ਬਿਕਰਮ ਮਜੀਠੀਏ ਨੂੰ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਕੀਤਾ ਜਾਵੇ- ਨਵਜੋਤ ਸਿੰਘ ਸਿੱਧੂ

ਬਿਕਰਮ ਮਜੀਠੀਏ ਨੂੰ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਕੀਤਾ ਜਾਵੇ- ਨਵਜੋਤ ਸਿੰਘ ਸਿੱਧੂ

ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਚੰਡੀਗੜ੍ਹ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ।
ਚੰਡੀਗੜ੍ਹ/ ਨਿਊਜ਼ ਬਿਊਰੋ:
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਥਿਤ ਤੌਰ ‘ਤੇ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਸ਼ੁਕਰਵਾਰ ਨੂੰ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਨੇ ਸਰਕਾਰ ਵੱਲੋਂ ਨਸ਼ਿਆਂ ਦੀ ਸਮਗਲਿੰਗ ਰੋਕਣ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੀ ਰਿਪੋਰਟ ਦਾ ਹਵਾਲਾ ਦਿੱਤਾ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਐਸਟੀਐਫ ਵੱਲੋਂ ਸੌਂਪੀ ਗਈ 24 ਪੰਨਿਆਂ ਦੀ ਰਿਪੋਰਟ ਵਿਚਲੇ ਤੱਥਾਂ ਦਾ ਖ਼ੁਲਾਸਾ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਇਸ ਰਿਪੋਰਟ ਦੇ ਆਧਾਰ ‘ਤੇ ਸਾਬਕਾ ਮਾਲ ਮੰਤਰੀ ਦੀ ਬਕਾਇਦਾ ਪੜਤਾਲ ਹੋਣੀ ਚਾਹੀਦੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ 40 ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦਬਾਅ ਪਾਇਆ ਸੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸ ਸਮੇਂ ਮੁੱਖ ਮੰਤਰੀ ਵੱਲੋਂ ਇਹੋ ਦਲੀਲ ਦਿੱਤੀ ਗਈ ਸੀ ਕਿ ਸ੍ਰੀ ਮਜੀਠੀਆ ਦੀ ਸ਼ਮੂਲੀਅਤ ਸਬੰਧੀ ਪੁਖ਼ਤਾ ਸਬੂਤਾਂ ਦੀ ਕਮੀ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਐਸਟੀਐਫ ਦੀ ਰਿਪੋਰਟ ਨੂੰ ਅਣਗੌਲਿਆ ਕਰਨਾ ਹੁਣ ਮੁਸ਼ਕਿਲ ਹੋ ਜਾਵੇਗਾ ਅਤੇ ਰਾਜ ਸਰਕਾਰ ਨੂੰ ਇਸ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕਰਨੀ ਪਏਗੀ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਨਾਮਜ਼ਦ ਜਗਜੀਤ ਸਿੰਘ ਚਾਹਲ ਅਤੇ ਮਨਿੰਦਰ ਸਿੰਘ ਬਿੱਟੂ ਆਦਿ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਤੱਥਾਂ ‘ਤੇ ਆਧਾਰਿਤ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਆਨਾਂ ਦੀ ਪੁਣ-ਛਾਣ ਮਗਰੋਂ ਹੀ ਐਸਟੀਐਫ ਦੇ ਮੁਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਆਪਣੀ ਰਿਪੋਰਟ ਵਿੱਚ ਇਸ ਦਾ ਖ਼ੁਲਾਸਾ ਕੀਤਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਜਗਜੀਤ ਸਿੰਘ ਚਾਹਲ ਨੇ ਬਿਕਰਮ ਸਿੰਘ ਮਜੀਠੀਆ ਨੂੰ 35 ਲੱਖ ਰੁਪਏ ਦੇਣ ਦਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਚਾਹਲ, ਔਲਖ ਜਾਂ ਹੋਰ ਵਿਅਕਤੀਆਂ ਨੂੰ ਸਮਗਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਤਾਂ ਐਸਟੀਐਫ ਦੀ ਰਿਪੋਰਟ ਦੇ ਆਧਾਰ ‘ਤੇ ਮਜੀਠੀਆ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਜਾ ਸਕਦਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੈਨੇਡਾ ਰਹਿੰਦੇ ਵਿਅਕਤੀਆਂ ਸੱਤਾ, ਲਾਡੀ ਅਤੇ ਪਿੰਦਾ ਨਾਲ ਮਜੀਠੀਆ ਦੇ ਨੇੜਲੇ ਸਬੰਧਾਂ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਰਿਪੋਰਟ ਵਿੱਚ ਅਕਾਲੀ ਹਕੂਮਤ ਸਮੇਂ ਸੂਬੇ ਵਿੱਚ ਰੇਤ ਦੇ ਧੰਦੇ ‘ਚ ਸਾਬਕਾ ਮੰਤਰੀ, ਮੁਕਤਸਰ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਹੋਰਨਾਂ ਦੀ ਸ਼ਮੂਲੀਅਤ ਦਾ ਜ਼ਿਕਰ ਵੀ ਕੀਤਾ ਗਿਆ ਹੈ।
ਸਿੱਧੂ ਕੌਣ ਹੁੰਦੈ ਮੈਨੂੰ ਪੁੱਛਣ ਵਾਲਾਂ: ਬਿਕਰਮ ਮਜੀਠੀਆ
ਅਕਾਲੀ ਆਗੂ ਬਿਕਰਮ ਸਿੰਘ ਮਰਜੀਠੀਆ ਦਾ ਕਹਿਣਾ ਹੈ ਕਿ ਐਸਟੀਐਫ ਦੀ ਰਿਪੋਰਟ ਫਿਲਹਾਲ ਅਦਾਲਤੀ ਪ੍ਰਕਿਰਿਆ ਦਾ ਹਿੱਸਾ ਹੈ ਅਤੇ ਬੰਦ ਲਿਫਾਫੇ ਵਿੱਚ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ ਰਿਪੋਰਟ ਨੂੰ ਜਨਤਕ ਕਰਕੇ ਅਦਾਲਤੀ ਤੌਹੀਨ ਕੀਤੀ ਹੈ। ਮਜੀਠੀਆ ਨੇ ਇਹ ਵੀ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਜਵਾਬਦੇਹ ਨਹੀਂ ਹਨ ਤੇ ਈਡੀ ਦੀ ਰਿਪੋਰਟ ਨੂੰ ਅਜੇ ਤੱਕ ਕਿਸੇ ਵੀ ਅਦਾਲਤ ਨੇ ਸਹੀ ਨਹੀਂ ਮੰਨਿਆ ਹੈ ਅਤੇ ਐਸਟੀਐਫ ਨੇ ਈਡੀ ਦੇ ਦਸਤਾਵੇਜ਼ਾਂ ‘ਤੇ ਹੀ ਮੋਹਰ ਲਾਈ ਹੈ।