ਜੋਧਪੁਰ ਦੇ ਨਜ਼ਰਬੰਦਾਂ ਦੀ ਮਦਦ ਲਈ ਤਿੰਨ ਮੈਂਬਰੀ ਕਾਨੂੰਨੀ ਸੈੱਲ ਕਾਇਮ

ਜੋਧਪੁਰ ਦੇ ਨਜ਼ਰਬੰਦਾਂ ਦੀ ਮਦਦ ਲਈ ਤਿੰਨ ਮੈਂਬਰੀ ਕਾਨੂੰਨੀ ਸੈੱਲ ਕਾਇਮ

ਲੁਧਿਆਣਾ/ਬਿਊਰੋ ਨਿਊਜ਼ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋਧਪੁਰ ਵਿੱਚ ਨਜ਼ਰਬੰਦ ਰਹੇ ਸਿੱਖਾਂ ਦੀ ਕਾਨੂੰਨੀ ਮਦਦ ਲਈ ਤਿੰਨ ਮੈਂਬਰੀ ਕਮੇਟੀ ਬਣਾ ਕੇ ਕਾਨੂੰਨੀ ਸੈੱਲ ਬਣਾਇਆ ਗਿਆ ਹੈ, ਜੋ ਉਨ੍ਹਾਂ ਦੀ ਹਰ ਲੋੜੀਂਦੀ ਕਾਨੂੰਨੀ ਮਦਦ ਕਰੇਗਾ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਿਛਲੇ ਲੰਮੇ ਸਮੇਂ ਤੋਂ ਜੋਧਪੁਰ ਤੋਂ ਰਿਹਾਅ ਹੋ ਕੇ ਆਏ ਸਿੱਖਾਂ ਦੀ ਆਰਥਿਕ ਅਤੇ ਕਾਨੂੰਨੀ ਮਦਦ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਨਜ਼ਰਬੰਦ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ ਹਨ ਤੇ ਇਕ-ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁੱਲ 365 ਸਿੱਖਾਂ ਵਿੱਚੋਂ 40 ਨੂੰ ਅਦਾਲਤੀ ਹੁਕਮਾਂ ਤਹਿਤ ਕੇਂਦਰ ਸਰਕਾਰ ਨੇ 4-4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ 325 ਸਿੱਖਾਂ ਨੂੰ ਇਹ ਮੁਆਵਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਇਆ ਕਾਨੂੰਨੀ ਸੈੱਲ ਹਰ ਸੰਭਵ ਕਾਰਵਾਈ ਕਰੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠਲੇ ਵਫ਼ਦ ਵੱਲੋਂ ਵੀ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤਿੰਨ ਮੈਂਬਰੀ ਕਮੇਟੀ ਵਿੱਚ ਭਾਈ ਗੁਰਚਰਨ ਸਿੰਘ ਗਰੇਵਾਲ, ਭਗਵੰਤ ਸਿੰਘ ਸਿਆਲਕਾ ਤੇ ਜਗਜੀਤ ਸਿੰਘ ਪੀਏ ਨੂੰ ਸ਼ਾਮਲ ਕੀਤਾ ਗਿਆ ਹੈ। ਗੁਰੂ ਰਾਮਦਾਸ ਲੰਗਰ ਲਈ ਜੀਐੱਸਟੀ ਰਿਫ਼ੰਡ ਦੇ ਮਾਮਲੇ ਸਬੰਧੀ ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰੀ ਵਿੱਤ ਮੰਤਰੀ ਵੱਲੋਂ ਲੰਗਰ ਦੀ ਰਸਦ ਉੱਪਰ ਅਦਾ ਕੀਤੇ ਸਾਰੇ ਜੀਐੱਸਟੀ ਨੂੰ ਰਿਫ਼ੰਡ ਕਰਨ ਦਾ ਵਾਅਦਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਲੌਂਗ ਵਿਚ ਘੱਟ ਗਿਣਤੀਆਂ ਉਪਰ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਹਰਕਤ ਵਿਚ ਹੈ ਤੇ ਸ਼ਿਲੌਂਗ ਦੇ ਨੁਕਸਾਨੇ ਗੁਰਦੁਆਰੇ 10 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ, ਜਦੋਂਕਿ ਜਿਸ ਸਿੰਘ ਦੇ ਘਰ ਨੂੰ ਨੁਕਸਾਨ ਪੁੱਜਾ ਹੈ, ਉਸ ਨੂੰ ਵੀ 2 ਲੱਖ ਰੁਪਏ ਅਤੇ 21-21 ਹਜ਼ਾਰ ਰੁਪਏ ਦੀ ਹੋਰ ਕਈ ਲੋਕਾਂ ਨੂੰ ਮਦਦ ਦਿੱਤੀ ਹੈ।
ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਕਿਸੇ ਵੀ ਦਲਿਤ ਸਿੱਖ ਨੂੰ ਵੱਖਰਾ ਅੰਮ੍ਰਿਤ ਨਹੀਂ ਛਕਾਇਆ ਗਿਆ। ਉਨ੍ਹਾਂ ਕਿਹਾ ਸੋਸ਼ਲ ਮੀਡੀਆ ‘ਤੇ ਚੱਲ ਰਹੀ ਚਰਚਾ ਦੀ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਮੋਗਾ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਹੋਈ ਘਟਨਾ ਦੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਦਮ ਚੁੱਕੇ। ਉਨ੍ਹਾਂ ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਹਾਈ ਕਮਿਸ਼ਨਰ ਨੂੰ ਪੰਜਾ ਸਾਹਿਬ ਵਿਖੇ ਜਾਣ ਤੋਂ ਰੋਕਣ ਦੀ ਨਿੰਦਾ ਕੀਤੀ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਹਾਜ਼ਰ ਸਨ।