ਅਮਰਿੰਦਰ ਸਿੰਘ ਕਿਸਾਨ ਕਰਜ਼ਾ ਮੁਆਫੀ ਲਈ ਮੁੜ ਪਹੁੰਚੇ ਕੇਂਦਰ ਦੇ ਦਰਬਾਰ

ਅਮਰਿੰਦਰ ਸਿੰਘ ਕਿਸਾਨ ਕਰਜ਼ਾ ਮੁਆਫੀ ਲਈ ਮੁੜ ਪਹੁੰਚੇ ਕੇਂਦਰ ਦੇ ਦਰਬਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਕਰਜ਼ੇ ਦੇ ਜਾਲ ਵਿਚ ਫਸੇ ਕਿਸਾਨਾਂ ਦੀਆਂ ਨਿਤ ਦਿਨ ਹੋ ਰਹੀਆਂ ਖੁਦਕੁਸ਼ੀਆਂ ਕਾਰਨ ਪੰਜਾਬ ਦੀ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਘਿਰੀ ਨਜ਼ਰ ਆ ਰਹੀ ਹੈ। ਕਿਸਾਨਾਂ ਦੀ ਨਿੱਘਰ ਰਹੀ ਹਾਲਤ ਅਤੇ ਕਿਸਾਨਾਂ ਵੱਲੋਂ ਲਗਾਤਾਰ ਖੁਦਕੁਸ਼ੀਆਂ ਕਾਰਨ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਕੇਂਦਰ ਨੂੰ ਗੁਹਾਰ ਲਗਾਈ ਹੈ। ਉਨ੍ਹਾਂ ਕਿਸਾਨੀ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਯਕਮੁਸ਼ਤ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਦਿਹਾਤੀ ਇਲਾਕਿਆਂ ਵਿੱਚ ਸਮਾਜਿਕ-ਆਰਥਿਕ ਬੇਚੈਨੀ ਤੋਂ ਬਚਣ ਲਈ ਭਾਰਤ ਸਰਕਾਰ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਰਾਸ਼ਟਰੀ ਪੱਧਰ ‘ਤੇ ਕਰਜ਼ਾ ਮੁਆਫੀ ਸਕੀਮ ਬਾਰੇ ਸੂਬਾ ਸਰਕਾਰ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਦੇ ਬਾਵਜੂਦ ਇਸ ਸਬੰਧ ਵਿੱਚ ਕੋਈ ਉਤਸ਼ਾਹਜਨਕ ਹੁੰਗਾਰਾ ਨਹੀਂ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ੇ ਦੇ ਲਗਾਤਾਰ ਦਬਾਅ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਗਿਣਤੀ ਵਧ ਰਹੀ ਹੈ ਅਤੇ ਉਨ੍ਹਾਂ ਵਿੱਚ ਵੱਡੀ ਪੱਧਰ ‘ਤੇ ਬੇਚੈਨੀ ਫੈਲ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ‘ਤੇ ਤੁਰੰਤ ਧਿਆਨ ਦਿੱਤੇ ਜਾਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੌਮੀ ਪੱਧਰ ‘ਤੇ ਖੇਤੀਬਾੜੀ ਕਰਜ਼ਾ ਮੁਆਫੀ ਬਾਰੇ ਪਹਿਲ ਦੇ ਆਧਾਰ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਸਤੇ ਖੇਤੀਬਾੜੀ ਸੈਕਟਰ ਨੂੰ ਜ਼ਿਆਦਾ ਲਚਕੀਲਾ ਅਤੇ ਆਰਥਿਕਤਾ ਨੂੰ ਪੁਨਰ ਉਥਾਨ ਵਾਲੀ ਬਣਾਉਣਾ ਚਾਹੀਦਾ ਹੈ। ਇਸ ਵਾਸਤੇ ਰਾਸ਼ਟਰੀ ਪੱਧਰ ਉੱਤੇ ਕਿਸਾਨਾਂ ਨੂੰ ਯਕਮੁਸ਼ਤ ਖੇਤੀ ਕਰਜ਼ਾ ਮੁਆਫੀ ਦਿੱਤੇ ਜਾਣਾ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਪਿਛਲੇ ਤਿੰਨ-ਚਾਰ ਸਾਲਾਂ ਵਿੱਚ ਮੌਸਮੀ ਤਬਦੀਲੀਆਂ ਕਾਰਨ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਖ਼ਰਾਬ ਹੋਈ ਹੈ। ਸਾਲ 2014 ਦੀ ਸਾਉਣੀ ਦੌਰਾਨ ਸੋਕਾ ਪੈਣ ਕਰ ਕੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਪਾਲਣ ਲਈ ਵਾਧੂ ਖ਼ਰਚਾ ਕਰਨਾ ਪਿਆ ਸੀ। ਇਸੇ ਤਰ੍ਹਾਂ ਸਾਲ 2014-15 ਦੀ ਹਾੜ੍ਹੀ ਰੁੱਤ ਦੌਰਾਨ ਬੇਵਕਤੀ ਮੀਂਹ ਦਾ ਕਣਕ ਦੀ ਪੈਦਾਵਾਰ ‘ਤੇ ਬੁਰਾ ਅਸਰ ਹੋਇਆ ਜਿਸ ਨਾਲ ਕਿਸਾਨਾਂ ਨੂੰ ਕਣਕ ਦੇ ਝਾੜ ਦਾ 10-15 ਫੀਸਦੀ ਦਾ ਘਾਟਾ ਸਹਿਣਾ ਪਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਾਲ 2015 ਦੀ ਸਾਉਣੀ ਰੁੱਤ ਦੌਰਾਨ ਫਿਰ ਚਿੱਟੀ ਮੱਖੀ ਦੇ ਹਮਲੇ ਨਾਲ ਨਰਮੇ ਦੀ ਫਸਲ ਬਰਬਾਦ ਹੋ ਗਈ ਸੀ ਅਤੇ ਇਸ ਸਮੇਂ ਦੌਰਾਨ ਹੀ ਆਲੂ, ਗੰਨਾ ਅਤੇ ਬਾਸਮਤੀ ਦੇ ਕਾਸ਼ਤਕਾਰਾਂ ਨੂੰ ਫਸਲਾਂ ਦੀਆਂ ਕੀਮਤਾਂ ਬਹੁਤ ਘੱਟ ਹੋਣ ਦਾ ਖਾਮਿਆਜਾ ਭੁਗਤਣਾ ਪਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਸਮੇਂ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਵੀ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੇ ਅਨੁਕੂਲ ਨਹੀਂ ਸੀ। ਇਸ ਦੇ ਸਿੱਟੇ ਵਜੋਂ ਹੀ ਕਿਸਾਨਾਂ ‘ਤੇ ਕਰਜ਼ੇ ਦੀ ਪੰਡ ਭਾਰੀ ਹੁੰਦੀ ਗਈ ਜਿਸ ਤੋਂ ਪੈਦਾ ਹੋਈ ਨਿਰਾਸ਼ਾ ਕਿਸਾਨ ਖੁਦਕੁਸ਼ੀਆਂ ਦੇ ਰੂਪ ਵਿੱਚ ਸਾਹਮਣੇ ਆਈ।