤੀ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵਿਦੇਸ਼ਾਂ ‘ਚ ਬੈਠੀਆਂ ਦਹਿਸ਼ਤੀ ਜੱਥੇਬੰਦੀਆਂ ਵੱਲੋਂ ਹਥਿਆਰ ਮੁਹੱਈਆ ਕਰਵਾਏ ਜਾ ਰਹੇ ਹਨ। ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਅੱਜ ਹੀ ਫ਼ਰੀਦਕੋਟ ਰੇਂਜ ਦੇ ਡੀਆਈਜੀ ਗੁਰਿੰਦਰ ਸਿੰਘ ਢਿੱਲੋਂ ਫ਼ਰੀਦਕੋਟ ਪੁੱਜੇ ਹੋਏ ਸਨ, ਜਿਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਡੀਆਈਜੀ ਦੇ ਫ਼ਰੀਦਕੋਟ ਤੋਂ ਪਰਤਣ ਦੇ ਕਰੀਬ ਦੋ ਘੰਟੇ ਬਾਅਦ ਪੁਲੀਸ ਨੇ ਇਹ ਖ਼ਬਰ ਨਸ਼ਰ ਕੀਤੀ। ਫੜੇ ਗਏ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।