ਮਹਾਰਾਸ਼ਟਰ ਸਰਕਾਰ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਰਕਾਰੀ ਮੈਂਬਰ ਵਧਾਉਣ ਲੱਗੀ, ਐਸਜੀਪੀਸੀ ਵੱਲੋਂ ਵਿਰੋਧ

ਮਹਾਰਾਸ਼ਟਰ ਸਰਕਾਰ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਸਰਕਾਰੀ ਮੈਂਬਰ ਵਧਾਉਣ ਲੱਗੀ, ਐਸਜੀਪੀਸੀ ਵੱਲੋਂ ਵਿਰੋਧ

ਅੰਮ੍ਰਿਤਸਰ/ਬਿਊਰੋ ਨਿਊਜ਼ :

ਤਖ਼ਤ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਆਪਣੇ ਨਾਮਜ਼ਦ ਕੀਤੇ ਜਾਂਦੇ ਮੈਂਬਰਾਂ ਦੀ ਗਿਣਤੀ ਵਿਚ 6 ਹੋਰ ਮੈਂਬਰਾਂ ਦਾ ਵਾਧਾ ਕਰਨ ਲਈ ਆਰੰਭੀ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਐਕਟ 1956 ਵਿਚ ਤਬਦੀਲੀ ਕਰਕੇ 6 ਹੋਰ ਸਰਕਾਰੀ ਮੈਂਬਰਾਂ ਨੂੰ ਜਗ੍ਹਾ ਦੇਣ ਦਾ ਉਦੇਸ਼ ਪ੍ਰਬੰਧਕੀ ਬੋਰਡ ਨੂੰ ਸਰਕਾਰ ਵੱਲੋਂ ਆਪਣੇ ਹੱਥ ਵਿਚ ਲੈਣਾ ਹੈ ਤੇ ਸਰਕਾਰ ਦੀ ਇਸ ਮਨਸ਼ਾ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧ ਵਿਚ ਸਿੱਧਾ ਸਰਕਾਰੀ ਦਖ਼ਲ ਬਰਦਾਸ਼ਤਯੋਗ ਨਹੀਂ ਹੈ ਤੇ ਸਿੱਖ ਜਗਤ ਇਸ ਦਾ ਤਿੱਖਾ ਵਿਰੋਧ ਕਰੇਗਾ।