ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਵੱਲੋਂ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮਾਰਨ ਦੀ ਧਮਕੀ

ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਵੱਲੋਂ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਮਾਰਨ ਦੀ ਧਮਕੀ

ਮੁਹਾਲੀ/ਬਿਊਰੋ ਨਿਊਜ਼ :
ਇਥੇ ਰਹਿੰਦੇ ਪੰਜਾਬੀ ਫਿਲਮਾਂ ਦੇ ਅਦਾਕਾਰ ਅਤੇ ਉੱਘੇ ਗਾਇਕ ਗਿੱਪੀ ਗਰੇਵਾਲ ਨੂੰ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਪੁਲੀਸ ਨੇ ਗਾਇਕ ਦੀ  ਸ਼ਿਕਾਇਤ ‘ਤੇ ਇੱਥੋਂ ਦੇ ਸੈਂਟਰਲ ਥਾਣਾ ਫੇਜ਼-8 ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਗੈਂਗਸਟਰ ਦਿਲਪ੍ਰੀਤ ਸਿੰਘ ‘ਤੇ ਸ਼ਹਿਰ ਵਿੱਚ ਮਸ਼ਹੂਰ ਗਾਇਕ ਪਰਮੀਸ਼ ਵਰਮਾ ਨੂੰ ਗੋਲੀ ਮਾਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਦਿਲਪ੍ਰੀਤ ਭਗੌੜਾ ਚੱਲ ਰਿਹਾ ਹੈ। ਉਂਝ ਪੁਲੀਸ ਨੇ ਗੈਂਗਸਟਰ ਦੀ ਫੇਸਬੁੱਕ ਚਲਾਉਣ ਵਾਲੇ ਅਤੇ ਕੁਝ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿੱਪੀ ਗਰੇਵਾਲ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ ਵਿੱਚ ਉਸ ਨੇ ਕਿਹਾ ਕਿ ਉਸ ਨੂੰ ਗੈਂਗਸਟਰ ਦਿਲਪ੍ਰੀਤ ਵੱਲੋਂ ਵੀਡੀਓ ਕਾਲਿੰਗ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਗੈਂਗਸਟਰ ਦਿਲਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਗੈਂਗਸਟਰ ਦੀ ਧਮਕੀ ਮਿਲਣ ਤੋਂ ਬਾਅਦ ਗਿੱਪੀ ਗਰੇਵਾਲ ਨੇ ਮੁਹਾਲੀ ਪੁਲੀਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਗੈਂਗਸਟਰ ਦਿਲਪ੍ਰੀਤ ਨੇ ਗਿੱਪੀ ਗਰੇਵਾਲ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਪਰਮੀਸ਼ ਵਰਮਾ ਵਾਂਗ ਉਨ੍ਹਾਂ ਦੀ ਮੰਗ ਪੂਰੀ ਨਹੀਂ ਕਰਦਾ ਤਾਂ ਉਸ ਦਾ ਵੀ ਮਾੜਾ ਹਸ਼ਰ ਹੋਵੇਗਾ। ਜਾਣਕਾਰੀ ਅਨੁਸਾਰ ਗਿੱਪੀ ਗਰੇਵਾਲ ਇਸ ਸਮੇਂ ਆਪਣੀ ਨਵੀਂ ਪੰਜਾਬੀ ਫਿਲਮ ‘ਕੈਰੀਆਨ ਜੱਟਾ-2’ ਦੀ ਪ੍ਰੋਮੋਸ਼ਨ ਕਰਨ ਵਿਚ ਲੱਗਾ ਹੋਇਆ ਹੈ।

ਪੰਜਾਬ ਦੇ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਤੋਂ ਡੀਜੀਪੀ ਪਰੇਸ਼ਾਨ
ਅੰਮ੍ਰਿਤਸਰ/ਬਿਊਰੋ ਨਿਊਜ਼ :
ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਸੁਰੇਸ਼ ਅਰੋੜਾ ਨੇ ਆਖਿਆ ਕਿ ਕਲਾਕਾਰਾਂ ਨੂੰ ਧਮਕੀਆਂ ਦੇਣ ਵਾਲੇ ਗੈਂਗਸਟਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹ ਸਾਕਾ ਨੀਲਾ ਤਾਰਾ ਬਰਸੀ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਇੱਥੇ ਆਏ ਸਨ।
ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ ਆਖਿਆ ਕਿ ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਇੱਕ ਮੁਹਿੰਮ ਛੇੜੀ ਹੋਈ ਹੈ। ਗੈਂਗਸਟਰਾਂ ਤੇ ਹੋਰ ਅਪਰਾਧੀਆਂ ਵੱਲੋਂ ਸੋਸ਼ਲ ਮੀਡੀਆ ਨੂੰ ਵਰਤੇ ਜਾਣ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਪਰਾਧੀਆਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਪੁਲੀਸ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਰਾਹੀਂ ਅਪਰਾਧੀਆਂ ਦਾ ਪਤਾ ਲਾਉਣਾ ਮੁਸ਼ਕਲ ਹੋ ਗਿਆ ਹੈ। ਪੰਜਾਬ ਪੁਲੀਸ ਵੱਲੋਂ ਉਲੀਕੀ ਰਣਨੀਤੀ ਤਹਿਤ ਜਲਦੀ ਹੀ ਮੁਹਾਲੀ ਅਤੇ ਜਲੰਧਰ ਵਿੱਚ ਉਚ ਤਕਨੀਕ ਵਾਲਾ ਸਾਈਬਰ ਸੈੱਲ ਸਥਾਪਿਤ ਕੀਤਾ ਜਾਵੇਗਾ। ਜੇਲ੍ਹ ਵਿੱਚੋਂ ਨਿਰੰਤਰ ਮੋਬਾਈਲ ਫੋਨਾਂ ਦੀ ਬਰਾਮਦਗੀ ਦੀ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਕੁੱਝ ਵਧੇਰੇ ਸੁਰੱਖਿਆ ਵਾਲੀਆਂ ਜੇਲ੍ਹਾਂ ਦੀ ਨਿਗਰਾਨੀ ਅਤੇ ਸੁਰੱਖਿਆ ਲਈ ਇਥੇ ਸੈਂਟਰਲ ਇੰਡਸਟਰੀਅਲ ਸਕਿਓਰਿਟੀ ਫੋਰਸ (ਸੀਆਈਐਸਐਫ) ਤਾਇਨਾਤ ਕਰਨ ਦੀ ਯੋਜਨਾ ਹੈ। ਸੀਆਈਐੱਸਐੱਫ ਦੀਆਂ ਦੋ ਕੰਪਨੀਆਂ ਇੱਥੇ ਤਾਇਨਾਤ ਹੋਣਗੀਆਂ। ਇਸ ਸਬੰਧ ਵਿੱਚ ਜੇਲ੍ਹਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਥੇ ਵਧੇਰੇ ਗੈਂਗਸਟਰ ਅਤੇ ਅਤਿਵਾਦੀ ਬੰਦ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਮੋਬਾਈਲ ਸਿਗਨਲ ਨੂੰ ਰੋਕਣ ਲਈ ਜੈਮਰ ਵੀ ਲਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲੀਸ ਵਿੱਚ ਹੋਰ ਭਰਤੀ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਗਸ਼ਤ ਕਰਨ ਵਾਲੀਆਂ ਪੁਲੀਸ ਪਾਰਟੀਆਂ, ਟਰੈਫਿਕ ਪੁਲੀਸ ਅਤੇ ਹੋਰ ਪੁਲੀਸ ਕਰਮਚਾਰੀਆਂ ਨੂੰ ਘਟਨਾਵਾਂ ਦੀ ਰਿਕਾਰਡਿੰਗ ਲਈ ਵਿਸ਼ੇਸ਼ ਕੈਮਰੇ ਵੀ ਦਿੱਤੇ ਜਾਣਗੇ।